ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਚੰਨੀ ਦੀ ਸਰਕਾਰ ਨੂੰ ਅੱਜ 100 ਦਿਨ ਪੂਰੇ ਹੋ ਗਏ ਹਨ। ਇਸ ਮੌਕੇ ਉਨ੍ਹਾਂ ਨੇ ਮੀਡੀਆ ਦੇ ਰੂ-ਬ-ਰੂ ਹੁੰਦੇ ਹੋਏ ਇਨ੍ਹਾਂ 100 ਦਿਨਾਂ ‘ਚ ਕੀਤੇ ਕੰਮਾਂ ਬਾਰੇ ਗੱਲ ਕੀਤੀ। ਉਨ੍ਹਾਂ ਵੱਲੋਂ ਇਕ ਰਿਪੋਰਟ ਕਾਰਡ ਵੀ ਜਨਤਕ ਕੀਤਾ ਗਿਆ, ਜਿਸ ‘ਚ ਉਨ੍ਹਾਂ ਆਪਣੇ 100 ਦਿਨਾਂ ਦੇ ਕਾਰਜਕਾਲ ‘ਚ 100 ਮਸਲੇ ਹੱਲ ਕਰਨ ਦੀ ਗੱਲ ਕਹੀ ਹੈ। ਇਸ ਦੇ ਨਾਲ ਹੀ ਉਹ ਕੇਂਦਰ ਸਰਕਾਰ ਨੂੰ ਘੇਰਦੇ ਹੋਏ ਵੀ ਨਜ਼ਰ ਆਏ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਰਾਜਪਾਲ ਭਾਜਪਾ ਦੇ ਇਸ਼ਾਰਿਆਂ ‘ਤੇ ਕੰਮ ਕਰ ਰਿਹਾ ਹੈ। ਮੁੱਖ ਮੰਤਰੀ ਨੇ ਗੱਲ ਕਰਦਿਆਂ ਕਿਹਾ ਕਿ ਉਨ੍ਹਾਂ ਨੇ 36 ਹਜ਼ਾਰ ਠੇਕਾ ਮੁਲਾਜ਼ਮਾਂ ਨੂੰ ਪੱਕਾ ਕਰਨ ਲਈ ਕਾਨੂੰਨ ਬਣਾਇਆ ਸੀ ਪਰ ਰਾਜਪਾਲ ਨੇ ਫਾਇਲ ਰੋਕੀ ਹੋਈ ਹੈ। ਅੱਗੇ ਉਨ੍ਹਾਂ ਕਿਹਾ ਉਹ ਸੋਮਵਾਰ ਨੂੰ ਇਸ ਮਸਲੇ ‘ਤੇ ਸਾਰੇ ਮੰਤਰੀਆਂ ਨਾਲ ਮੁਲਾਕਾਤ ਕਰਨਗੇ ਅਤੇ ਕਿਹਾ ਕਿ ਜੇਕਰ ਰਾਜਪਾਲ ਵੱਲੋਂ ਫਾਈਲ ਕਲੀਅਰ ਨਾ ਕੀਤੀ ਗਈ ਤਾਂ ਧਰਨਾ ਵੀ ਦਿੱਤਾ ਜਾਵੇਗਾ।
ਸ੍ਰੀ ਹਰਿਮੰਦਰ ਸਾਹਿਬ ‘ਚ ਵਾਪਰੀ ਬੇਅਦਬੀ ਦੀ ਘਟਨਾ ਦੇ ਇਨਸਾਫ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਇਸ ਦੀ ਖੁਦ ਜਾਂਚ ਕਰਨਾ ਚਾਹੁੰਦੀ ਹੈ ਅਤੇ ਉਹ ਜਿਵੇਂ ਕਹਿਣਗੇ ਉਸੇ ਤਰ੍ਹਾਂ ਹੀ ਕੀਤਾ ਜਾਵੇਗਾ।