ਕੋਵਿਡ ਸਥਿਤੀ ਵਿੱਚ ਸੁਧਾਰ ਦੇ ਮੱਦੇਨਜ਼ਰ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪਾਬੰਦੀਆਂ ਵਿੱਚ ਢਿੱਲ ਦਿੰਦੇ ਹੋਏ ਅੰਦਰੂਨੀ ਇਕੱਠਾਂ ਲਈ ਰਾਜ ਵਿੱਚ ਵਿਅਕਤੀਆਂ ਦੀ ਗਿਣਤੀ 150 ਤੋਂ ਵਧਾ ਕੇ 300 ਅਤੇ ਬਾਹਰੀ ਇਕੱਠਾਂ ਲਈ 300 ਤੋਂ 500 ਕਰਨ ਦੇ ਆਦੇਸ਼ ਦਿੱਤੇ ਹਨ। ਕੋਵਿਡ ਸਥਿਤੀ ਦੀ ਸਮੀਖਿਆ ਕਰਦੇ ਹੋਏ, ਮੁੱਖ ਮੰਤਰੀ ਨੇ ਸਕੂਲ ਸਿੱਖਿਆ ਵਿਭਾਗ ਨੂੰ ਲੋੜੀਂਦੇ ਸਿਹਤ ਪ੍ਰੋਟੋਕੋਲ ਦੀ ਪਾਲਣਾ ਕਰਦਿਆਂ ਵਿਦਿਆਰਥੀਆਂ ਨੂੰ ਕਲਾਸਾਂ ਵਿੱਚ ਆਉਣ ਲਈ ਉਤਸ਼ਾਹਿਤ ਕਰਨ ਲਈ ਵੀ ਕਿਹਾ। ਇਸੇ ਤਰ੍ਹਾਂ ਉਨ੍ਹਾਂ ਨੇ ਆਂਗਣਵਾੜੀ ਕੇਂਦਰਾਂ ਨੂੰ ਮੁੜ ਖੋਲ੍ਹਣ ਲਈ ਵੀ ਕਿਹਾ।
ਉਨ੍ਹਾਂ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਆਗਾਮੀ ਤਿਉਹਾਰਾਂ ਦੇ ਮੱਦੇਨਜ਼ਰ ਕੋਵਿਡ ਨਾਲ ਸਬੰਧਤ ਟੈਸਟ ਕਰਨ ਦੀ ਸਮਰੱਥਾ ਨੂੰ ਪ੍ਰਤੀ ਦਿਨ 50000 ਕਰਨ ਦੇ ਆਦੇਸ਼ ਦਿੱਤੇ। ਪ੍ਰਮੁੱਖ ਸਕੱਤਰ ਸਿਹਤ ਅਤੇ ਪਰਿਵਾਰ ਭਲਾਈ ਆਲੋਕ ਸ਼ੇਖਰ ਨੇ ਦੱਸਿਆ ਕਿ ਪਿਛਲੇ ਇੱਕ ਹਫ਼ਤੇ ਦੌਰਾਨ ਰਾਜ ਵਿੱਚ ਕੁੱਲ 232 ਕੋਵਿਡ ਮਾਮਲੇ ਸਾਹਮਣੇ ਆਏ ਹਨ, ਜੋ ਕਿ ਪ੍ਰਤੀ ਦਿਨ 33 ਮਾਮਲੇ ਹਨ।