ਖੁਸ਼ਹਾਲ ਅਤੇ ਮਜ਼ਬੂਤ ਪੰਜਾਬ ਨੂੰ ਯਕੀਨੀ ਬਣਾਉਣ ਦੇ ਆਪਣੇ ਏਜੰਡੇ ਦੀ ਰੂਪ ਰੇਖਾ ਉਲੀਕਦੇ ਹੋਏ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਐਤਵਾਰ ਨੂੰ ਸੂਬੇ ਭਰ ਵਿੱਚ ‘ਮਿਸ਼ਨ ਕਲੀਨ’ ਨੂੰ ਲਾਗੂ ਕਰਨ ਦਾ ਐਲਾਨ ਕੀਤਾ। ਸਾਰੇ ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਉਨ੍ਹਾਂ ਨੂੰ ਰੇਤ ਦੀ ਖੁਦਾਈ ਅਤੇ ਸ਼ਰਾਬ ਨਾਲ ਸਬੰਧਤ ਗੈਰ-ਕਾਨੂੰਨੀ ਗਤੀਵਿਧੀਆਂ ਵਿੱਚ ਸ਼ਾਮਲ ਬੇਈਮਾਨ ਅਨਸਰਾਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੇ ਨਾਲ-ਨਾਲ ਨਸ਼ਿਆਂ ਦੇ ਵਪਾਰ ਅਤੇ ਭ੍ਰਿਸ਼ਟ ਕੰਮਾਂ ਪ੍ਰਤੀ ਜ਼ੀਰੋ ਟੋਲਰੈਂਸ ਅਪਣਾਉਣ ਦੇ ਹੁਕਮ ਦਿੱਤੇ ਹਨ।
ਚੰਨੀ ਨੇ ਕਿਹਾ, “ਤਿਉਹਾਰਾਂ ਦੇ ਸੀਜ਼ਨ ਦੇ ਮੱਦੇਨਜ਼ਰ ਦੁਕਾਨਦਾਰਾਂ ਨੂੰ ਪਟਾਕੇ ਅਤੇ ਖਾਣ-ਪੀਣ ਦਾ ਸਮਾਨ ਵੇਚਣ ਲਈ ਹਰ ਸੰਭਵ ਤਰੀਕੇ ਨਾਲ ਸਹੂਲਤ ਦਿੱਤੀ ਜਾਵੇ।ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਭਰ ਵਿੱਚ ਰੇਤੇ ਦੇ ਰੇਟ 9 ਰੁਪਏ ਤੈਅ ਕੀਤੇ ਗਏ ਹਨ ਅਤੇ ਇਸ ਦੀ ਸਖ਼ਤੀ ਨਾਲ ਪਾਲਣਾ ਕੀਤੀ ਜਾਵੇ। ਸਾਰੇ ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਰੇਤ ਦੀ ਗੈਰ ਕਾਨੂੰਨੀ ਮਾਈਨਿੰਗ ‘ਤੇ ਸਖ਼ਤੀ ਨਾਲ ਧਿਆਨ ਕੇਂਦਰਿਤ ਕਰਨਾ ਯਕੀਨੀ ਬਣਾਇਆ ਜਾਵੇ।
ਮੁੱਖ ਮੰਤਰੀ ਨੇ ਕਿਹਾ ਕਿ ਇਸ ਤੋਂ ਇਲਾਵਾ ਟਰਾਂਸਪੋਰਟ ਨਾਲ ਜੁੜੇ ਲੋਕ ਵਾਧੂ ਖਰਚੇ ਨਾ ਦੇਣ, ਇਸ ਸਬੰਧ ਵਿੱਚ ਕਿਸੇ ਵੀ ਤਰ੍ਹਾਂ ਦੀ ਢਿੱਲ ਨੂੰ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਪਿੰਡਾਂ ਦੇ ਵਿਕਾਸ ਕਾਰਜਾਂ ਵਿੱਚ ਵਰਤੀ ਜਾਂਦੀ ਰੇਤਾ-ਬੱਜਰੀ ਨੂੰ ਲੈਵਲ ਕਰਨ ਲਈ ਪੰਚਾਇਤਾਂ ਤੋਂ ਕੋਈ ਫੀਸ ਨਹੀਂ ਲਈ ਜਾਵੇ।