ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅੱਜ ਜਲੰਧਰ ਦੀ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ‘ਚ ਪਹੁੰਚੇ ਅਤੇ ਇਸ ਦੌਰਾਨ ਉਨ੍ਹਾਂ ਪੰਜਾਬ ਦੇ ਨੌਜਵਾਨਾਂ ਲਈ ਕਈ ਵੱਡੇ ਐਲਾਨ ਵੀ ਕੀਤੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਸਬੰਧੀ ਕਾਨੂੰਨ ਬਣਾਏਗੀ। ਉਨ੍ਹਾਂ ਕਿਹਾ ਕਿ ਅੱਜ ਹੋਣ ਵਾਲੀ ਕੈਬਨਿਟ ਮੀਟਿੰਗ ਵਿੱਚ ਇਹ ਬਿੱਲ ਪਾਸ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਇੱਕ ਸਾਲ ਵਿੱਚ ਇੱਕ ਲੱਖ ਨੌਕਰੀਆਂ ਦਿੱਤੀਆਂ ਜਾਣਗੀਆਂ ਅਤੇ ਇਸਦੇ ਨਾਲ ਹੀ ਪੰਜਾਬ ਸਰਕਾਰ ਵੱਲੋਂ ਆਈਲੈਟਸ ਦਾ ਕੋਰਸ ਮੁਫ਼ਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਕੋਈ ਵੀ ਵੱਡਾ ਕੋਰਸ ਕਰਨ ਲਈ ਮੁਫ਼ਤ ਕੋਚਿੰਗ ਵੀ ਦਿੱਤੀ ਜਾਵੇਗੀ।
ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਨੌਜਵਾਨਾਂ ਵਿੱਚ ਵਿਦੇਸ਼ ਜਾ ਕੇ ਪੜ੍ਹਾਈ ਕਰਨ ਦਾ ਕਾਫੀ ਉਤਸ਼ਾਹ ਪਾਇਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਏਜੰਟਾਂ ਵੱਲੋਂ ਕੀਤੀ ਜਾ ਰਹੀ ਲੁੱਟ ਨੂੰ ਰੋਕਣ ਲਈ ਪੰਜਾਬ ਸਰਕਾਰ ਹੁਣ ਉਨ੍ਹਾਂ ਨੂੰ ਹੀ ਏਜੰਟ ਬਣਾ ਕੇ ਵਿਦੇਸ਼ ਭੇਜੇਗੀ। ਨੌਜਵਾਨਾਂ ਨੂੰ ਵਿਦੇਸ਼ਾਂ ਵਿੱਚ ਪੜ੍ਹਾਈ ਲਈ ਵਿਆਜ ਮੁਕਤ ਕਰਜ਼ੇ ਵੀ ਦਿੱਤੇ ਜਾਣਗੇ। ਇਸ ਦੌਰਾਨ ਐਲ.ਪੀ.ਯੂ ‘ਚ ਮੁੱਖ ਮੰਤਰੀ ਚੰਨੀ ਨੇ ਵਿਦਿਆਰਥੀਆਂ ਨਾਲ ਭੰਗੜਾ ਪਾਇਆ ਅਤੇ ਤਸਵੀਰਾਂ ਖਿਚਵਾਈਆਂ। ਇਸ ਦੌਰਾਨ ਵਿਦਿਆਰਥੀਆਂ ਵਿੱਚ ਵੀ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ।