ਲੋਕ ਸਭਾ ਸੰਗਰੂਰ ਜ਼ਿਮਨੀ ਚੋਣ ਲਈ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੇਲ ਸਿੰਘ ਘਰਾਚੋਂ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸੰਗਰੂਰ ਵਿਖੇ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਹਨ। ਉਨ੍ਹਾਂ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸੀ.ਐਮ. ਮਾਨ ਦੇ ਮਾਤਾ ਤੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੀ ਸੰਗਰੂਰ ਵਿਖੇ ਪਹੁੰਚੇ।
ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਹਰਪਾਲ ਚੀਮਾ ਨੇ ਕਿਹਾ ਕਿ ਅਸੀਂ ਸੰਗਰੂਰ ਜ਼ਿਮਨੀ ਚੋਣ ਲਈ ਇੱਕ ਆਮ ਘਰ ਦੇ ਨੌਜਵਾਨ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਹੈ, ਜਿਸ ਤਰ੍ਹਾਂ ਆਮ ਆਦਮੀ ਪਾਰਟੀ ਨੇ ਐਲਾਨ ਕੀਤਾ ਸੀ ਕਿ ਅਸੀਂ ਆਮ ਲੋਕਾਂ ਨੂੰ ਮੌਕਾ ਦੇਵਾਂਗੇ, ਉਸੇ ਤਰ੍ਹਾਂ ਅੱਜ ਅਸੀਂ ਗੁਰਮੇਲ ਸਿੰਘ ਨੂੰ ਮੌਕਾ ਦਿੱਤਾ ਹੈ, ਉਹ ਲੋਕ ਸਭਾ ਚੋਣਾਂ ਲਈ ਸੰਗਰੂਰ ਤੋਂ ਚੋਣ ਮੈਦਾਨ ਵਿੱਚ ਹਨ।
ਅੱਜ ਸਾਡੇ ਸੰਗਰੂਰ ਜ਼ਿਲ੍ਹੇ ਦੇ ਨੌਜਵਾਨ ਵਲੰਟੀਅਰ ਸ. ਗੁਰਮੇਲ ਸਿੰਘ ਦਾ ਨਾਮਜ਼ਦਗੀ ਪੱਤਰ ਦਾਖਲ ਕਰਵਾਇਆ..ਉਮੀਦ ਹੈ ਸੰਗਰੂਰ ਦੇ ਲੋਕ ਯਕੀਨਨ ਸਾਨੂੰ ਇਸ ਵਾਰ ਵੀ ਪਹਿਲਾ ਵਾਂਗ ਪਿਆਰ ਦੇਣਗੇ pic.twitter.com/lQatxdteVU
— Bhagwant Mann (@BhagwantMann) June 4, 2022
ਉਨ੍ਹਾਂ ਕਿਹਾ ਕਿ ਗੁਰਮੇਲ ਸਿੰਘ ਇਕ ਪੜ੍ਹਿਆ-ਲਿਖਿਆ ਨੌਜਵਾਨ ਹੈ। ਜਿਸ ਤਰ੍ਹਾਂ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੇ ਪੰਜਾਬ ਵਿੱਚ ਵੱਡੀ ਜਿੱਤ ਪ੍ਰਾਪਤ ਕੀਤੀ ਸੀ, ਉਸੇ ਤਰ੍ਹਾਂ ਸੰਗਰੂਰ ਲੋਕ ਸਭਾ ਸੀਟ ਵੀ ਆਮ ਆਦਮੀ ਪਾਰਟੀ ਹੀ ਜਿੱਤੇਗੀ।
ਉਨ੍ਹਾਂ ਕਿਹਾ ਕਿ ਗੁਰਮੇਲ ਸਿੰਘ ਇਕ ਪਿੰਡ ਦਾ ਸਰਪੰਚ ਜਦੋਂ ਦੇਸ਼ ਦੀ ਪਾਰਲੀਮੈਂਟ ਵਿੱਚ ਜਾ ਕੇ ਬੋਲੇਗਾ ਤਾਂ ਉਹ ਵੱਡੀ ਗੱਲ ਹੋਵੇਗੀ।
ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਨੂੰ ਸੰਗਰੂਰ ਤੋਂ ਲੋਕ ਸਭਾ ਸੀਟ ਲਈ ਕੋਈ ਉਮੀਦਵਾਰ ਨਹੀਂ ਮਿਲ ਰਿਹਾ, ਜੋ ਵੀ ਗੁਰਮੇਲ ਦੇ ਸਾਹਮਣੇ ਖੜ੍ਹਾ ਹੋ ਸਕੇ, ਗੁਰਮੇਲ ਸਿੰਘ ਭਾਰੀ ਬਹੁਮਤ ਨਾਲ ਜਿੱਤੇਗਾ।