ਕੋਰੋਨਾ ਮਹਾਮਾਰੀ ਦੀ ਸਥਿਤੀ ਨੂੰ ਦੇਖਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਨੂੰ ਅਪੀਲ ਕੀਤੀ ਗਈ ਕਿ ਉਹ ਪਟਿਆਲਾ ‘ਚ ਧਰਨਾ ਦੇਣ ਲਈ ਅੱਗੇ ਨਾ ਵਧਣਕਿਉਂਕਿ ਇਸ ਤਰਾਂ ਹੋਣ ਨਾਲ ਵੱਡੇ ਪੱਧਰ ਤੇ ਕੋਰੋਨਾ ਫੈਲਣ ਦਾ ਡਰ ਹੈ |
ਮੁੱਖ ਮੰਤਰੀ ਨੇ ਕਿਹਾ ਕਿ ਉਨਾਂ ਦੀ ਸਰਕਾਰ ਨੇ ਪੰਜਾਬ ਦੀ ਹਾਲਤ ਦਿੱਲੀ, ਮਹਾਰਾਸ਼ਟਰ ਵਰਗੇ ਸੂਬਿਆਂ ਵਰਗੀ ਹੋਣ ਤੋਂ ਰੋਕਣ ਵਿਚ ਸਖਤ ਲੜਾਈ ਲੜੀ ਹੈ ਅਤੇ ਇੱਥੋਂ ਤੱਕ ਕਿ ਉੱਤਰ ਪ੍ਰਦੇਸ਼ ਜਿੱਥੇ ਗੰਗਾ ਨਦੀ ਵਿਚ ਤੈਰਦੀਆਂ ਲਾਸ਼ਾਂ ਨੇ ਭਾਜਪਾ ਦੀ ਸੱਤਾ ਵਾਲੇ ਸੂਬੇ ਦੀ ਇਸ ਮਹਾਮਾਰੀ ਨਾਲ ਨਜਿੱਠਣ ਵਿਚ ਦੁਰਪ੍ਰਬੰਧਾਂ ਦਾ ਪਰਦਾਫਾਸ਼ ਕਰਕੇ ਰੱਖ ਦਿੱਤਾ। ਉਨਾਂ ਕਿਹਾ ਕਿ ਪਟਿਆਲਾ ਵਿਚ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਦੇ ਤਿੰਨ ਦਿਨਾ ਪ੍ਰਸਤਾਵਿਤ ਧਰਨੇ ਵਰਗੀ ਕੋਈ ਵੀ ਗਤੀਵਿਧੀ ਸੂਬੇ ਵਿਚ ਕੋਵਿਡ ਨਾਲ ਨਿਪਟਣ ਲਈ ਉਨਾਂ ਦੀ ਸਰਕਾਰ ਵੱਲੋਂ ਹੁਣ ਤੱਕ ਕੀਤੀਆਂ ਕੋਸ਼ਿਸ਼ਾਂ ਉਤੇ ਪਾਣੀ ਫੇਰ ਸਕਦੀ ਹੈ।
ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨ ਜਥੇਬੰਦੀ ਨੂੰ ਮਹਾਮਾਰੀ ਦੇ ਸਮੇਂ ਖਾਸ ਕਰਕੇ ਜਦੋਂ ਸੂਬੇ ਵਿਚ ਸਾਰੇ ਇਕੱਠਾਂ ਉਤੇ ਮੁਕੰਮਲ ਪਾਬੰਦੀ ਹੋਵੇ, ਤਾਂ ਇਸ ਦੌਰ ਵਿਚ ਅਜਿਹੇ ਲਾਪਰਵਾਹੀ ਵਾਲੇ ਰਵੱਈਏ ਨਾਲ ਗੈਰ-ਜਿੰਮੇਵਾਰੀ ਵਾਲਾ ਕੰਮ ਨਾ ਕਰਨ ਅਤੇ ਲੋਕਾਂ ਦੀਆਂ ਜਿੰਦਗੀਆਂ ਖਤਰੇ ਵਿਚ ਨਾ ਪਾਉਣ ਦੀ ਅਪੀਲ ਕੀਤੀ ਹੈ। ਉਨਾਂ ਕਿਹਾ ਕਿ ਪਾਬੰਦੀ ਦੀ ਕੋਈ ਵੀ ਉਲੰਘਣਾ ਪੰਜਾਬ ਅਤੇ ਇੱਥੋਂ ਦੇ ਲੋਕਾਂ ਦੇ ਹਿੱਤਾਂ ਲਈ ਬਹੁਤ ਹੀ ਘਾਤਕ ਸਿੱਧ ਹੋਵੇਗੀ। ਉਨਾਂ ਕਿਹਾ ਕਿ ਅਜਿਹੇ ਧਰਨੇ ਵਿਚ ਮੁੱਖ ਤੌਰ ਉਤੇ ਪਿੰਡਾਂ ਦੇ ਲੋਕ ਸ਼ਾਮਲ ਹੋਣਗੇ ਜਦਕਿ ਪਿੰਡ ਮਹਾਮਾਰੀ ਦੀ ਦੂਜੀ ਲਹਿਰ ਦੌਰਾਨ ਕਿਸੇ ਨਾ ਕਿਸੇ ਹਾਲਤ ਵਿਚ ਸੰਕਟ ਵਿੱਚੋਂ ਗੁਜਰ ਰਹੇ ਹਨ।ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕਿਸਾਨ ਜਥੇਬੰਦੀ ਦਾ ਇਹ ਕਦਮ ਕੇਂਦਰ ਸਰਕਾਰ ਦੇ ਕਾਲੇ ਖੇਤੀ ਕਾਨੂੰਨਾਂ ਦੇ ਮੁੱਦੇ ਉਤੇ ਇਨਾਂ ਮਹੀਨਿਆਂ ਦੌਰਾਨ ਸੰਘਰਸ਼ਸ਼ੀਲ ਕਿਸਾਨਾਂ ਨਾਲ ਸੂਬਾ ਸਰਕਾਰ ਦੇ ਡਟਵੇਂ ਸਹਿਯੋਗ ਨੂੰ ਵਿਚਾਰਦੇ ਹੋਏ ਪੂਰੀ ਤਰਾਂ ਅਣਉਚਿਤ ਕਿਹਾ ਜਾ ਸਕਦਾ ਹੈ। ਉਨਾਂ ਕਿਹਾ ਕਿ ਸਭ ਤੋਂ ਪਹਿਲਾਂ ਉਨਾਂ ਦੀ ਸਰਕਾਰ ਨੇ ਕੇਂਦਰ ਦੇ ਖੇਤੀ ਕਾਨੂੰਨਾਂ ਦੀ ਮੁਖਾਲਫਤ ਕਰਦੇ ਹੋਏ ਸੂਬੇ ਦੀ ਵਿਧਾਨ ਸਭਾ ਵਿਚ ਸੋਧ ਕਾਨੂੰਨ ਪਾਸ ਕੀਤੇ ਸਨ। ਉਨਾਂ ਕਿਹਾ, “ਹੁਣ ਸਮਾਂ ਕਿਸਾਨਾਂ ਵੱਲੋਂ ਬਦਲੇ ਵਿਚ ਮਹਾਮਾਰੀ ਵਿਰੁੱਧ ਲੜਾਈ ਵਿਚ ਸੂਬਾ ਸਰਕਾਰ ਨਾਲ ਸਹਿਯੋਗ ਕਰਨ ਦਾ ਹੈ।” ਉਨਾਂ ਅੱਗੇ ਕਿਹਾ ਕਿ ਜਿਵੇਂ ਕਿਸਾਨਾਂ ਦੇ ਹਿੱਤ ਪੰਜਾਬ ਨਾਲ ਜੁੜੇ ਹੋਏ ਹਨ, ਉਸੇ ਤਰਾਂ ਪੰਜਾਬ ਦੇ ਹਿੱਤ ਵੀ ਕੋਵਿਡ ਖਿਲਾਫ ਲੜਾਈ ਵਿਚ ਉਨਾਂ ਦੀ ਸਰਕਾਰ ਨੂੰ ਕਿਸਾਨ ਦੇ ਸਹਿਯੋਗ ਕਰਨ ਉਤੇ ਨਿਰਭਰ ਹਨ।ਮੁੱਖ ਮੰਤਰੀ ਨੇ ਇਸ ਗੱਲ ਵੱਲ ਧਿਆਨ ਦਵਾਇਆ ਕਿ ਪੰਜਾਬ ਵਿਚ ਕੋਵਿਡ ਦੀ ਦੂਜੀ ਲਹਿਰ ਦੇ ਸਿਖਰ ਦੌਰਾਨ ਵੀ ਹਾਲਾਤ ਕਾਬੂ ਤੋਂ ਬਾਹਰ ਨਹੀਂ ਹੋਏ ਜਿਵੇਂ ਕਿ ਕੁਝ ਦੂਜੇ ਸੂਬਿਆਂ ਵਿਚ ਵਾਪਰਿਆ ਹੈ। ਉਨਾਂ ਕਿਹਾ ਕਿ ਕੋਵਿਡ ਮਹਾਮਾਰੀ ਦੇ ਪ੍ਰਬੰਧਨ ਦੇ ਸਬੰਧ ਵਿੱਚ ਹੁਣ ਤੱਕ ਸੂਬਾ ਬਿਹਤਰ ਕਾਰਗੁਜਾਰੀ ਦਿਖਾਉਣ ਵਾਲਿਆਂ ਵਿੱਚੋਂ ਇਕ ਹੈ। ਉਨਾਂ ਕਿਹਾ ਕਿ ਆਕਸਜੀਨ ਦੀ ਸਪਲਾਈ ਦੀ ਘਾਟ ਦੇ ਬਾਵਜੂਦ ਹਸਪਤਾਲਾਂ ਵਿਚ ਆਕਸੀਜਨ ਦੀ ਵੱਡੀ ਪੱਧਰ ਉਤੇ ਕੋਈ ਕਮੀ ਨਹੀਂ ਹੋਈ ਕਿਉਂਕਿ ਸੂਬਾ ਸਰਕਾਰ ਨੇ ਇਸ ਅਹਿਮ ਵਸਤ ਦਾ ਉਚਿਤ ਪ੍ਰੰਬਧਨ ਯਕੀਨੀ ਬਣਾਇਆ। ਉਨਾਂ ਅੱਗੇ ਕਿਹਾ ਕਿ ਕੇਸ ਵਧਣ ਦੇ ਦੌਰਾਨ ਦਵਾਈਆਂ, ਬੈੱਡ ਆਦਿ ਨੂੰ ਉਸੇ ਗਤੀ ਵਿਚ ਵਧਾਇਆ ਜਾਂਦਾ ਰਿਹਾ ਹੈ। ਉਨਾਂ ਕਿਹਾ ਕਿ ਇਹ ਉਪਰਾਲੇ ਦਿੱਲੀ, ਮਹਾਰਾਸ਼ਟਰ, ਉੱਤਰ ਪ੍ਰਦੇਸ਼ ਵਰਗੇ ਸੂਬਿਆਂ ਤੋਂ ਬਿਲਕੁਲ ਉਲਟ ਹੈ।ਕੈਪਟਨ ਅਮਰਿੰਦਰ ਸਿੰਘ ਨੇ ਮਹਾਮਾਰੀ ਨੂੰ ਪ੍ਰਭਾਵੀ ਢੰਗ ਨਾਲ ਨਿਪਟਣ ਵਿਚ ਉਨਾਂ ਦੀ ਸਰਕਾਰ ਦੇ ਨਾਕਾਮ ਰਹਿਣ ਦੇ ਲਾਏ ਸਾਰੇ ਦੋਸ਼ ਖਾਰਜ ਕਰਦੇ ਹੋਏ ਕਿਹਾ ਕਿ ਪੰਜਾਬ ਇਸ ਵੇਲੇ ਸਿਰਫ ਵੈਕਸੀਨ ਦੀ ਘਾਟ ਦੀ ਗੰਭੀਰ ਸਮੱਸਿਆ ਵਿੱਚੋਂ ਲੰਘ ਰਿਹਾ ਹੈ ਅਤੇ ਇਹ ਵੀ ਸੂਬਾ ਸਰਕਾਰ ਦੀ ਦੁਰਪ੍ਰੰਬਧਾਂ ਕਰਕੇ ਨਹੀਂ ਸਗੋਂ ਕੇਂਦਰ ਸਰਕਾਰ ਕਰਕੇ ਇਹ ਨੌਬਤ ਬਣੀ ਹੋਈ ਹੈ।