Punjab Police gets Emergency Vehicles: ਅਪਰਾਧ ਨਾਲ ਨਜਿੱਠਣ ਲਈ ਪੰਜਾਬ ਪੁਲਿਸ ਨੂੰ ਵਧੇਰੇ ਪ੍ਰਭਾਵੀ, ਤੁਰੰਤ ਅਤੇ ਜਵਾਬਦੇਹ ਬਣਾਉਣ ਦੇ ਮੰਤਵ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ ਨੂੰ 98 ਐਮਰਜੈਂਸੀ ਰਿਸਪਾਂਸ ਵਹੀਕਲਜ਼ (ਈ.ਆਰ.ਵੀਜ਼) ਦੇ ਫਲੀਟ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਤਾਂ ਜੋ ਮੁਸ਼ਕਲਾਂ ਵਿੱਚ ਫਸੇ ਵਿਅਕਤੀਆਂ ਨੂੰ ਲੋੜੀਂਦੀਆਂ ਐਮਰਜੈਂਸੀ ਸੇਵਾਵਾਂ ਐਮਰਜੈਂਸੀ ਰਿਸਪਾਂਸ ਸਪੋਰਟ ਸਿਸਟਮ ਜਾਂ ਡਾਇਲ 112 ਉਤੇ ਕਾਲ ਪ੍ਰਾਪਤ ਕਰਨ ਤੋਂ ਬਾਅਦ ਸਮਾਂਬੱਧ ਢੰਗ ਮੁਹੱਈਆ ਕੀਤੀਆਂ ਜਾ ਸਕਣ।
ਮੁੱਖ ਮੰਤਰੀ ਨੇ ਈਆਰਵੀਜ਼ ਹਰੀ ਝੰਡੀ ਦਿਖਾ ਕੇ ਰਵਾਨਾ ਕਰਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਇਸ ਨੂੰ ਕਿਸੇ ਵੀ ਤਰ੍ਹਾਂ ਦੇ ਐਮਰਜੈਂਸੀ ਹਾਲਾਤ ਵਿੱਚ ਲੋਕਾਂ ਦੀ ਮਦਦ ਕਰਨ ਲਈ ਇਤਿਹਾਸਕ ਪਹਿਲਕਦਮੀ ਦੱਸਿਆ। ਉਨ੍ਹਾਂ ਕਿਹਾ ਕਿ ਮੋਬਾਈਲ ਡੇਟਾ ਟਰਮੀਨਲਜ਼ (ਐੱਮ.ਡੀ.ਟੀ.) ਅਤੇ ਗਲੋਬਲ ਪੁਜੀਸ਼ਨਿੰਗ ਸਿਸਟਮ (ਜੀ.ਪੀ.ਐੱਸ.) ਨਾਲ ਲੈਸ ਇਹ ਈ.ਆਰ.ਵੀਜ਼ ਕਿਸੇ ਵੀ ਅਪਰਾਧਿਕ ਘਟਨਾ ਮੌਕੇ ਤੁਰੰਤ ਮੌਕੇ ‘ਤੇ ਪਹੁੰਚਣਗੇ ਅਤੇ ਇਹ ਸੂਬੇ ਦੇ ਸਾਰੇ 28 ਪੁਲਿਸ ਜ਼ਿਲ੍ਹਿਆਂ ਦੇ ਥਾਣਿਆਂ ਅਧੀਨ ਤਾਇਨਾਤ ਕੀਤੇ ਜਾਣਗੇ। ਭਗਵੰਤ ਮਾਨ ਨੇ ਈ.ਆਰ.ਵੀਜ਼. ਦੀ ਸ਼ੁਰੂਆਤ ਨੂੰ ਲੋਕਾਂ ਦੀ ਸਹੂਲਤ ਲਈ ਪੁਲਿਸ ਦੇ ਆਧੁਨਿਕੀਕਰਨ ਵੱਲ ਵੱਡਾ ਕਦਮ ਕਰਾਰ ਦਿੱਤਾ।
ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੀੜਤ ਵਿਅਕਤੀਆਂ ਦੀਆਂ ਸ਼ਿਕਾਇਤਾਂ ਨੂੰ ਹੱਥੀਂ ਨੋਟ ਕਰਨ ਅਤੇ ਫਿਰ 20-25 ਮਿੰਟ ਦੇ ਸਮੇਂ ਵਿੱਚ ਇਸ ‘ਤੇ ਕਾਰਵਾਈ ਕਰਨ ਦੀ ਪੁਰਾਣੀ ਪ੍ਰਣਾਲੀ ਦੇ ਉਲਟ ਇਹ ਈ.ਆਰ.ਵੀਜ਼. ਮੌਕੇ ‘ਤੇ ਕਾਰਵਾਈ ਕਰਕੇ ਸ਼ਿਕਾਇਤਕਰਤਾ ਦੀ ਤੁਰੰਤ ਮਦਦ ਕਰਨਗੇ। ਉਨ੍ਹਾਂ ਕਿਹਾ ਕਿ ਈ.ਆਰ.ਵੀਜ਼. ਨੂੰ ਪਬਲਿਕ ਸੇਫਟੀ ਆਂਸਰਿੰਗ ਪੁਆਇੰਟ (ਪੀ.ਐਸ.ਏ.ਪੀ.)- ਡਾਇਲ 112 ਦੇ ਕੇਂਦਰੀਕ੍ਰਿਤ ਕਾਲ ਰਿਸੀਵਿੰਗ ਸੈਂਟਰ ਅਤੇ ਐਮ.ਡੀ.ਟੀਜ਼. ਦੀ ਮਦਦ ਨਾਲ ਜ਼ਿਲ੍ਹਾ ਕੋਆਰਡੀਨੇਸ਼ਨ ਸੈਂਟਰ (ਡੀ.ਸੀ.ਸੀ.) ਨਾਲ ਜੋੜਿਆ ਜਾਵੇਗਾ। ਇਸ ਤੋਂ ਇਲਾਵਾ ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਐਮਰਜੈਂਸੀ ਰਿਸਪਾਂਸ ਵਾਹਨਾਂ ਦੀ ਲਾਈਵ ਲੋਕੇਸ਼ਨ ਡਾਇਲ 112 ਕੰਟਰੋਲ ਰੂਮ (ਪੀ.ਐਸ.ਏ.ਪੀ.) ਅਤੇ ਜ਼ਿਲ੍ਹਾ ਕੋਆਰਡੀਨੇਟਰ ਸੈਂਟਰ ਵਿਖੇ ਮੋਬਾਈਲ ਡੇਟਾ ਟਰਮੀਨਲ ਡਿਵਾਈਸਾਂ ਦੀ ਮਦਦ ਨਾਲ ਉਪਲਬਧ ਹੋਵੇਗੀ, ਜਿਸ ਨਾਲ ਲੋਕਾਂ ਦੀ ਸਮਾਂਬੱਧ ਢੰਗ ਨਾਲ ਮਦਦ ਯਕੀਨੀ ਹੋਵੇਗੀ।
ਅੱਜ ਪੰਜਾਬ ਪੁਲਿਸ ਨੂੰ 98 ਨਵੀਆਂ ਤੇ ਹਾਈਟੈਕ ਗੱਡੀਆਂ ਸਮੇਤ ਆਧੁਨਿਕ ਉਪਕਰਨਾਂ ਦੀ ਵਰਤੋਂ ਲਈ ਹਰੀ ਝੰਡੀ ਦਿੱਤੀ…ਪੰਜਾਬ ਪੁਲਿਸ ਦੇ ਜਵਾਨਾਂ ਦਾ ਮਨੋਬਲ ਵਧਾਇਆ ਤੇ ਨਾਲ ਹੀ DGP ਸਾਬ੍ਹ ਨੂੰ ਸਰਕਾਰ ਵੱਲੋਂ ਹਰ ਸਹਿਯੋਗ ਦਾ ਭਰੋਸਾ ਦਿੱਤਾ…
ਪੰਜਾਬ ਤੇ ਪੰਜਾਬੀਆਂ ਦੀ ਹਿਫ਼ਾਜਤ ਸਾਡੀ ਸਰਕਾਰ ਦੀ ਜ਼ਿੰਮੇਵਾਰੀ ਹੈ ਜਿਸ ਲਈ ਪੰਜਾਬ ਪੁਲਿਸ ਵਚਨਬੱਧ… pic.twitter.com/73A3nKmWJP— Bhagwant Mann (@BhagwantMann) May 23, 2023
ਉਨ੍ਹਾਂ ਕਿਹਾ ਕਿ ਸਰਹੱਦੀ ਸੂਬਾ ਹੋਣ ਕਰਕੇ ਪੰਜਾਬ ਦੀਆਂ ਦੁਸ਼ਮਣ ਤਾਕਤਾਂ ਸੂਬੇ ਦੀ ਸ਼ਾਂਤੀ ਨੂੰ ਭੰਗ ਕਰਨ ਦੇ ਨਾਪਾਕ ਮਨਸੂਬੇ ਘੜ ਰਹੀਆਂ ਹਨ ਪਰ ਪੰਜਾਬ ਪੁਲਿਸ ਨੇ ਹਮੇਸ਼ਾ ਅਜਿਹੀਆਂ ਕੋਸ਼ਿਸ਼ਾਂ ਨੂੰ ਨਾਕਾਮ ਕੀਤਾ ਹੈ। ਉਨ੍ਹਾਂ ਕਿਹਾ ਕਿ ਸੂਬੇ ਨੂੰ ਦਰਪੇਸ਼ ਵੱਡੀਆਂ ਚੁਣੌਤੀਆਂ ‘ਤੇ ਕਾਬੂ ਪਾਉਣ ਲਈ ਇਹ ਜ਼ਰੂਰੀ ਹੈ ਕਿ ਪੁਲਿਸ ਫੋਰਸ ਦਾ ਜਾਂਚ, ਵਿਗਿਆਨ ਅਤੇ ਤਕਨਾਲੋਜੀ ਦੇ ਖੇਤਰ ਵਿੱਚ ਆਧੁਨਿਕ ਲੋੜਾਂ ਅਨੁਸਾਰ ਨਵੀਨੀਕਰਨ ਕੀਤਾ ਜਾਵੇ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ, ਪੁਲਿਸ ਨੂੰ ਵਿਗਿਆਨਕ ਲੀਹਾਂ ‘ਤੇ ਅਪਗ੍ਰੇਡ ਅਤੇ ਆਧੁਨਿਕ ਬਣਾਉਣ ਲਈ ਵਚਨਬੱਧ ਹੈ।
ਸੀਐਮ ਮਾਨ ਨੇ ਦੁਹਰਾਇਆ ਕਿ ਪੰਜਾਬ ਜਲਦੀ ਹੀ ਸੂਬੇ ਦੀ ਪੁਲਿਸ ਨੂੰ ਆਧੁਨਿਕ ਲੀਹਾਂ ‘ਤੇ ਅਪਡੇਟ ਕਰਨ ਲਈ ਬਹੁ-ਰਾਸ਼ਟਰੀ ਕੰਪਨੀ ਗੂਗਲ ਨਾਲ ਹੱਥ ਮਿਲਾਏਗਾ। ਉਨ੍ਹਾਂ ਕਿਹਾ ਕਿ ਇਸ ਸਬੰਧੀ ਇਕ ਵਿਆਪਕ ਖਾਕਾ ਤਿਆਰ ਕਰ ਲਿਆ ਗਿਆ ਹੈ ਅਤੇ ਰਸਮੀ ਸਮਝੌਤੇ ‘ਤੇ ਜਲਦੀ ਹੀ ਦਸਤਖ਼ਤ ਕੀਤੇ ਜਾਣਗੇ। ਭਗਵੰਤ ਮਾਨ ਨੇ ਕਿਹਾ ਕਿ ਇਹ ਸੂਬੇ ਵਿੱਚ ਕਿਸੇ ਵੀ ਤਰ੍ਹਾਂ ਦੀ ਅਣਸੁਖਾਵੀਂ ਚੁਣੌਤੀ ਨਾਲ ਨਜਿੱਠਣ ਲਈ ਪੰਜਾਬ ਪੁਲਿਸ ਦੀ ਕੁਸ਼ਲਤਾ ਨੂੰ ਵਧਾਉਣ ਵਿੱਚ ਮਦਦ ਕਰੇਗਾ।
ਭਗਵੰਤ ਮਾਨ ਨੇ ਅੱਗੇ ਕਿਹਾ ਕਿ ਪੰਜਾਬ ਪੁਲਿਸ ਦੀ ਸੰਚਾਰ ਪ੍ਰਣਾਲੀ ਨੂੰ ਅਪਡੇਟ ਕਰਨ ਲਈ 41 ਕਰੋੜ ਰੁਪਏ ਪਹਿਲਾਂ ਹੀ ਜਾਰੀ ਕੀਤੇ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਸੂਬਾ ਪੁਲਿਸ ਦੇ ਸਾਈਬਰ ਸੈੱਲ ਨੂੰ ਹੋਰ ਮਜ਼ਬੂਤ ਕਰਨ ਲਈ ਪੰਜਾਬ ਸਰਕਾਰ ਨੇ 30 ਕਰੋੜ ਰੁਪਏ ਮਨਜ਼ੂਰ ਕੀਤੇ ਹਨ। ਭਗਵੰਤ ਮਾਨ ਨੇ ਕਿਹਾ ਕਿ ਇਸ ਨਾਲ ਸਾਈਬਰ ਸੈੱਲ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਚੈਕਿੰਗ ਕਰਨ ਵਿੱਚ ਮਦਦ ਮਿਲੇਗੀ, ਜਿਸ ਨਾਲ ਸੂਬੇ ਵਿੱਚ ਅਮਨ-ਕਾਨੂੰਨ ਨੂੰ ਕਾਇਮ ਰੱਖਿਆ ਜਾ ਸਕੇਗਾ।
[Live] CM @BhagwantMann flagging off ERVs from 82nd Battalion Punjab Police.
https://t.co/5byyM9maMP— Government of Punjab (@PunjabGovtIndia) May 23, 2023
ਸਾਈਬਰ ਉਪਕਰਨਾਂ ਲਈ 30 ਕਰੋੜ ਰੁਪਏ ਜਾਰੀ
ਸੀਐਮ ਮਾਨ ਨੇ ਦੱਸਿਆ ਕਿ ਸਾਈਬਰ ਵਿੰਗ ਨੂੰ ਅਪਡੇਟ ਕਰਨ ਲਈ 30 ਕਰੋੜ ਰੁਪਏ ਜਾਰੀ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਸਾਈਬਰ ਅਪਰਾਧ ਦੀ ਦਰ ਬਹੁਤ ਵਧ ਗਈ ਹੈ। ਇਸ ਕਾਰਨ ਮੁਲਜ਼ਮਾਂ ਦੀ ਸਮੇਂ ਸਿਰ ਗ੍ਰਿਫ਼ਤਾਰੀ ਇੱਕ ਚੁਣੌਤੀ ਬਣੀ ਹੋਈ ਹੈ। ਪਰ ਹਾਈਟੈਕ ਉਪਕਰਨਾਂ ਦੀ ਮਦਦ ਨਾਲ ਪੁਲਿਸ ਅੱਪਡੇਟ ਹੋ ਕੇ ਹਾਈਟੈੱਕ ਹੋ ਜਾਵੇਗੀ।
ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸੂਬੇ ਦੇ ਇਤਿਹਾਸ ਵਿੱਚ ਪਹਿਲੀ ਵਾਰ ਪੰਜਾਬ ਸਰਕਾਰ ਵੱਲੋਂ ਬੇਕਸੂਰ ਲੋਕਾਂ ਵਿਰੁੱਧ ਝੂਠੇ ਕੇਸ ਦਰਜ ਕਰਨ ਦੇ ਮਨਸੂਬਿਆਂ ਨੂੰ ਠੱਲ੍ਹ ਪਾਈ ਗਾਈ ਹੈ। ਉਨ੍ਹਾਂ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਸੂਬੇ ਵਿੱਚ ਕਾਨੂੰਨ ਦਾ ਰਾਜ ਕਾਇਮ ਹੈ ਅਤੇ ਸਰਕਾਰ ਦੀ ਹਰ ਕਾਰਵਾਈ ਨਿਰਧਾਰਤ ਕਾਨੂੰਨਾਂ ’ਤੇ ਆਧਾਰਤ ਹੈ। ਭਗਵੰਤ ਮਾਨ ਨੇ ਕਿਹਾ ਕਿ ਜਿਹੜਾ ਵੀ ਕਾਨੂੰਨ ਆਪਣੇ ਹੱਥ ਵਿਚ ਲੈਂਦਾ ਹੈ, ਉਸ ਨੂੰ ਬਖ਼ਸ਼ਿਆ ਨਹੀਂ ਜਾਵੇਗਾ, ਭਾਵੇਂ ਉਹ ਕਿੰਨਾ ਵੀ ਰਸੂਖਵਾਨ ਕਿਉਂ ਨਾ ਹੋਵੇ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h