Compensation for Farmers: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਪੱਸ਼ਟ ਸ਼ਬਦਾਂ ਵਿਚ ਕਿਹਾ ਕਿ ਮੀਂਹ ਤੇ ਹਨੇਰੀ ਕਾਰਨ ਫਸਲਾਂ ਦੇ ਹੋਏ ਨੁਕਸਾਨ ਦਾ ਮੁਆਵਜ਼ਾ ਕਿਸਾਨਾਂ ਨੂੰ ਦੇਣ ਲਈ ਕੇਂਦਰ ਸਰਕਾਰ ਦੀਆਂ ਮਿੰਨਤਾਂ ਨਹੀਂ ਕੱਢਾਂਗੇ ਸਗੋਂ ਖਰਾਬ ਹੋਈ ਕਣਕ ਦੀ ਫਸਲ ਉਤੇ ਭਾਰਤ ਸਰਕਾਰ ਵੱਲੋਂ ਮੁੱਲ ਵਿਚ ਕੀਤੀ ਕਟੌਤੀ ਨਾਲ ਕਿਸਾਨਾਂ ਨੂੰ ਹੋਣ ਵਾਲੇ ਨੁਕਸਾਨ ਦੀ ਭਰਪਾਈ ਸੂਬਾ ਸਰਕਾਰ ਕਰੇਗੀ।
ਮਹਾਨ ਆਜ਼ਾਦੀ ਘੁਲਾਟੀਏ ਤੇਜਾ ਸਿੰਘ ਸੁਤੰਤਰ ਦੇ ਪਰਦੇ ਤੋਂ ਬੁੱਤ ਹਟਾਉਣ ਤੋਂ ਬਾਅਦ ਆਪਣੇ ਸੰਬੋਧਨ ਵਿਚ ਮੁੱਖ ਮੰਤਰੀ ਨੇ ਕਿਹਾ, “ਅਸੀਂ ਫਸਲ ਦੇ ਮੁੱਲ ਵਿਚ ਕਟੌਤੀ ਨਾ ਕਰਨ ਲਈ ਕੇਂਦਰ ਅੱਗੇ ਤਰਲੇ ਨਹੀਂ ਕੱਢਾਂਗੇ ਪਰ ਜਦੋਂ ਕੇਂਦਰ ਸਰਕਾਰ ਕੌਮੀ ਅਨਾਜ ਭੰਡਾਰ ਲਈ ਸਾਥੋਂ ਕਣਕ-ਝੋਨੇ ਸਪਲਾਈ ਮੰਗੇਗੀ, ਓਸ ਵੇਲੇ ਅਸੀਂ ਕਿਸਾਨਾਂ ਦੇ ਹਿੱਤ ਵਿਚ ਮੁਆਵਜ਼ਾ ਮੰਗਾਂਗੇ।”
ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨਾਂ ਨੂੰ ਬੇਮੌਸਮੇ ਮੀਂਹ ਕਾਰਨ ਫਸਲਾਂ ਦਾ ਭਾਰੀ ਨੁਕਸਾਨ ਸਹਿਣਾ ਪਿਆ ਪਰ ਕੇਂਦਰ ਸਰਕਾਰ ਨੇ ਔਖੇ ਸਮੇਂ ਕਿਸਾਨਾਂ ਦੀ ਬਾਂਹ ਨਹੀਂ ਫੜੀ। ਉਲਟਾ ਨੁਕਸਾਨੀ ਫਸਲ, ਸੁੰਗੜੇ ਤੇ ਟੁੱਟੇ ਦਾਣਿਆਂ ਅਤੇ ਵੱਧ ਨਮੀ ਕਾਰਨ ਮੁੱਲ ਵਿਚ ਕਟੌਤੀ ਕਰਕੇ ਕਿਸਾਨਾਂ ਦੇ ਜ਼ਖ਼ਮਾਂ ਉਤੇ ਲੂਣ ਛਿੜਕਿਆ। ਭਗਵੰਤ ਮਾਨ ਨੇ ਕਿਹਾ ਕਿ ਕੇਂਦਰ ਨੇ ਸੁੰਗੜੇ ਤੇ ਟੁੱਟੇ ਦਾਣਿਆਂ ਲਈ 18 ਫੀਸਦੀ ਤੱਕ ਢਿੱਲ ਦੇਣ ਦੇ ਨਾਲ ਹੀ ਸ਼ਰਤਾਂ ਥੋਪ ਦਿੱਤੀਆਂ।
ਕਿਸਾਨ ਤੇ ਖੇਤੀ ਸਾਡੇ ਲਈ ਹਮੇਸ਼ਾ ਤਰਜੀਹ ‘ਤੇ ਨੇ…ਸੈਂਟਰ ਦੀਆਂ ਮਿੰਨਤਾਂ ਨੀ ਅਸੀਂ ਕਰਦੇ…ਕਣਕ ਦੇ ਦਾਣੇ ਦੇ ਖ਼ਰਾਬੇ ਨੂੰ ਲੈਕੇ ਕੇਂਦਰ ਵੱਲੋਂ ਲਾਏ ਕੱਟ ਦੇ ਪੈਸੇ ਦੀ ਭਰਪਾਈ ਪੰਜਾਬ ਸਰਕਾਰ ਕਰੇਗੀ…ਕਿਸਾਨਾਂ ਨੂੰ ਘਾਟਾ ਨੀ ਪੈਣ ਦੇਵਾਂਗੇ… pic.twitter.com/cxb6wRtHHK
— Bhagwant Mann (@BhagwantMann) April 12, 2023
ਇਸ ਬਾਰੇ ਹੋਰ ਵਿਸਥਾਰ ਵਿਚ ਜਾਣਕਾਰੀ ਦਿੰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਛੇ ਫੀਸਦੀ ਤੱਕ ਸੁੰਗੜੇ ਤੇ ਟੁੱਟੇ ਦਾਣਿਆਂ ਵਾਲੀ ਫਸਲ ਲਈ ਮੁੱਲ ਵਿਚ ਕੋਈ ਕਟੌਤੀ ਨਹੀਂ ਪਰ ਛੇ ਫੀਸਦੀ ਤੋਂ ਅੱਠ ਫੀਸਦੀ ਤੱਕ ਟੁੱਟੇ ਤੇ ਸੁੰਗੜੇ ਦਾਣਿਆਂ ਵਾਲੀ ਫਸਲ ਉਤੇ ਮੁੱਲ ਵਿਚ ਪ੍ਰਤੀ ਕੁਇੰਟਲ 5.31 ਰੁਪਏ ਦੀ ਕਟੌਤੀ ਲਾਗੂ ਕੀਤੀ ਗਈ। ਇਸੇ ਤਰ੍ਹਾਂ ਮੁੱਖ ਮੰਤਰੀ ਨੇ ਕਿਹਾ ਕਿ ਅੱਠ ਤੋਂ 10 ਫੀਸਦੀ ਤੱਕ ਪ੍ਰਤੀ ਕੁਇੰਟਲ 10.62 ਰੁਪਏ ਕਟੌਤੀ ਜਦਕਿ 10 ਤੋਂ 12 ਫੀਸਦੀ ਤੱਕ ਪ੍ਰਤੀ ਕੁਇੰਟਲ 15.93 ਰੁਪਏ ਕਟੌਤੀ ਦੀ ਸ਼ਰਤ ਲਾ ਦਿੱਤੀ ਗਈ। ਭਗਵੰਤ ਮਾਨ ਨੇ ਕਿਹਾ ਕਿ ਕੇਂਦਰ ਦੇ ਇਸ ਆਪਹੁਦਰੇ ਫੈਸਲੇ ਨਾਲ 12 ਫੀਸਦੀ ਤੋਂ 14 ਫੀਸਦੀ ਤੱਕ ਸੁੰਗੜੇ ਤੇ ਟੁੱਟੇ ਦਾਣਿਆਂ ਵਾਲੀ ਫਸਲ ਦੇ ਮੁੱਲ ਵਿਚ ਪ੍ਰਤੀ ਕੁਇੰਟਲ ਵਿਚ 21.25 ਰੁਪਏ ਦੀ ਕਾਟ, 14 ਤੋਂ 16 ਫੀਸਦੀ ਤੱਕ ਪ੍ਰਤੀ ਕੁਇੰਟਲ 26.56 ਰੁਪਏ ਦੀ ਕਾਟ ਜਦਕਿ 16 ਤੋਂ 18 ਫੀਸਦੀ ਤੱਕ ਮੁੱਲ ਵਿਚ ਪ੍ਰਤੀ ਕੁਇੰਟਲ 31.87 ਰੁਪਏ ਕਟੌਤੀ ਦੀ ਸ਼ਰਤ ਥੋਪ ਦਿੱਤੀ ਗਈ ਹੈ।
ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਕੇਂਦਰ ਸਰਕਾਰ ਦੇ ਫੈਸਲੇ ਮੁਤਾਬਕ ਕਣਕ ਦੇ 10 ਫੀਸਦੀ ਬਦਰੰਗ ਦਾਣਿਆਂ ਵਿਚ ਮੁੱਲ ਵਿਚ ਕੋਈ ਕਟੌਤੀ ਨਹੀਂ। ਉਨ੍ਹਾਂ ਕਿਹਾ ਕਿ 10 ਫੀਸਦੀ ਤੋਂ 80 ਫੀਸਦੀ ਬਦਰੰਗ ਫਸਲ ਉਤੇ ਪ੍ਰਤੀ ਕੁਇੰਟਲ 5.31 ਰੁਪਏ ਦਾ ਕੱਟ ਲੱਗੇਗਾ। ਭਗਵੰਤ ਮਾਨ ਨੇ ਕਿਹਾ ਕਿ ਕੇਂਦਰ ਨੇ ਪਹਿਲਾਂ ਹੀ ਸੂਬੇ ਦਾ ਜੀ.ਐਸ.ਟੀ. ਅਤੇ ਆਰ.ਡੀ.ਐਫ. ਦਾ ਬਣਦਾ ਹਿੱਸਾ ਅਜੇ ਤੱਕ ਜਾਰੀ ਨਹੀਂ ਕੀਤਾ ਅਤੇ ਹੁਣ ਕਿਸਾਨਾਂ ‘ਤੇ ਇਹ ਫੈਸਲਾ ਥੋਪ ਦਿੱਤਾ ਜੋ ਪਹਿਲਾਂ ਹੀ ਬੇਮੌਸਮੇ ਮੀਂਹ ਕਾਰਨ ਸੰਕਟ ਵਿੱਚੋਂ ਗੁਜ਼ਰ ਰਹੇ ਹਨ।
ਕਿਸਾਨਾਂ ਨੂੰ ਕੋਈ ਫਿਕਰ ਨਾ ਕਰਨ ਦੀ ਅਪੀਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਆਪਣੇ ਪੱਧਰ ਉਤੇ ਕਿਸਾਨਾਂ ਦੇ ਹਿੱਤ ਮਹਿਫੂਜ਼ ਰੱਖਣ ਦੇ ਸਮਰੱਥ ਹੈ ਅਤੇ ਅਨੰਦਾਤਿਆਂ ਦੀ ਮਦਦ ਲਈ ਕੇਂਦਰ ਅੱਗੇ ਹੱਥ ਨਹੀਂ ਅੱਡੇਗੀ। ਉਨ੍ਹਾਂ ਕਿਹਾ ਕਿ ਸੰਕਟ ਦੀ ਇਸ ਘੜੀ ਵਿੱਚ ਕਿਸਾਨਾਂ ਦੀ ਬਾਂਹ ਫੜਨ ਦੀ ਬਜਾਏ ਕੇਂਦਰ ਨੇ ਪ੍ਰਭਾਵਿਤ ਫਸਲ, ਕਣਕ ਦੇ ਸੁੰਗੜੇ ਤੇ ਟੁੱਟੇ ਦਾਣਿਆਂ ਕਾਰਨ ਮੁੱਲ ਵਿਚ ਕਟੌਤੀ ਕਰਨ ਦਾ ਫੈਸਲਾ ਲਿਆ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਇਸ ਗੰਭੀਰ ਸਥਿਤੀ ਵਿਚ ਕਿਸਾਨਾਂ ਨਾਲ ਮੋਢੇ ਨਾਲ ਮੋਢੇ ਜੋੜ ਕੇ ਖੜ੍ਹੀ ਹੈ ਅਤੇ ਕੇਂਦਰ ਸਰਕਾਰ ਵੱਲੋਂ ਮੁੱਲ ਵਿਚ ਕਟੌਤੀ ਨਾਲ ਕਿਸਾਨਾਂ ਨੂੰ ਹੋਣ ਵਾਲੇ ਨੁਕਸਾਨ ਦਾ ਸਾਰਾ ਖਰਚਾ ਸੂਬਾ ਸਰਕਾਰ ਸਹਿਣ ਕਰੇਗੀ।
ਕੇਂਦਰ ਸਰਕਾਰ ਵੱਲੋਂ ਕਣਕ ਦੇ ਦਾਣੇ 'ਚ ਨਮੀ ਅਤੇ ਦਾਣਾ ਛੋਟਾ ਹੋਣ ਕਰਕੇ ਕਣਕ ਦੇ ਭਾਅ 'ਚ ਜੋ ਕੱਟ ਲਾਇਆ ਗਿਆ ਹੈ ਉਸਦਾ ਖ਼ਰਚਾ ਪੰਜਾਬ ਸਰਕਾਰ ਆਪਣੇ ਪੱਲਿਓਂ ਕਰੇਗੀ…
ਕਿਸਾਨਾਂ ਨੂੰ ਕਿਸੇ ਤਰ੍ਹਾਂ ਦੀ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ…ਅਸੀਂ ਹਰ ਮੁਸ਼ਕਿਲ ਸਮੇਂ 'ਚ ਨਾਲ ਖੜ੍ਹੇ ਹਾਂ…
— Bhagwant Mann (@BhagwantMann) April 12, 2023
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਕਿਸਾਨਾਂ ਨੂੰ ਵੱਡੀ ਰਾਹਤ ਦਿੱਤੀ ਗਈ ਹੈ ਅਤੇ ਸੂਬਾ ਸਰਕਾਰ ਨੇ ਕਿਸਾਨਾਂ ਦੀਆਂ ਫਸਲਾਂ ਦੇ ਖਰਾਬੇ ਲਈ ਮੁਆਵਜ਼ਾ ਰਾਸ਼ੀ ਵਿਚ 25 ਫੀਸਦੀ ਵਾਧਾ ਕੀਤਾ ਹੈ। ਉਨ੍ਹਾਂ ਕਿਹਾ ਕਿ 75 ਫੀਸਦੀ ਤੋਂ ਵੱਧ ਖਰਾਬੇ ਵਾਲੇ ਕਿਸਾਨਾਂ ਨੂੰ ਸੂਬਾ ਸਰਕਾਰ ਇਸ ਵਾਰ ਪ੍ਰਤੀ ਏਕੜ 15000 ਰੁਪਏ ਦਾ ਮੁਆਵਜ਼ਾ ਦੇਵੇਗੀ। ਭਗਵੰਤ ਮਾਨ ਨੇ ਕਿਹਾ ਕਿ ਇਸ ਕਦਮ ਦਾ ਉਦੇਸ਼ ਹਰ ਕੀਮਤ ਉਤੇ ਕਿਸਾਨਾਂ ਦੀ ਭਲਾਈ ਨੂੰ ਯਕੀਨੀ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿਚ ਵਿਸ਼ੇਸ਼ ਗਿਰਦਾਵਰੀ ਕਰਵਾਈ ਜਾ ਰਹੀ ਹੈ ਅਤੇ ਵਿਸਾਖੀ ਤੋਂ ਪਹਿਲਾਂ ਖਰਾਬੇ ਦਾ ਮੁਆਵਜ਼ਾ ਵੰਡ ਦਿੱਤਾ ਜਾਵੇਗਾ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਸੰਕਟ ਦੀ ਇਸ ਘੜੀ ਵਿਚ ਕਿਸਾਨਾਂ ਦੇ ਨਾਲ ਖੜ੍ਹੀ ਹੈ। ਉਨ੍ਹਾਂ ਕਿਹਾ ਕਿ ਇਹ ਪਹਿਲੀ ਵਾਰ ਹੈ ਕਿ ਗਿਰਦਾਵਰੀ ਕਰਵਾਉਣ ਤੋਂ ਪਹਿਲਾਂ ਕਿਸਾਨਾਂ ਨੂੰ ਇਸ ਪ੍ਰਕਿਰਿਆ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ। ਭਗਵੰਤ ਮਾਨ ਨੇ ਕਿਹਾ ਕਿ ਇਸ ਤੋਂ ਪਹਿਲਾਂ ਗਿਰਦਾਵਰੀ ਸਿਰਫ਼ ਦਫ਼ਤਰਾਂ ਜਾਂ ਸਿਆਸੀ ਤੌਰ ‘ਤੇ ਰਸੂਖਦਾਰ ਲੋਕਾਂ ਦੇ ਘਰਾਂ ਵਿਚ ਹੀ ਹੁੰਦੀ ਸੀ ਪਰ ਹੁਣ ਨਿਰਪੱਖ ਢੰਗ ਨਾਲ ਗਿਰਦਾਵਰੀ ਕੀਤੀ ਜਾ ਰਹੀ ਹੈ ਤਾਂ ਕਿ ਹਰੇਕ ਕਿਸਾਨ ਨੂੰ ਮੁਆਵਜ਼ਾ ਮਿਲ ਸਕੇ।
ਮਹਾਨ ਕ੍ਰਾਂਤੀਕਾਰੀ ਦੇਸ ਭਗਤ ਕਾਮਰੇਡ ਤੇਜਾ ਸਿੰਘ ਸੁਤੰਤਰ ਜੀ ਦੇ ਬੁੱਤ ਦਾ ਉਦਘਾਟਨ ਕਰਦੇ ਹੋਏ ਬੜਾ ਮਾਣ ਮਹਿਸੂਸ ਕਰ ਰਿਹਾ ਹਾਂ… ਨਿਹਾਲਗੜ੍ਹ, ਸੰਗਰੂਰ ਤੋਂ Live… https://t.co/jlTdfPOuc3
— Bhagwant Mann (@BhagwantMann) April 12, 2023
ਮੁੱਖ ਮੰਤਰੀ ਨੇ ਕਿਹਾ ਕਿ ਖੇਤੀਬਾੜੀ ਖੇਤਰ ਵਿੱਚ ਕੰਮ ਕਰਦਿਆਂ ਸੂਬਾ ਸਰਕਾਰ ਨੇ ਪਹਿਲਾਂ ਹੀ ਗੰਨੇ ਦੇ ਸਾਰੇ ਬਕਾਏ ਦਾ ਭੁਗਤਾਨ ਕਰ ਦਿੱਤਾ ਹੈ। ਭਗਵੰਤ ਮਾਨ ਨੇ ਕਿਹਾ ਕਿ ਸਾਡੀ ਸਰਕਾਰ ਨੇ ਕਿਸਾਨਾਂ ਨੂੰ ਪਿਛਲੇ ਸਾਲ ਝੋਨੇ ਦੇ ਸੀਜ਼ਨ ਦੌਰਾਨ ਬਿਜਲੀ ਦੀ ਨਿਰਵਿਘਨ ਸਪਲਾਈ ਯਕੀਨੀ ਬਣਾਈ ਅਤੇ ਇਸ ਸਾਲ ਵੀ ਬਿਜਲੀ ਦੀ ਨਿਰਵਿਘਨ ਸਪਲਾਈ ਯਕੀਨੀ ਬਣਾਈ ਜਾਵੇਗੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਪੰਜਾਬ ਦੇ ਕਿਸਾਨਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h