ਬਠਿੰਡਾ- ਦੇਸ਼ ਦੇ 74ਵੇਂ ਗਣਤੰਤਰ ਦਿਵਸ ਮੌਕੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੇ ਬਠਿੰਡਾ ਦੇ ਸ਼ਹੀਦ ਭਗਤ ਸਿੰਘ ਖੇਡ ਸਟੇਡੀਅਮ ਵਿੱਚ ਝੰਡਾ ਲਹਿਰਾਇਆ। ਬਠਿੰਡਾ ਵਿਖੇ ਗਣਤੰਤਰ ਦਿਵਸ ਮੌਕੇ ਸੀਐੱਮ ਮਾਨ ਵਲੋਂ ਪਹਿਲਾਂ ਝੰਡਾ ਲਹਿਰਾਇਆ ਗਿਆ ।ਉਸ ਤੋਂ ਬਾਅਦ ਪੰਜਾਬ ਨਾਲ ਸਬੰਧਿਤ ਝਾਕੀਆਂ ਕੱਢੀਆਂ ਗਈਆਂ।

ਇਸ ਮੌਕੇ ਉਨ੍ਹਾਂ ਪਰੇਡ ਦਾ ਨਿਰੀਖਣ ਕਰਨ ਉਪਰੰਤ ਬਠਿੰਡਾ ਸਮੇਤ ਸਮੁੱਚੇ ਪੰਜਾਬ ਅਤੇ ਦੇਸ਼ ਵਾਸੀਆਂ ਨੂੰ ਵਧਾਈ ਦਿੱਤੀ।

ਉਨ੍ਹਾਂ ਕਿਹਾ ਕਿ ਸੰਵਿਧਾਨ ਸਾਰਿਆਂ ਨੂੰ ਬਰਾਬਰਤਾ ਦਾ ਸੰਦੇਸ਼ ਦਿੰਦਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਜੇਕਰ ਸ਼ਹੀਦਾਂ ਨੇ ਆਜ਼ਾਦੀ ਲਈ ਕੁਰਬਾਨੀਆਂ ਨਾ ਦਿੱਤੀਆਂ ਹੁੰਦੀਆਂ ਤਾਂ ਅੱਜ ਦੇਸ਼ ਗੁਲਾਮ ਹੁੰਦਾ।

ਉਨ੍ਹਾਂ ਕਿਹਾ ਕਿ ਦੇਸ਼ ਦੀ ਆਜ਼ਾਦੀ ਲਈ 90 ਫੀਸਦੀ ਕੁਰਬਾਨੀਆਂ ਪੰਜਾਬੀਆਂ ਨੇ ਦਿੱਤੀਆਂ ਹਨ। ਅੱਜ ਵੀ ਦੇਸ਼ ਦੀ ਸਰਹੱਦ ‘ਤੇ ਪੰਜਾਬੀ ਪਹਿਲੇ ਮੋਰਚੇ ‘ਤੇ ਖੜ੍ਹੇ ਹਨ।

ਇਸੇ ਕਰਕੇ ਪੰਜਾਬ ਦੇਸ਼ ਦੀ ਆਜ਼ਾਦੀ ਲਈ ਕੁਰਬਾਨੀਆਂ ਅਤੇ ਇਨਕਲਾਬ ਲਈ ਜਾਣਿਆ ਜਾਂਦਾ ਹੈ।

ਆਜ਼ਾਦੀ ਸੰਗਰਾਮ ਦੌਰਾਨ ਬਹੁਤ ਸਾਰੇ ਪੰਜਾਬੀਆਂ ਨੇ ਦੇਸ਼ ਲਈ ਆਪਣੀ ਜਵਾਨੀ ਕੁਰਬਾਨ ਕੀਤੀ।

ਉਨ੍ਹਾਂ ਭਗਤ ਸਿੰਘ ਦੀ ਕੁਰਬਾਨੀ ਦੀ ਮਿਸਾਲ ਦਿੰਦਿਆਂ ਕਿਹਾ ਕਿ ਮਨੁੱਖ ਆਪਣੇ ਸਾਲਾਂ ਤੋਂ ਨਹੀਂ, ਸਗੋਂ ਆਪਣੇ ਵਿਚਾਰਾਂ ਕਰਕੇ ਮਹਾਨ ਬਣਦਾ ਹੈ।
