Bhagwant Mann Appeal to Farmers: ਪੰਜਾਬ ਸੀਐਮ ਭਗਵੰਤ ਮਾਨ ਨੇ ਵੀਰਵਾਰ ਨੂੰ ਸੰਗਰੂਰ ਦਾ ਦੌਰਾ ਕੀਤਾ। ਇਸ ਦੌਰਾਨ ਜਿੱਥੇ ਉਨ੍ਹਾਂ ਨੇ ਧੂਰੀ ਵਾਸੀਆਂ ਨੂੰ ਗ੍ਰਾਂਟਾਂ ਦਾ ਐਲਾਨ ਕਰ ਖੁਸ਼ ਕੀਤਾ ਉੱਥੇ ਹੀ ਉਨ੍ਹਾਂ ਨੇ ਕਿਸਾਨਾਂ ਨੂੰ ਖਾਸ ਅਪੀਲ ਕੀਤੀ।
ਇਸ ਦੌਰਾਨ ਭਗਵੰਤ ਮਾਨ ਨੇ ਕਿਸਾਨਾਂ ਨੂੰ ਪਾਣੀ ਦੀ ਵੱਧ ਖਪਤ ਵਾਲੀਆਂ ਝੋਨੇ ਦੀਆਂ ਕਿਸਮਾਂ ਦੀ ਕਾਸ਼ਤ ਕਰਨ ਤੋਂ ਗੁਰੇਜ਼ ਕਰਨ ਦੀ ਅਪੀਲ ਕਰਦਿਆਂ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਪੀਆਰ-127 ਅਤੇ 129 ਕਿਸਮਾਂ ਅਪਣਾਉਣ ਲਈ ਕਿਹਾ। ਉਨ੍ਹਾਂ ਕਿਹਾ ਕਿ ਸੂਬੇ ਦੇ ਕੀਮਤੀ ਪਾਣੀ ਨੂੰ ਬਚਾਉਣਾ ਸਮੇਂ ਦੀ ਮੁੱਖ ਲੋੜ ਹੈ ਕਿਉਂ ਜੋ ਪਾਣੀ ਦੀ ਕਮੀ ਗੰਭੀਰ ਮਸਲਾ ਹੈ ਅਤੇ ਸੂਬਾ ਪਹਿਲਾਂ ਹੀ ਡਾਰਕ ਜ਼ੋਨ (ਖਤਰੇ ਦੇ ਪੱਧਰ ਤੱਕ) ਵਿੱਚ ਜਾ ਚੁੱਕਾ ਹੈ।
ਮੇਰੀ ਕਿਸਾਨਾਂ ਨੂੰ ਬੇਨਤੀ ਹੈ ਕਿ ਇਸ ਵਾਰ ਪੂਸਾ-144 ਦੀ ਥਾਂ PR-126 ਬੀਜ ਵਾਲਾ ਝੋਨਾ ਲਗਾਉਣ
PR-126,27 ਬੀਜ ਵਾਲੇ ਝੋਨੇ ਦੀ ਫ਼ਸਲ ਸਿਰਫ਼ 93 ਦਿਨਾਂ ‘ਚ ਪੱਕ ਜਾਂਦੀ ਹੈ ਤੇ ਇਸਦਾ ਝਾੜ ਵੀ ਜ਼ਿਆਦਾ ਨਿਕਲਦਾ
—CM @BhagwantMann pic.twitter.com/qpDULrfmdH
— AAP Punjab (@AAPPunjab) May 11, 2023
ਖੇਤਾਂ ਨੂੰ ਅੱਗ ਨਾ ਲਾਉਣ ਦੀ ਕੀਤੀ ਅਪੀਲ
ਉਨ੍ਹਾਂ ਨੇ ਆਉਣ ਵਾਲੀਆਂ ਪੀੜ੍ਹੀਆਂ ਵਾਸਤੇ ਪਾਣੀ ਬਚਾਉਣ ਲਈ ਸੂਬਾ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਇਆ। ਨਾਲ ਹੀ ਖੇਤਾਂ ਨੂੰ ਅੱਗ ਲੱਗਣ ਦੀਆਂ ਘਟਨਾਵਾਂ ‘ਤੇ ਡੂੰਘੀ ਚਿੰਤਾ ਜ਼ਾਹਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਕੁਝ ਕਿਸਾਨ ਸਿਰਫ਼ ਆਪਣਾ ਅੜੀਅਲ ਵਤੀਰਾ ਦਿਖਾਉਣ ਲਈ ਕਣਕ ਦੀ ਫ਼ਸਲ ਦੀ ਰਹਿੰਦ-ਖੂੰਹਦ ਨੂੰ ਅੱਗ ਲਾਉਣ ਤੋਂ ਵੀ ਗੁਰੇਜ਼ ਨਹੀਂ ਕਰਦੇ। ਉਨ੍ਹਾਂ ਕਿਹਾ ਕਿ ਇਹ ਅਣਮਨੁੱਖੀ ਵਰਤਾਰਾ ਨਾ ਸਿਰਫ਼ ਉਨ੍ਹਾਂ ਲਈ ਸਗੋਂ ਉਨ੍ਹਾਂ ਦੀਆਂ ਆਉਣ ਵਾਲੀਆਂ ਪੀੜ੍ਹੀਆਂ ਅਤੇ ਵਾਤਾਵਰਨ ਲਈ ਵੀ ਗੰਭੀਰ ਖ਼ਤਰਾ ਹੈ।
ਝੋਨੇ ਦੇ ਸੀਜ਼ਨ ‘ਚ ਮਿਲੇਗੀ ਨਿਰਵਿਘਨ ਬਿਜਲੀ- CM ਮਾਨ
ਝੋਨੇ ਦੇ ਆਗਾਮੀ ਸੀਜ਼ਨ ਦੌਰਾਨ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਉਣ ਲਈ ਆਪਣੀ ਸਰਕਾਰ ਦੇ ਯਤਨਾਂ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਝੋਨੇ ਦੇ ਸੀਜ਼ਨ ਮੌਕੇ ਬਿਜਲੀ ਦੀ ਮੰਗ ਨੂੰ ਪੂਰਾ ਕਰਨ ਲਈ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਉਨ੍ਹਾਂ ਦੱਸਿਆ ਕਿ ਹਰ ਜਨਤਕ ਖੇਤਰ ਦੇ ਥਰਮਲ ਪਲਾਂਟ ਵਿੱਚ 40 ਦਿਨਾਂ ਦਾ ਕੋਲਾ ਪਹਿਲਾਂ ਹੀ ਰਾਖਵਾਂ ਰੱਖਿਆ ਗਿਆ ਹੈ ਅਤੇ ਝੋਨੇ ਦੇ ਸੀਜ਼ਨ ਵਿੱਚ ਵੱਡੀ ਮੰਗ ਨੂੰ ਪੂਰਾ ਕਰਨ ਲਈ ਦੂਜੇ ਸੂਬਿਆਂ ਨਾਲ ਸਮਝੌਤਾ ਕੀਤਾ ਜਾ ਚੁੱਕਾ ਹੈ।
ਭਗਵੰਤ ਮਾਨ ਨੇ ਇਹ ਵੀ ਦੱਸਿਆ ਕਿ ਪੀਐਸਪੀਸੀਐਲ ਨੂੰ ਵੱਖ-ਵੱਖ ਸੈਕਟਰਾਂ ਦੀ ਸਬਸਿਡੀ ਦੇ ਬਦਲੇ ਪਹਿਲਾਂ ਹੀ 20,200 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ। ਬਿਜਲੀ ਬਚਾਉਣ ਦੇ ਉਪਰਾਲਿਆਂ ਬਾਰੇ ਬੋਲਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵਿੱਚ ਸਰਕਾਰੀ ਦਫ਼ਤਰਾਂ ਦਾ ਸਮਾਂ ਬਦਲਿਆ ਗਿਆ ਜਿਸ ਕਾਰਨ ਸੂਬਾ ਸਰਕਾਰ ਰੋਜ਼ਾਨਾ 350 ਮੈਗਾਵਾਟ ਬਿਜਲੀ ਦੀ ਬੱਚਤ ਕਰਨ ਵਿੱਚ ਕਾਮਯਾਬ ਹੋਈ ਹੈ। ਉਨ੍ਹਾਂ ਕਿਹਾ ਕਿ ਆਪਣੀ ਕਿਸਮ ਦੇ ਅਜਿਹੇ ਪਹਿਲੇ ਕਦਮ ਨਾਲ 15 ਜੁਲਾਈ ਤੱਕ ਬਿਜਲੀ ਦੀ 50 ਕਰੋੜ ਰੁਪਏ ਦੀ ਬੱਚਤ ਹੋਵੇਗੀ।
ਮਾਨ ਨੇ ਇਹ ਵੀ ਦੱਸਿਆ ਕਿ ਇਸ ਨਿਵੇਕਲੇ ਕਦਮ ਨਾਲ ਟਰੈਫਿਕ ਜਾਮ ਦੀ ਸਮੱਸਿਆ ਤੋਂ ਵੀ ਬਹੁਤ ਹੱਦ ਤੱਕ ਨਿਜਾਤ ਮਿਲੀ ਹੈ ਅਤੇ ਹਾਲ ਵਿਚ ਕਰਵਾਏ ਇਕ ਅਧਿਐਨ ਵਿੱਚ ਸਾਹਮਣੇ ਆਇਆ ਹੈ ਕਿ ਮੋਹਾਲੀ ਦੀ ਏਅਰਪੋਰਟ ਰੋਡ ‘ਤੇ ਵਾਹਨਾਂ ਦੀ ਆਵਾਜਾਈ ਨਿਰਵਿਘਨ ਹੋਣ ਨਾਲ ਰੋਜ਼ਾਨਾ 7000 ਲੀਟਰ ਤੇਲ ਦੀ ਬੱਚਤ ਹੋ ਰਹੀ ਹੈ।
ਕਿਸਾਨ ਜਥੇਬੰਦੀਆਂ ਬੇਵਜ੍ਹਾ ਅੰਦੋਲਨ ਦਾ ਰਾਹ ਨਾ ਅਪਣਾਉਣ- ਮਾਨ
ਭਗਵੰਤ ਮਾਨ ਨੇ ਕਿਸਾਨ ਜਥੇਬੰਦੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਬੇਵਜ੍ਹਾ ਅੰਦੋਲਨ ਦਾ ਰਾਹ ਨਾ ਅਪਣਾਉਣ। ਮੁੱਖ ਮੰਤਰੀ ਨੇ ਕਿਹਾ ਕਿ ਜਦੋਂ ਸਰਕਾਰ ਦੇ ਦਰਵਾਜ਼ੇ ਗੱਲਬਾਤ ਲਈ ਹਮੇਸ਼ਾ ਖੁੱਲ੍ਹੇ ਰਹਿੰਦੇ ਹਨ ਤਾਂ ਇਨ੍ਹਾਂ ਧਰਨਿਆਂ ਦੀ ਕੋਈ ਤੁੱਕ ਨਹੀਂ ਬਣਦੀ। ਇੱਕ ਮਿਸਾਲ ਦਿੰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਕੇਂਦਰ ਸਰਕਾਰ ਵੱਲੋਂ ਕੀਤੀ ਗਈ ਮੁੱਲ ਕਟੌਤੀ ਦੇ ਇਵਜ਼ ਵਿਚ ਕਿਸਾਨਾਂ ਨੂੰ ਮੁਆਵਜ਼ਾ ਦੇਣ ਦਾ ਐਲਾਨ ਪਹਿਲਾਂ ਹੀ ਕਰ ਦਿੱਤਾ ਸੀ। ਇਹ ਬੜੇ ਅਫਸੋਸ ਦੀ ਗੱਲ ਹੈ ਕਿ ਇਸ ਦੇ ਬਾਵਜੂਦ ਕੁਝ ਕਿਸਾਨ ਯੂਨੀਅਨਾਂ ਨੇ ਇਸ ਮੰਗ ਨੂੰ ਲੈ ਕੇ ਰੇਲਵੇ ਟਰੈਕ ਜਾਮ ਕਰ ਦਿੱਤਾ ਹੈ ਜਦਕਿ ਉਨ੍ਹਾਂ ਦੀ ਸਰਕਾਰ ਨੇ ਇਹ ਮੰਗ ਪੂਰੀ ਵੀ ਕਰ ਦਿੱਤੀ ਸੀ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਹਮੇਸ਼ਾ ਹੀ ਪੰਜਾਬ ਅਤੇ ਇਸ ਦੇ ਲੋਕਾਂ ਦੇ ਹਿੱਤਾਂ ਲਈ ਹਰੇਕ ਨਾਗਰਿਕ ਦੀ ਜਾਇਜ਼ ਮੰਗ ਨੂੰ ਗੰਭੀਰਤਾ ਨਾਲ ਸੁਣਿਆ ਹੈ। ਉਨ੍ਹਾਂ ਕਿਹਾ ਕਿ ਅੱਜ ਵੀ ਉਹ ਸਮਾਜ ਦੇ ਹਰ ਵਰਗ ਦੀਆਂ ਹੱਕੀ ਮੰਗਾਂ ਸੁਣਨ ਲਈ ਤਿਆਰ ਹਨ। ਹਾਲਾਂਕਿ, ਭਗਵੰਤ ਮਾਨ ਨੇ ਕਿਹਾ ਕਿ ਬਿਨਾਂ ਕਿਸੇ ਕਾਰਨ ਦੇ ਬੇਲੋੜੇ ਧਰਨੇ ਤੇ ਅੰਦੋਲਨ ਗੈਰ-ਵਾਜਬ ਹਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h