ਸ਼ਿਵਸੈਨਾ ਆਗੂ ਏਕਨਾਥ ਸ਼ਿੰਦੇ ਨੇ ਮਹਾਰਾਸ਼ਟਰ ਦੇ ਨਵੇਂ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ ਹੈ। ਰਾਜਪਾਲ ਭਗਤ ਸਿੰਘ ਕੋਸ਼ਿਆਰੀ ਨੇ ਉਨ੍ਹਾਂ ਨੂੰ ਅਹੁਦੇ ਅਤੇ ਗੁਪਤਤਾ ਦੀ ਸਹੁੰ ਚੁਕਾਈ। ਉਥੇ, ਭਾਜਪਾ ਨੇਤਾ ਦੇਵੇਂਦਰ ਫੜਨਵੀਸ ਨੇ ਮਹਾਰਾਸ਼ਟਰ ਦੇ ਡਿਪਟੀ ਸੀ.ਐੱਮ. ਵਜੋਂ ਸਹੁੰ ਚੁੱਕੀ। ਜਦ ਉਹ ਸਹੁੰ ਚੁੱਕਣ ਗਏ ਤਾਂ ਵਿਧਾਇਕਾਂ ਨੇ ਉਨ੍ਹਾਂ ਦੇ ਸਮਰਥਨ ‘ਚ ਨਾਅਰੇਬਾਜ਼ੀ ਕੀਤੀ। ਏਕਨਾਥ ਸ਼ਿੰਦੇ ਨੇ 40 ਸ਼ਿਵਸੈਨਾ ਦੇ ਵਿਧਾਇਕਾਂ ਨਾਲ ਕੁੱਲ 50 ਵਿਧਾਇਕ ਹੋਣ ਦਾ ਦਾਅਵਾ ਕੀਤਾ ਹੈ। ਉਥੇ ਭਾਜਪਾ ਦੇ 106 ਵਿਧਾਇਕ ਹੈ। ਸਹੁੰ ਚੁੱਕਣ ਮੌਕੇ ਏਕਨਾਥ ਸ਼ਿੰਦੇ ਦਾ ਪਰਿਵਾਰ ਵੀ ਰਾਜ ਭਵਨ ਪਹੁੰਚਿਆ।
ਇਸ ਤੋਂ ਪਹਿਲਾਂ ਜਾਰੀ ਅਪਡੇਟ ਮੁਤਾਬਕ, ਹੈਰਾਨ ਕਰਨ ਵਾਲੇ ਘਟਨਾਕ੍ਰਮ ਦਰਮਿਆਨ ਭਾਜਪਾ ਨੇਤਾ ਦੇਵੇਂਦਰ ਫੜਨਵੀਸ ਨੇ ਵੀਰਵਾਰ ਨੂੰ ਐਲਾਨ ਕੀਤਾ ਕਿ ਸ਼ਿਵਸੈਨਾ ਨੇਤਾ ਏਕਨਾਥ ਸ਼ਿੰਦੇ ਮਹਾਰਾਸ਼ਟਰ ਦੇ ਨਵੇਂ ਮੁੱਖ ਮੰਤਰੀ ਹੋਣਗੇ। ਫੜਨਵੀਸ ਅਤੇ ਸ਼ਿੰਦੇ ਦੀ ਰਾਜਪਾਲ ਭਗਤ ਸਿੰਘ ਕੋਸ਼ਿਆਰੀ ਨਾਲ ਮੁਲਾਕਾਤ ਤੋਂ ਬਾਅਦ ਇਹ ਐਲਾਨ ਕੀਤਾ ਗਿਆ। ਹਾਲਾਂਕਿ ਉਸ ਸਮੇਂ ਤੱਕ ਕਿਆਸ ਲਾਏ ਜਾ ਰਹੇ ਸਨ ਕਿ ਏਕਨਾਥ ਦੀ ਅਗਵਾਈ ਵਾਲੇ ਬਾਗੀ ਸ਼ਿਵਸੈਨਾ ਵਿਧਾਇਕਾਂ ਦੇ ਸਮਰਥਨ ਤੋਂ ਫੜਨਵੀਸ ਤੀਸਰੀ ਵਾਰ ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁੱਕਣਗੇ।
ਭਾਜਪਾ ਦੇ ਰਾਸ਼ਟਰੀ ਪ੍ਰਧਾਨ ਜੇ.ਪੀ. ਨੱਡਾ ਨੇ ਕਿਹਾ ਕਿ ਭਾਜਪਾ ਦੇ ਕੇਂਦਰੀ ਲੀਡਰਸ਼ਿਪ ਨੇ ਫੈਸਲਾ ਕੀਤਾ ਹੈ ਕਿ ਦੇਵੇਂਦਰ ਫੜਨਵੀਸ ਨੂੰ ਸਰਕਾਰ ਦਾ ਹਿੱਸਾ ਬਣਨਾ ਚਾਹੀਦਾ। ਇਸ ਲਈ ਉਨ੍ਹਾਂ ਨੂੰ ਨਿੱਜੀ ਤੌਰ ‘ਤੇ ਬੇਨਤੀ ਕੀਤੀ ਗਈ ਹੈ। ਇਸ ਤੋਂ ਇਲਾਵਾ ਕੇਂਦਰੀ ਲੀਡਰਸ਼ਿਪ ਨੇ ਕਿਹਾ ਕਿ ਦੇਵੇਂਦਰ ਫੜਨਵੀਸ ਨੂੰ ਮਹਾਰਾਸ਼ਟਰ ਦੇ ਡਿਪਟੀ ਸੀ.ਐੱਮ. ਦੇ ਰੂਪ ‘ਚ ਅਹੁਦਾ ਸੰਭਾਲਣਾ ਚਾਹੀਦਾ ਹੈ।