ਸੰਗਰੂਰ ਲੋਕ ਸਭਾ ਜ਼ਿਮਨੀ ਚੋਣ ‘ਚ ਆਮ ਆਦਮੀ ਪਾਰਟੀ (ਆਪ) ਦੀ ਹਾਰ ਤੋਂ ਬਾਅਦ ਸੀਐੱਮ ਭਗਵੰਤ ਮਾਨ ਪਹਿਲੀ ਵਾਰ ਦਿੱਲੀ ਪਹੁੰਚੇ ਹਨ। ਇੱਥੇ ਉਹ ਆਪਣੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਮਿਲ ਰਹੇ ਹਨ।
ਇਸ ਮੌਕੇ ਪੰਜਾਬ ਤੋਂ ਰਾਜ ਸਭਾ ਮੈਂਬਰ ਰਾਘਵ ਚੱਢਾ ਵੀ ਹਾਜ਼ਰ ਹੋਣਗੇ। ਸੰਗਰੂਰ ਉਪ ਚੋਣ ਨਤੀਜਿਆਂ ਦੇ ਲਿਹਾਜ਼ ਨਾਲ ਇਹ ਮੀਟਿੰਗ ਬਹੁਤ ਅਹਿਮ ਹੈ। ਵਿਧਾਨ ਸਭਾ ਚੋਣਾਂ ‘ਚ ਜਿੱਤ ਤੋਂ ਬਾਅਦ ‘ਆਪ’ ਪੰਜਾਬ ‘ਚ ਬਰਕਰਾਰ ਨਹੀਂ ਰਹਿ ਸਕੀ। ਇਸ ਦੇ ਉਲਟ ‘ਆਪ’ ਨੇ ਦਿੱਲੀ ਦੀਆਂ ਵਿਧਾਨ ਸਭਾ ਉਪ ਚੋਣਾਂ ਜਿੱਤੀਆਂ।
ਇਸ ਤੋਂ ਇਲਾਵਾ ਜੁਲਾਈ ਵਿੱਚ ਹੀ ਮਾਨ ਸਰਕਾਰ ਨੇ ਮੰਤਰੀ ਮੰਡਲ ਦਾ ਵਿਸਥਾਰ ਕਰਨਾ ਹੈ। ਇਸ ਵੇਲੇ ਸੀਐਮ ਸਮੇਤ 10 ਮੰਤਰੀ ਹਨ। ਮਾਨ ਸਰਕਾਰ 8 ਹੋਰ ਮੰਤਰੀ ਬਣਾ ਸਕਦੀ ਹੈ। ਇਸ ਬਾਰੇ ਵੀ ਚਰਚਾ ਹੋ ਸਕਦੀ ਹੈ। ਇਸ ਵਿੱਚ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਬਰਖ਼ਾਸਤ ਕੀਤੇ ਗਏ ਸਿਹਤ ਮੰਤਰੀ ਡਾਕਟਰ ਵਿਜੇ ਸਿੰਗਲਾ ਦਾ ਅਹੁਦਾ ਵੀ ਸ਼ਾਮਲ ਹੈ।