CM Mann vs Opposition: ਸਿਆਸੀ ਪਾਰਟੀਆਂ ‘ਤੇ ਤਿੱਖੇ ਹਮਲੇ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਮਾੜੇ ਕੰਮਾਂ ਕਾਰਨ ਲੋਕਾਂ ਨੇ ਹੁਣ ਇਨ੍ਹਾਂ ਨੂੰ ਜੱਫੀਆਂ ਪਾਉਣੀਆਂ ਬੰਦ ਕਰ ਦਿੱਤੀਆਂ ਹਨ। ਇਸ ਲਈ ਹੁਣ ਉਹ ਆਪਣੇ ਵਿਚਾਰਧਾਰਕ ਬੰਧੇਜਾਂ ਨੂੰ ਤਿਆਗ ਕੇ ਆਪਸ ਵਿੱਚ ਗਲਵੱਕੜੀਆਂ ਪਾ ਰਹੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਬੇਸ਼ਰਮ ਲੋਕਾਂ ਨੇ ਸੂਬੇ ਦੇ ਅਸਾਸਿਆਂ ਨੂੰ ਬੇਰਹਿਮੀ ਨਾਲ ਲੁੱਟਿਆ, ਜਿਸ ਕਾਰਨ ਲੋਕਾਂ ਨੇ ਉਨ੍ਹਾਂ ਨੂੰ ਸੱਤਾ ਤੋਂ ਬਾਹਰ ਕਰ ਦਿੱਤਾ।
ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਆਗੂਆਂ ਨੂੰ ਉਨ੍ਹਾਂ ਦੇ ਪਾਪਾਂ ਲਈ ਜਵਾਬਦੇਹ ਬਣਾਇਆ ਜਾਵੇਗਾ ਅਤੇ ਲੋਕਾਂ ਦਾ ਲੁੱਟਿਆ ਇੱਕ-ਇੱਕ ਪੈਸਾ ਵਾਪਸ ਕਰਵਾਇਆ ਜਾਵੇਗਾ। ਪਿਛਲੀਆਂ ਸੂਬਾ ਸਰਕਾਰ ਨੂੰ ਕਰੜੇ ਹੱਥੀਂ ਲੈਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਭ੍ਰਿਸ਼ਟ ਲੋਕਾਂ ਨੇ ਆਪਣੇ ਨਿੱਜੀ ਹਿੱਤਾਂ ਲਈ ਸੂਬੇ ਦੇ ਹਿੱਤਾਂ ਨੂੰ ਨਜ਼ਰਅੰਦਾਜ਼ ਕੀਤਾ। ਉਨ੍ਹਾਂ ਕਿਹਾ ਕਿ ਇਨ੍ਹਾਂ ਸਿਆਸਤਦਾਨਾਂ ਨੇ ਸਰਕਾਰੀ ਸੰਸਥਾਵਾਂ ਦਾ ਘਾਣ ਕਰ ਕੇ ਸਿਹਤ, ਸਿੱਖਿਆ, ਟਰਾਂਸਪੋਰਟ ਅਤੇ ਹੋਰ ਖੇਤਰਾਂ ਵਿੱਚ ਅਜ਼ਾਰੇਦਾਰੀ ਕਾਇਮ ਕਰ ਲਈ।
ਉਨ੍ਹਾਂ ਅੱਗੇ ਕਿਹਾ ਕਿ ਇਹ ਆਗੂ ਇੰਨੇ ਲਾਲਚੀ ਸਨ ਕਿ ਇਨ੍ਹਾਂ ਵੱਧ ਭੀੜ ਖਿੱਚਣ ਵਾਲੀਆਂ ਰੇਹੜੀਆਂ ਤੇ ਫੜ੍ਹੀ ਵਾਲਿਆਂ ਨੂੰ ਵੀ ਨਹੀਂ ਬਖ਼ਸ਼ਿਆ ਅਤੇ ਇਨ੍ਹਾਂ ਵਿੱਚ ਵੀ ਹਿੱਸੇਦਾਰੀ ਪਾਉਣ ਦੀ ਕੋਸ਼ਿਸ਼ ਕੀਤੀ। ਮੁੱਖ ਮੰਤਰੀ ਨੇ ਦੁਹਰਾਇਆ ਕਿ ਸਾਡੀ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਸੂਬੇ ਅਤੇ ਲੋਕਾਂ ਦੇ ਹਿੱਤਾਂ ਦੀ ਰੱਖਿਆ ਕਰਨਾ ਹੈ।
ਪੰਜਾਬ ਯੂਨੀਵਰਸਿਟੀ ਦਾ ਸਬੰਧ ਪੰਜਾਬ ਨਾਲ- ਪੰਜਾਬ ਸੀਐਮ
ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਯੂਨੀਵਰਸਿਟੀ ਦਾ ਸਬੰਧ ਪੰਜਾਬ ਨਾਲ ਹੈ ਅਤੇ ਕਿਸੇ ਵੀ ਸੂਬੇ ਨੂੰ ਇਸ ਦੇ ਮੂਲ ਢਾਂਚੇ ਵਿੱਚ ਤਬਦੀਲੀ ਕਰ ਕੇ ਦਖ਼ਲਅੰਦਾਜ਼ੀ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਬਾਦਲਾਂ ਨੇ ਇਸ ਯੂਨੀਵਰਸਿਟੀ ਦਾ ਦਰਜਾ ਬਦਲ ਕੇ ਇਸ ਨੂੰ ਕੇਂਦਰੀ ਯੂਨੀਵਰਸਿਟੀ ਵਿੱਚ ਤਬਦੀਲ ਕਰਨ ਲਈ ਐਨਓਸੀ ਦਿੱਤੀ ਸੀ, ਜਦੋਂ ਕਿ ਸਾਡੀ ਸਰਕਾਰ ਅਜਿਹੇ ਕਿਸੇ ਵੀ ਪੰਜਾਬ ਵਿਰੋਧੀ ਫੈਸਲੇ ਦਾ ਜ਼ੋਰਦਾਰ ਢੰਗ ਨਾਲ ਵਿਰੋਧ ਕਰੇਗੀ।
’ਸਰਕਾਰ ਤੁਹਾਡੇ ਦੁਆਰ’ ਦੀ ਅਹਿਮੀਅਤ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਸੂਬੇ ਦੀ ਤਰੱਕੀ ਅਤੇ ਪੰਜਾਬੀਆਂ ਦੀ ਖ਼ੁਸ਼ਹਾਲੀ ਲਈ ਉਨ੍ਹਾਂ ਦੀ ਸਰਕਾਰ ਦਾ ਪ੍ਰਮੁੱਖ ਪ੍ਰੋਗਰਾਮ ਹੈ। ਉਨ੍ਹਾਂ ਕਿਹਾ ਕਿ ਦੇਸ਼ ਭਰ ਵਿੱਚ ਇਸ ਵਰਗਾ ਕੋਈ ਪ੍ਰੋਗਰਾਮ ਨਹੀਂ ਹੈ ਕਿਉਂਕਿ ਕੋਈ ਵੀ ਹੋਰ ਰਾਜ ਸਰਕਾਰ ਲੋਕਾਂ ਦੀਆਂ ਸਮੱਸਿਆਵਾਂ ਨੂੰ ਉਨ੍ਹਾਂ ਦੇ ਘਰਾਂ ਤੱਕ ਪਹੁੰਚ ਕਰਕੇ ਹੱਲ ਕਰਨ ਲਈ ਇੰਨਾ ਸਮਾਂ ਦੇਣ ਦੀ ਖੇਚਲ ਨਹੀਂ ਕਰਦੀ। ਮੁੱਖ ਮੰਤਰੀ ਨੇ ਕਿਹਾ ਕਿ ਇਹ ਪ੍ਰੋਗਰਾਮ ਜਿੱਥੇ ਲੋਕਾਂ ਦੀਆਂ ਸਮੱਸਿਆਵਾਂ ਦਾ ਤੁਰੰਤ ਹੱਲ ਯਕੀਨੀ ਬਣਾਉਂਦਾ ਹੈ, ਉਥੇ ਇਸ ਨਾਲ ਸਰਕਾਰੀ ਅਧਿਕਾਰੀਆਂ/ਕਰਮਚਾਰੀਆਂ ਦੀ ਕਾਰਗੁਜ਼ਾਰੀ ਵੀ ਪਰਖੀ ਜਾਂਦੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਇਹ ਲੋਕ-ਪੱਖੀ ਪਹਿਲਕਦਮੀ ਯਕੀਨੀ ਬਣਾਉਂਦੀ ਹੈ ਕਿ ਕੈਬਨਿਟ ਮੰਤਰੀ ਅਤੇ ਅਧਿਕਾਰੀ ਖ਼ਾਸਕਰ ਡਿਪਟੀ ਕਮਿਸ਼ਨਰ ਅਤੇ ਵਧੀਕ ਡਿਪਟੀ ਕਮਿਸ਼ਨਰ ਵੱਧ ਤੋਂ ਵੱਧ ਖੇਤਰੀ ਦੌਰੇ ਖ਼ਾਸ ਕਰਕੇ ਪਿੰਡਾਂ ਦੇ ਦੌਰੇ ਕਰਨ ਅਤੇ ਪਿੰਡਾਂ ਵਿੱਚ ਜਾ ਕੇ ਲੋਕਾਂ ਨਾਲ ਗੱਲਬਾਤ ਕਰਨ।
ਇਸੇ ਦੌਰਾਨ ਮੁੱਖ ਮੰਤਰੀ ਨੇ ਅਮਰਗੜ੍ਹ ਵਿੱਚ 45 ਕਰੋੜ ਰੁਪਏ ਦੀ ਲਾਗਤ ਨਾਲ ਨਵਾਂ ਬਾਈਪਾਸ ਬਣਾਉਣ ਦਾ ਵੀ ਐਲਾਨ ਕੀਤਾ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h