CM mann mission chardikla: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ‘ਮਿਸ਼ਨ ਚੜ੍ਹਦੀ ਕਲਾ’ ਦੀ ਸ਼ੁਰੂਆਤ ਕੀਤੀ ਹੈ। ਇਸ ਮਿਸ਼ਨ ਦੇ ਤਹਿਤ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਮੁੜ ਆਪਣੇ ਪੈਰਾਂ ’ਤੇ ਖੜ੍ਹਾ ਕਰਨ ਲਈ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਵਾਸਤੇ ਫੰਡ ਜੁਟਾਉਣ ਲਈ ਆਲਮੀ ਪੱਧਰ ’ਤੇ ਮੁਹਿੰਮ ਚਲਾਈ ਜਾਵੇਗੀ।

ਸੀਐਮ ਮਾਨ ਨੇ ਕਿਹਾ ਕਿ ਪੰਜਾਬ ਵਿੱਚ ਆਇਆ ਹੜ੍ਹ ਹੁਣ ਤੱਕ ਦਾ ਸਭ ਤੋਂ ਵੱਧ ਭਿਆਨਕ ਹੜ੍ਹ ਹੈ। ਉਨ੍ਹਾਂ ਕਿਹਾ ਕਿ ਕਰੀਬ 2300 ਪਿੰਡ ਹੜ੍ਹਾਂ ਦੀ ਲਪੇਟ ਵਿੱਚ ਆ ਗਏ ਹਨ। ਉਨ੍ਹਾਂ ਅੱਗੇ ਕਿਹਾ ਕਿ ਪਾਣੀ ਨੇ ਸਿਰਫ ਕਹਿਰ ਨਹੀਂ ਢਾਹਿਆ, ਲੱਖਾਂ ਸੁਪਨੇ ਵੀ ਨਾਲ ਰੋੜ ਕੇ ਲੈ ਗਿਆ। ਹਸਪਤਾਲ, ਸਕੂਲ, ਕਾਲਜ ਅਤੇ ਲੋਕਾਂ ਦੇ ਘਰ ਢਹਿ-ਢੇਰੀ ਹੋ ਗਏ ਹਨ। ਪੰਜਾਬ ਦੇ ਲੋਕ ਹੜ੍ਹਾਂ ਤੋਂ ਪ੍ਰਭਾਵਿਤ ਲੋਕਾਂ ਦੇ ਨਾਲ ਖੜ੍ਹੇ ਹੋ ਗਏ। ਉਨ੍ਹਾਂ ਕਿਹਾ ਕਿ ਹੁਣ ਰਾਹਤ ਦੇ ਕੰਮਾਂ ਤੋਂ ਅੱਗੇ ਵੱਧਣ ਦਾ ਸਮਾਂ ਆ ਗਿਆ ਹੈ। ਕਿਸਾਨਾਂ ਨੇ ਖੇਤੀ ਕਰਨੀ ਹੈ, ਬੱਚਿਆਂ ਨੇ ਸਕੂਲ ਜਾਣਾ, ਘਰਾਂ ਨੇ ਵਸਣਾ ਹੈ। ਉਨ੍ਹਾਂ ਕਿਹਾ ਕਿ ਇਸ ਲਈ ਅਸੀਂ ‘ਮਿਸ਼ਨ ਚੜ੍ਹਦੀਕਲਾ’ ਸ਼ੁਰੂ ਕਰ ਰਹੇ ਹਾਂ। ਉਨ੍ਹਾਂ ਪੰਜਾਬ ਦੇ ਨਾਗਰਿਕਾਂ, ਦੇਸ਼ ਦੇ ਨਾਗਰਿਕਾਂ, ਉਦਯੋਗਪਤੀਆਂ, ਕਲਾਕਾਰਾਂ ਅਪੀਲ ਕੀਤੀ ਕਿ ਆਓ ਪੰਜਾਬ ਨਾਲ ਖੜ੍ਹੀਏ, ਮੁੜ ਪੰਜਾਬ ਨੂੰ ਦੁਬਾਰਾ ਪੰਜਾਬ ਬਣਾਈਏ। ਉਨ੍ਹਾਂ ਕਿਹਾ ਕਿ ਮੈਂ ਵਚਨ ਦਿੰਦਾ ਹਾਂ ਕਿ ਪੂਰੀ ਇਮਾਨਦਾਰ ਤੇ ਪਾਰਦਰਸ਼ਤਾ ਨਾਲ ਪੈਸੇ ਨੂੰ ਖਰਚ ਕੀਤਾ ਜਾਵੇਗਾ।
ਮੁੱਖ ਮੰਤਰੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ www.rangla.punjab.gov.in. ਰਾਹੀਂ ਹੜ੍ਹ ਪੀੜਤਾਂ ਲਈ ਯੋਗਦਾਨ ਪਾਇਆ ਜਾ ਸਕਦਾ ਹੈ। ਉਨ੍ਹਾਂ ਨੇ ਉਮੀਦ ਪ੍ਰਗਟ ਕੀਤੀ ਕਿ ਅਸੀਂ ਸਾਰੇ ਇਕੱਠੇ ਮਿਲ ਕੇ ਮੁੜ ਸਾਬਤ ਕਰਾਂਗੇ ਕਿ ਪੰਜਾਬ ਕਦੇ ਹਾਰ ਨਹੀਂ ਮੰਨਦਾ। ਪੰਜਾਬ ਹਮੇਸ਼ਾ ਚੜ੍ਹਦੀ ਕਲਾ ਵਿੱਚ ਰਹਿੰਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੇ ਦਫ਼ਤਰ ਵਿੱਚ ਵਾਰ ਰੂਮ ਵੀ ਸਥਾਪਤ ਕੀਤਾ ਗਿਆ ਹੈ ਜੋ ‘ਮਿਸ਼ਨ ਚੜ੍ਹਦੀ ਕਲਾ’ ਨਾਲ ਸਬੰਧਤ ਸਾਰੀਆਂ ਗਤੀਵਿਧੀਆਂ ਦੀ ਸਿੱਧੇ ਤੌਰ ’ਤੇ ਨਿਗਰਾਨੀ ਕਰੇਗਾ। ਉਨ੍ਹਾਂ ਕਿਹਾ ਕਿ ਉਹ ਖੁਦ ਰੋਜ਼ਾਨਾ ਇਨ੍ਹਾਂ ਯਤਨਾਂ ਦੀ ਨਿੱਜੀ ਤੌਰ ’ਤੇ ਨਿਗਰਾਨੀ ਕਰਨਗੇ। ਇਸ ਦੌਰਾਨ ਮੁੱਖ ਮੰਤਰੀ ਨੇ ਹੜ੍ਹ ਰਾਹਤ ਕਾਰਜਾਂ ਦਾ ਜਾਇਜ਼ਾ ਲੈਣ ਲਈ ਵੀਡੀਓ ਕਾਨਫਰੰਸ ਰਾਹੀਂ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨਾਲ ਮੀਟਿੰਗ ਕੀਤੀ। ਉਨ੍ਹਾਂ ਨੇ ਡਿਪਟੀ ਕਮਿਸ਼ਨਰਾਂ ਨੂੰ ਹੜ੍ਹ ਰਾਹਤ ਕੈਂਪਾਂ ਅਤੇ ਹੋਰ ਪ੍ਰਭਾਵਿਤ ਖੇਤਰਾਂ ਦਾ ਰੋਜ਼ਾਨਾ ਦੌਰਾ ਕਰਨ ਦੇ ਨਿਰਦੇਸ਼ ਦਿੱਤੇ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਭਗਵੰਤ ਸਿੰਘ ਮਾਨ ਨੇ ਉਨ੍ਹਾਂ ਨੂੰ ‘ਮਿਸ਼ਨ ਚੜ੍ਹਦੀ ਕਲਾ’ ਬਾਰੇ ਜਾਣੂੰ ਕਰਵਾਉਂਦਿਆਂ ਕਿਹਾ ਕਿ ਇਸ ਮਿਸ਼ਨ ਤਹਿਤ ਇਕੱਠਾ ਕੀਤਾ ਗਿਆ ਇੱਕ-ਇੱਕ ਪੈਸਾ ਹੜ੍ਹ ਪ੍ਰਭਾਵਿਤ ਲੋਕਾਂ ਦੇ ਮੁੜ ਵਸੇਬੇ ‘ਤੇ ਖਰਚ ਕੀਤਾ ਜਾਵੇਗਾ।