ਕੇਂਦਰੀ ਆਵਾਜਾਈ ਮੰਤਰੀ ਨਿਤਿਨ ਗਡਕਰੀ ਨੇ ਬੀਤੇ ਦਿਨਾਂ ਪੰਜਾਬ ਦੇ ਮੁਖ ਮੰਤਰੀ ਭਗਵੰਤ ਮਾਨ ਨੂੰ ਚਿੱਠੀ ਲਿਖ ਕੇ ਕਈ NHAI ਪ੍ਰਾਜੈਕਟਾਂ ਨੂੰ ਜਲਦੀ ਪੂਰਾ ਕਰਵਾਉਣ ਲਈ ਕਿਹਾ ਸੀ। ਉਨ੍ਹਾਂ ਕਿਹਾ ਸੀ ਕਿ ਪ੍ਰਾਜੈਕਟ ਸਮੇਂ ਸਿਰ ਪੂਰੇ ਨਾ ਹੋਏ ਤਾਂ NHAI ਕੋਲ ਇਨ੍ਹਾਂ ਪ੍ਰਾਜੈਕਟਾਂ ਨੂੰ ਬੰਦ ਕਰਨ ਤੋਂ ਇਲਾਵਾ ਕੋਈ ਹੋਰ ਰਾਹ ਨਹੀਂ ਬਚੇਗਾ।
ਇਸੇ ਦੇ ਮੱਦੇਨਜ਼ਰ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਦੇਸ਼ ਅਤੇ ਸੂਬੇ ਦੀ ਤਰੱਕੀ ਲਈ ਐੱਨ.ਐੱਚ.ਏ.ਆਈ. ਨੂੰ ਸਹਿਯੋਗ ਦੇਣ ਅਤੇ ਆਪਸੀ ਤਾਲਮੇਲ ਰਾਹੀਂ ਕੰਮ ਕਰਨ ਲਈ ਵਚਨਬੱਧ ਹੈ। ਕੇਂਦਰੀ ਸੜਕ ਆਵਾਜਾਈ ਅਤੇ ਕੌਮੀ ਰਾਜ ਮਾਰਗ ਮੰਤਰੀ ਨਿਤਿਨ ਗਡਕਰੀ ਨੂੰ ਇਕ ਪੱਤਰ ਲਿਖ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਦੇਸ਼ ਅਤੇ ਸੂਬਾ ਦੋਵਾਂ ਲਈ ਐੱਨ.ਐੱਚ.ਏ.ਆਈ. ਪ੍ਰਾਜੈਕਟਾਂ ਦੀ ਮਹੱਤਤਾ ਨੂੰ ਚੰਗੀ ਤਰ੍ਹਾਂ ਸਮਝਦੀ ਹੈ ਅਤੇ ਪੰਜਾਬ ਸਰਕਾਰ ਇਨ੍ਹਾਂ ਪ੍ਰਾਜੈਕਟਾਂ ਨੂੰ ਤੇਜ਼ੀ ਨਾਲ ਲਾਗੂ ਕਰਨ ਲਈ ਵਚਨਬੱਧ ਹੈ।
ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਜ਼ਮੀਨ ਪ੍ਰਾਪਤੀ ਅਤੇ ਹੋਰ ਸਬੰਧਤ ਮਾਮਲਿਆਂ ਵਿੱਚ ਐੱਨ.ਐੱਚ.ਏ.ਆਈ. ਦੀ ਸਰਗਰਮੀ ਨਾਲ ਸਹਾਇਤਾ ਕਰ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹੀ ਕਾਰਨ ਹੈ ਕਿ ਕੁਝ ਕੁ ਨੂੰ ਛੱਡ ਕੇ ਸੂਬੇ ਵਿੱਚ ਐੱਨ.ਐੱਚ.ਏ.ਆਈ ਦੇ ਜ਼ਿਆਦਾਤਰ ਪ੍ਰਾਜੈਕਟ ਲੀਹ ‘ਤੇ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਗਡਕਰੀ ਵੱਲੋਂ ਜ਼ਿਕਰ ਕੀਤੇ ਦੋਵਾਂ ਮਾਮਲਿਆਂ ਵਿੱਚ ਸਥਾਨਕ ਪੁਲਸ ਨੇ ਤੁਰੰਤ ਕਾਨੂੰਨ ਦੀਆਂ ਸਬੰਧਤ ਧਾਰਾਵਾਂ ਤਹਿਤ ਐੱਫ.ਆਈ.ਆਰ. ਦਰਜ ਕੀਤੀ ਹੈ। ਉਨ੍ਹਾਂ ਅੱਗੇ ਦੱਸਿਆ ਕਿ ਇਨ੍ਹਾਂ ਦੋਵਾਂ ਮਾਮਲਿਆਂ ਵਿੱਚ ਗ੍ਰਿਫ਼ਤਾਰੀਆਂ ਕੀਤੀਆਂ ਗਈਆਂ ਹਨ ਅਤੇ ਜਾਂਚ ਦੌਰਾਨ ਇਹ ਪਾਇਆ ਗਿਆ ਹੈ ਕਿ ਇੱਕ ਘਟਨਾ ਐੱਨ.ਐੱਚ.ਏ.ਆਈ. ਦੇ ਠੇਕੇਦਾਰ ਵੱਲੋਂ ਜ਼ਮੀਨ ਦੀ ਵੱਧ ਖੁਦਾਈ ਦਾ ਨਤੀਜਾ ਸੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਦੂਜੀ ਘਟਨਾ ਠੇਕੇਦਾਰ ਵੱਲੋਂ ਆਪਣੇ ਉਪ-ਠੇਕੇਦਾਰ ਨੂੰ ਵਿੱਤੀ ਬਕਾਇਆ ਨਾ ਦੇਣ ਦਾ ਨਤੀਜਾ ਹੈ ਅਤੇ ਕਿਹਾ ਕਿ ਦੋਵੇਂ ਮਾਮਲੇ ਠੇਕੇਦਾਰ ਕਰਕੇ ਪੈਦਾ ਹੋਏ ਹਨ।