ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਦਿੱਲੀ ’ਚ ਨੀਤੀ ਆਯੋਗ ਦੀ 7ਵੀਂ ਮੀਟਿੰਗ ’ਚ ਹਿੱਸਾ ਲਿਆ। ਮੁੱਖ ਮੰਤਰੀ ਵਜੋਂ ਭਗਵੰਤ ਮਾਨ ਦੀ ਇਹ ਪਹਿਲੀ ਮੀਟਿੰਗ ਸੀ। ਸੀ. ਐੱਮ. ਮਾਨ ਨੇ ਕਿਹਾ ਕਿ ਇਸ ਮੀਟਿੰਗ ’ਚ ਪੰਜਾਬ ਅਤੇ ਕਿਸਾਨਾਂ ਨਾਲ ਸਬੰਧਿਤ ਕਈ ਮੁੱਦੇ ਉਠਾਏ ਗਏ ਹਨ। ਉਨ੍ਹਾਂ ਕਿਹਾ ਕਿ ਝੋਨੇ ਅਤੇ ਕਣਕ ਦੀਆਂ ਫ਼ਸਲਾਂ ਤੋਂ ਇਲਾਵਾ ਹੋਰ ਫ਼ਸਲਾਂ ’ਤੇ ਵੀ ਕਿਸਾਨਾਂ ਲਈ ਐੱਮ. ਐੱਸ. ਪੀ. ਦੀ ਮੰਗ ਰੱਖੀ ਗਈ ਹੈ। ਇਸ ਦੌਰਾਨ ਸੀ. ਐੱਮ. ਮਾਨ ਵੱਲੋਂ ਐੱਮ. ਐੱਸ. ਪੀ. ਦੀ ਕਾਨੂੰਨੀ ਗਾਰੰਟੀ ਦਾ ਮੁੱਦਾ ਉਠਾਇਆ ਗਿਆ। ਉਨ੍ਹਾਂ ਨੇ ਐੱਮ. ਐੱਸ. ਪੀ. ਕਮੇਟੀ ਦਾ ਪੁਨਰਗਠਨ ਕਰਨ ਦੀ ਮੰਗ ਕੀਤੀ ਹੈ। ਇਹ ਤੈਅ ਕਰਨ ਲਈ ਜੋ ਕਮੇਟੀ ਗਠਿਤ ਕੀਤੀ ਗਈ, ਉਸ ਨੂੰ ਦੁਬਾਰਾ ਬਣਾਇਆ ਜਾਵੇ। ਇਸ ਦੇ ਨਾਲ ਹੀ ਸੂਬੇ ਦੇ ਸਕੂਲਾਂ ’ਚ ਸੁਧਾਰ ਲਿਆਉਣ ਲਈ ਵੀ ਕਈ ਸੁਝਾਅ ਦਿੱਤੇ ਗਏ। ਇਸ ਦੇ ਨਾਲ ਹੀ ਸ਼ਹਿਰਾਂ ਦੇ ਵਿਕਾਸ ਨਾਲ ਜੁੜੇ ਕਈ ਮੁੱਦੇ ਵੀ ਉਠਾਏ ਗਏ।
ਨੀਤੀ ਆਯੋਗ ਦੀ ਇਸ ਮੀਟਿੰਗ ਦੌਰਾਨ ਸਾਰੇ ਸੂਬਿਆਂ ਦੇ ਮੁੱਖ ਮੰਤਰੀਆਂ ਨੇ ਆਪੋ-ਆਪਣੇ ਸੂਬਿਆਂ ਦੀਆਂ ਸਮੱਸਿਆਵਾਂ ਰੱਖੀਆਂ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਸੁਣਿਆ। ਸੀ. ਐੱਮ. ਮਾਨ ਨੇ ਕਿਹਾ ਕਿ ਪੰਜਾਬ ਹਮੇਸ਼ਾ ਹੀ ਦੇਸ਼ ਦੇ ਵਿਕਾਸ ’ਚ ਵਧ-ਚੜ੍ਹ ਕੇ ਹਿੱਸਾ ਲੈਂਦਾ ਰਿਹਾ ਹੈ। ਇਸ ਦੇ ਨਾਲ ਹੀ ਇਸ ਮੌਕੇ ਪੰਜਾਬ ਯੂਨੀਵਰਸਿਟੀ ਦਾ ਮੁੱਦਾ ਵੀ ਉਠਾਇਆ ਗਿਆ।