ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨ ਅੰਦੋਲਨ ਦੇ ਸਮਰਥਨ ਵਿੱਚ ‘No Farmers, No Food’ ਦਾ ਬੈਚ ਲਗਾਇਆ। ਮੁੱਖ ਮੰਤਰੀ ਨੇ ਵਰਚੁਅਲ ਕਿਸਾਨ ਮੇਲੇ ਦੇ ਉਦਘਾਟਨ ਦੇ ਦੌਰਾਨ ਇਸ ਬੈਚ ਨੂੰ ਪਹਿਨਿਆ ਸੀ, ਜਿਸ ਦੀਆਂ ਤਸਵੀਰਾਂ ਵਾਇਰਲ ਹੋ ਰਹੀਆਂ ਹਨ| ਤੁਹਾਨੂੰ ਦੱਸ ਦੇਈਏ ਕਿ ਮੁੱਖ ਮੰਤਰੀ ਨੇ ਹਾਲ ਹੀ ਵਿੱਚ ਕਿਸਾਨ ਅੰਦੋਲਨ ਦੇ ਸੰਬੰਧ ਵਿੱਚ ਇੱਕ ਵੱਡਾ ਬਿਆਨ ਦਿੱਤਾ ਸੀ।
ਉਨ੍ਹਾਂ ਕਿਸਾਨ ਜਥੇਬੰਦੀਆਂ ਨੂੰ ਹਰਿਆਣਾ ਅਤੇ ਦਿੱਲੀ ਵਿੱਚ ਖੇਤੀਬਾੜੀ ਕਾਨੂੰਨਾਂ ਨਾਲ ਲੜਨ ਦੀ ਅਪੀਲ ਕੀਤੀ। ਪੰਜਾਬ ਵਿੱਚ ਕਿਸਾਨਾਂ ਦਾ ਅੰਦੋਲਨ ਸੂਬੇ ਨੂੰ ਨੁਕਸਾਨ ਪਹੁੰਚਾ ਰਿਹਾ ਹੈ। ਉਨ੍ਹਾਂ ਦੇ ਬਿਆਨ ਦੀ ਕਿਸਾਨ ਜਥੇਬੰਦੀਆਂ ਅਤੇ ਵਿਰੋਧੀ ਸਿਆਸੀ ਪਾਰਟੀਆਂ ਨੇ ਆਲੋਚਨਾ ਕੀਤੀ ਸੀ। ਇਸ ਦੇ ਨਾਲ ਹੀ, ਇਸ ਬੈਚ ਰਾਹੀਂ, ਸੀਐਮ ਕੈਪਟਨ ਨੇ ਇਹ ਦਰਸਾਉਣ ਦੀ ਕੋਸ਼ਿਸ਼ ਕੀਤੀ ਹੈ ਕਿ ਉਹ ਕਿਸਾਨਾਂ ਦੇ ਨਾਲ ਖੜ੍ਹੇ ਹਨ |
ਦੱਸਣਯੋਗ ਹੈ ਕਿ ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਤਿੰਨ ਖੇਤੀਬਾੜੀ ਕਾਨੂੰਨਾਂ ਵਿਰੁੱਧ ਦੇਸ਼ ਭਰ ਵਿੱਚ ਵਿਰੋਧ ਪ੍ਰਦਰਸ਼ਨ ਚੱਲ ਰਹੇ ਹਨ। ਖੇਤੀਬਾੜੀ ਕਾਨੂੰਨ ਵਾਪਸ ਲੈਣ ਦੀ ਮੰਗ ਨੂੰ ਲੈ ਕੇ ਨਵੰਬਰ 2020 ਤੋਂ ਕਿਸਾਨਾਂ ਦਾ ਅੰਦੋਲਨ ਚੱਲ ਰਿਹਾ ਹੈ। ਹਜ਼ਾਰਾਂ ਕਿਸਾਨ ਅਜੇ ਵੀ ਦਿੱਲੀ ਦੀਆਂ ਸਰਹੱਦਾਂ ‘ਤੇ ਖੜ੍ਹੇ ਹਨ।