ਪੰਜਾਬ ਦੇ ਅੰਮ੍ਰਿਤਸਰ ਵਿੱਚ ਕਾਨੂੰਨ ਵਿਵਸਥਾ ਨੂੰ ਲੈ ਕੇ ਪੁਲਿਸ ਅਧਿਕਾਰੀਆਂ ਦੀ ਇੱਕ ਮਹੱਤਵਪੂਰਨ ਮੀਟਿੰਗ ਹੋਈ। ਜਿਸ ਵਿੱਚ ਪੰਜਾਬ ਦੇ DGP ਗੌਰਵ ਯਾਦਵ ਵੀ ਸ਼ਾਮਿਲ ਹੋਏ। ਡੀਜੀਪੀ ਗੌਰਵ ਯਾਦਵ ਦੀ ਪ੍ਰਧਾਨਗੀ ਹੇਠ ਹੋਈ ਇਸ ਮੀਟਿੰਗ ਵਿੱਚ ਕਮਿਸ਼ਨਰੇਟ ਅੰਮ੍ਰਿਤਸਰ ਅਤੇ ਸਰਹੱਦੀ ਜ਼ਿਲ੍ਹਿਆਂ ਗੁਰਦਾਸਪੁਰ, ਬਟਾਲਾ, ਅੰਮ੍ਰਿਤਸਰ ਦਿਹਾਤੀ ਅਤੇ ਤਰਨਤਾਰਨ ਦੇ ਪੁਲਿਸ ਅਧਿਕਾਰੀ ਸ਼ਾਮਲ ਹੋਏ।
ਇਸ ਮੀਟਿੰਗ ਦਾ ਉਦੇਸ਼ ਗਣਤੰਤਰ ਦਿਵਸ 2025 ਦੇ ਮੱਦੇਨਜ਼ਰ ਸੁਰੱਖਿਆ ਪ੍ਰਣਾਲੀ ਨੂੰ ਮਜ਼ਬੂਤ ਕਰਨਾ ਅਤੇ ਸ਼ਾਂਤੀ ਅਤੇ ਸਦਭਾਵਨਾ ਬਣਾਈ ਰੱਖਣਾ ਸੀ। ਨਵੰਬਰ ਮਹੀਨੇ ਤੋਂ ਪੰਜਾਬ ਵਿੱਚ ਸ਼ੁਰੂ ਹੋਈਆਂ ਬੰਬ ਧਮਾਕਿਆਂ ਦੀਆਂ ਘਟਨਾਵਾਂ ਤੋਂ ਬਾਅਦ ਡੀਜੀਪੀ ਗੌਰਵ ਯਾਦਵ ਦਾ ਅੰਮ੍ਰਿਤਸਰ ਦਾ ਇਹ ਦੂਜਾ ਦੌਰਾ ਹੈ।
ਮੀਟਿੰਗ ਮੁੱਖ ਤੌਰ ‘ਤੇ ਅੱਤਵਾਦ ਵਿਰੋਧੀ ਕਾਰਵਾਈਆਂ, ਨਸ਼ੀਲੇ ਪਦਾਰਥਾਂ ਦੀ ਤਸਕਰੀ ਵਿਰੁੱਧ ਕਾਰਵਾਈ ਅਤੇ ਸੰਗਠਿਤ ਅਪਰਾਧਾਂ ‘ਤੇ ਕਾਰਵਾਈ ‘ਤੇ ਕੇਂਦ੍ਰਿਤ ਸੀ।
ਪੁਲਿਸ ਅਤੇ ਸੁਰੱਖਿਆ ਪ੍ਰਬੰਧਾਂ ਦੀ ਵਿਸਥਾਰ ਨਾਲ ਸਮੀਖਿਆ ਕੀਤੀ ਗਈ ਅਤੇ ਸਬੰਧਤ ਅਧਿਕਾਰੀਆਂ ਨੂੰ ਮਹੱਤਵਪੂਰਨ ਥਾਵਾਂ ‘ਤੇ ਪੁਲਿਸ ਦੀ ਮੌਜੂਦਗੀ ਨੂੰ ਯਕੀਨੀ ਬਣਾਉਣ, ਸੁਰੱਖਿਆ ਮੁਹਿੰਮਾਂ ਚਲਾਉਣ ਅਤੇ ਹੋਰ ਰੋਕਥਾਮ ਅਤੇ ਜਾਂਚ ਨਾਲ ਸਬੰਧਤ ਉਪਾਅ ਕਰਨ ਲਈ ਢੁਕਵੇਂ ਨਿਰਦੇਸ਼ ਦਿੱਤੇ ਗਏ।