ਪੰਜਾਬ ਵਿੱਚ ਵੋਟਿੰਗ ਹੋਣ ਨੂੰ ਸਿਰਫ਼ ਇੱਕ ਦਿਨ ਬਾਕੀ ਹੈ ਅਤੇ ਇਸ ਦੌਰਾਨ ਕਈ ਸਿਆਸੀ ਆਗੂਆਂ ਦੀਆਂ ਮੁਸ਼ਕਿਲਾਂ ਵਧੀਆਂ ਜਾ ਰਹੀਆਂ ਹਨ। ਇਸ ਸਮੇਂ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੀ ਮੁਸ਼ਕਿਲਾਂ ‘ਚ ਘਿਰਦੇ ਨਜ਼ਰ ਆ ਰਹੇ ਹਨ। ਉਨ੍ਹਾਂ ਖ਼ਿਲਾਫ਼ ਮਾਣਹਾਨੀ ਦਾ ਮਾਮਲਾ ਦਰਜ ਕੀਤਾ ਗਿਆ ਹੈ। ਇਹ ਮਾਮਲਾ ਚੰਡੀਗੜ੍ਹ ਪੁਲਿਸ ਦੇ ਡੀਐਸਪੀ ਦਿਲਸ਼ੇਰ ਸਿੰਘ ਚੰਦੇਲ ਨੇ ਦਰਜ ਕਰਵਾਇਆ ਹੈ ਅਤੇ ਇਸ ਮਾਮਲੇ ਦੀ ਸੁਣਵਾਈ ਸੋਮਵਾਰ ਨੂੰ ਹੋਵੇਗੀ।
ਜਾਣਕਾਰੀ ਮੁਤਾਬਕ ਦੋ ਮਹੀਨੇ ਪਹਿਲਾਂ ਇੱਕ ਚੋਣ ਰੈਲੀ ਵਿੱਚ ਨਵਜੋਤ ਸਿੱਧੂ ਨੇ ਪੰਜਾਬ ਪੁਲਿਸ ਖ਼ਿਲਾਫ਼ ਇੱਕ ਵਿਵਾਦਿਤ ਬਿਆਨ ਦਿੱਤਾ ਸੀ। ਇਸ ’ਤੇ ਡੀਐਸਪੀ ਦਿਲਸ਼ੇਰ ਸਿੰਘ ਨੇ ਕਾਨੂੰਨੀ ਨੋਟਿਸ ਭੇਜ ਕੇ ਸਿੱਧੂ ਨੂੰ ਮੁਆਫ਼ੀ ਮੰਗਣ ਲਈ ਕਿਹਾ ਸੀ ਪਰ ਨੋਟਿਸ ਦਾ ਕੋਈ ਜਵਾਬ ਨਾ ਮਿਲਣ ’ਤੇ ਡੀਐਸਪੀ ਨੇ ਆਪਣੇ ਵਕੀਲ ਡਾਕਟਰ ਸੂਰਿਆਪ੍ਰਕਾਸ਼ ਰਾਹੀਂ ਜ਼ਿਲ੍ਹਾ ਅਦਾਲਤ ਵਿੱਚ ਕੇਸ ਦਾਇਰ ਕਰ ਦਿੱਤਾ।
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ CM ਚੰਨੀ ਤੇ ਸਿੱਧੂ ਮੂਸੇਵਾਲਾ ਵੀ ਮੁਸ਼ਕਿਲਾਂ ਵਿੱਚ ਘਿਰਦੇ ਨਜ਼ਰ ਆਏ ਹਨ। ਉਨ੍ਹਾਂ ਖ਼ਿਲਾਫ਼ ਵੀ ਮਾਨਸਾ ਪੁਲਿਸ ਨੇ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਦੇ ਦੋਸ਼ ‘ਚ ਧਾਰਾ-188 ਤਹਿਤ ਮਾਮਲਾ ਦਰਜ ਕੀਤਾ ਹੈ।