ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਰੇਤ ਦੀ ਗੈਰ-ਕਾਨੂੰਨੀ ਮਾਈਨਿੰਗ ਨਾਲ ਜੁੜੇ ਮਾਮਲੇ ‘ਤੇ ਵੱਡੀ ਕਾਰਵਾਈ ਕੀਤੀ ਹੈ। ਈਡੀ ਦੀ ਟੀਮ ਨੇ ਲੁਧਿਆਣਾ, ਪੰਚਕੂਲਾ, ਮੋਹਾਲੀ ਸਮੇਤ ਕਰੀਬ 12 ਥਾਵਾਂ ‘ਤੇ ਛਾਪੇਮਾਰੀ ਕੀਤੀ। ਸੂਤਰਾਂ ਅਨੁਸਾਰ ਮੁਹਾਲੀ ਵਿੱਚ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਕਰੀਬੀ ਰਿਸ਼ਤੇਦਾਰ ਦੇ ਘਰ ਵੀ ਛਾਪਾ ਮਾਰਿਆ ਗਿਆ ਹੈ। ਇਸ ਦੇ ਨਾਲ ਹੀ ਇਸ ਮਾਮਲੇ ‘ਤੇ ਪ੍ਰਤੀਕਿਰਿਆ ਦਿੰਦੇ ਹੋਏ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਜਦੋਂ ਪੱਛਮੀ ਬੰਗਾਲ ‘ਚ ਚੋਣਾਂ ਹੋਈਆਂ ਸਨ ਤਾਂ ਮਮਤਾ ਬੈਨਰਜੀ ਦੇ ਰਿਸ਼ਤੇਦਾਰਾਂ ‘ਤੇ ਵੀ ਅਜਿਹੇ ਹਮਲੇ ਹੋਏ ਸਨ। ਹੁਣ ਈਡੀ ਪੰਜਾਬ ਵਿੱਚ ਵੀ ਅਜਿਹਾ ਹੀ ਕਰ ਰਹੀ ਹੈ। ਇਹ ਲੋਕਤੰਤਰ ਲਈ ਖ਼ਤਰਾ ਹੈ ਪਰ ਅਸੀਂ ਹਾਰਨ ਵਾਲੇ ਨਹੀਂ ਹਾਂ। ਜਦੋਂ ਚੋਣਾਂ ਆਈਆਂ ਹਨ ਤਾਂ ਉਨ੍ਹਾਂ ਨੂੰ ਈਡੀ ਦੀ ਛਾਪੇਮਾਰੀ ਯਾਦ ਆ ਗਈ ਹੈ। ਸੀਐਮ ਚੰਨੀ ਨੇ ਕਿਹਾ ਕਿ ਮੈਨੂੰ ਮੀਡੀਆ ਤੋਂ ਖ਼ਬਰ ਮਿਲੀ ਹੈ। ਉਹ ਮੈਨੂੰ, ਮੇਰੇ ਮੰਤਰੀਆਂ ਅਤੇ ਹਰ ਕਾਂਗਰਸੀ ਆਗੂ ਨੂੰ ਪ੍ਰੇਸ਼ਾਨ ਕਰ ਰਹੇ ਹਨ। ਉਹ ਸਾਨੂੰ ਦਬਾਉਣ ਦੀ ਕੋਸ਼ਿਸ਼ ਕਰ ਰਹੇ ਹਨ ਪਰ ਪੰਜਾਬੀ ਕਦੇ ਦੱਬਦੇ ਨਹੀਂ।