Bhagwant Mann Closing Kiratpur Sahib-Nangal-Una toll plaza: ਟੋਲ ਪਲਾਜ਼ਿਆਂ ‘ਤੇ ਆਮ ਲੋਕਾਂ ਦੀ ਲੁੱਟ ਰੋਕਣ ਲਈ ਸੂਬਾ ਸਰਕਾਰ ਦੀ ਲੋਕ ਪੱਖੀ ਪਹਿਲਕਦਮੀ ਜਾਰੀ ਰੱਖਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਨੀਵਾਰ ਨੂੰ ਸੂਬੇ ਦਾ ਅੱਠਵਾਂ ਟੋਲ ਪਲਾਜ਼ਾ ਬੰਦ ਕਰਵਾਇਆ, ਜਿਸ ਨਾਲ ਆਮ ਲੋਕਾਂ ਦੇ ਰੋਜ਼ਾਨਾ 10.12 ਲੱਖ ਰੁਪਏ ਦੀ ਬੱਚਤ ਹੋਵੇਗੀ।
ਕੀਰਤਪੁਰ ਸਾਹਿਬ-ਰੂਪਨਗਰ ਰੋਡ ‘ਤੇ ਸਥਿਤ ਟੋਲ ਪਲਾਜ਼ਾ ਬੰਦ ਕਰਨ ਮਗਰੋਂ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਟੋਲ ਪਲਾਜ਼ਾ ਵਾਲੇ ਪਿਛਲੀਆਂ ਸਰਕਾਰਾਂ ਦੀ ਮਿਲੀਭੁਗਤ ਨਾਲ ਲੋਕਾਂ ਦੀ ਨਾਜਾਇਜ਼ ਲੁੱਟ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਉਨ੍ਹਾਂ ਭ੍ਰਿਸ਼ਟਾਚਾਰ ਮੁਕਤ ਪੰਜਾਬ, ਨੌਜਵਾਨਾਂ ਲਈ ਰੋਜ਼ਗਾਰ, ਮੁਫ਼ਤ ਬਿਜਲੀ, ਸਕੂਲਾਂ-ਕਾਲਜਾਂ ਦੀ ਕਾਇਆ ਕਲਪ ਸਮੇਤ ਹੋਰ ਗਾਰੰਟੀਆਂ ਦਿੱਤੀਆਂ ਸਨ। ਭਗਵੰਤ ਮਾਨ ਨੇ ਕਿਹਾ ਕਿ ਕਈ ਹੋਰ ਅਜਿਹੇ ਕੰਮ ਕੀਤੇ ਜਾ ਰਹੇ ਹਨ, ਜੋ ਗਰੰਟੀ ਦਾ ਹਿੱਸਾ ਨਹੀਂ ਸਨ ਪਰ ਇਹ ਸੂਬਾ ਸਰਕਾਰ ਦਾ ਫ਼ਰਜ਼ ਹੈ।
ਸਾਡੀ ਸਰਕਾਰ ਨੇ 1 ਸਾਲ ‘ਚ 8 ਟੋਲ ਪਲਾਜ਼ੇ ਬੰਦ ਕੀਤੇ ਨੇ
ਕਿਸੇ ਵੀ ਨਵੇਂ ਟੋਲ ਲੱਗਣ ‘ਤੇ ਲਗਾਈ ਰੋਕ
ਨਾਜਾਇਜ਼ ਢੰਗ ਨਾਲ਼ ਟੋਲ ਦੀ ਮਿਆਦ ਨੂੰ ਅੱਗੇ ਵਧਾਉਣ ਵਾਲੇ ਅਫ਼ਸਰਾਂ ‘ਤੇ ਵਿਭਾਗੀ ਕਾਰਵਾਈ ਕੀਤੀ ਜਾਵੇਗੀ
ਪੰਜਾਬੀਆਂ ਦੇ ਹੱਕ ਦਾ ਇੱਕ-ਇੱਕ ਪੈਸਾ ਅਸੀਂ ਖ਼ਜ਼ਾਨੇ ‘ਚ ਵਾਪਿਸ ਲੈ ਕੇ ਆਵਾਂਗੇ
—CM @BhagwantMann pic.twitter.com/47NokbXp5w
— AAP Punjab (@AAPPunjab) April 1, 2023
ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਟੋਲ ਪਲਾਜ਼ਿਆਂ ਉਤੇ ਆਮ ਲੋਕਾਂ ਦੀ ਲੁੱਟ ਨੂੰ ਰੋਕਣਾ ਇਸ ਮੁਹਿੰਮ ਦਾ ਹੀ ਇੱਕ ਹਿੱਸਾ ਹੈ। ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਨੇ ਲੋਕ ਸਭਾ ‘ਚ ਇਹ ਮੁੱਦੇ ਉਠਾਏ ਸਨ ਅਤੇ ਹੁਣ ਜਦੋਂ ਉਨ੍ਹਾਂ ਨੂੰ ਲੋਕਾਂ ਦੀ ਸੇਵਾ ਕਰਨ ਦਾ ਮੌਕਾ ਮਿਲਿਆ ਹੈ ਤਾਂ ਉਹ ਇਹ ਟੋਲ ਨਾਕੇ ਬੰਦ ਕਰਵਾ ਰਹੇ ਹਨ। ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਸੜਕਾਂ ਨੂੰ ਲੋਕ ਨਿਰਮਾਣ ਵਿਭਾਗ ਵੱਲੋਂ ਆਪਣੇ ਕਬਜ਼ੇ ਵਿੱਚ ਲਿਆ ਜਾਵੇਗਾ ਅਤੇ ਇਨ੍ਹਾਂ ਸੜਕਾਂ ਦੀ ਸਮੇਂ ਸਿਰ ਮੁਰੰਮਤ ਅਤੇ ਮਜ਼ਬੂਤੀ ਨੂੰ ਯਕੀਨੀ ਬਣਾਇਆ ਜਾਵੇਗਾ।
ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ‘ਕਿਰਾਏ ਉਤੇ ਸੜਕਾਂ’ ਦਾ ਦੌਰ ਖ਼ਤਮ ਹੋ ਗਿਆ ਹੈ ਅਤੇ ਇਹ ਆਮ ਆਦਮੀ ਲਈ ਵੱਡੀ ਰਾਹਤ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਅਤੇ ਅਕਾਲੀਆਂ ਨੇ ਟੋਲ ਪਲਾਜ਼ਾ ਕੰਪਨੀਆਂ ਨਾਲ ਮਿਲੀਭੁਗਤ ਕਰਕੇ ਸਾਰੇ ਮਾੜੇ ਕੰਮਾਂ ਨੂੰ ਅੱਖੋਂ ਪਰੋਖੇ ਕਰਕੇ ਉਨ੍ਹਾਂ ਨੂੰ ਵੱਡਾ ਫਾਇਦਾ ਪਹੁੰਚਾਇਆ ਹੈ। ਭਗਵੰਤ ਮਾਨ ਨੇ ਕਿਹਾ ਕਿ ਜਦੋਂ ਆਮ ਆਦਮੀ ਪਾਰਟੀ ਨੂੰ ਸੱਤਾ ਮਿਲੀ ਹੈ ਤਾਂ ਜਨਤਾ ਦੇ ਪੈਸੇ ਦੀ ਇਸ ਸ਼ਰ੍ਹੇਆਮ ਲੁੱਟ ਨੂੰ ਰੋਕਿਆ ਗਿਆ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਇਸ ਟੋਲ ਪਲਾਜ਼ਾ ਦਾ ਸਮਝੌਤਾ ਕੈਪਟਨ ਸਰਕਾਰ ਵੇਲੇ 10 ਅਕਤੂਬਰ 2006 ਨੂੰ ਹੋਇਆ ਸੀ ਅਤੇ 16.50 ਸਾਲਾਂ ਲਈ ਟੋਲ ਲਗਾਇਆ ਗਿਆ ਸੀ। ਉਨ੍ਹਾਂ ਕਿਹਾ ਕਿ ਇਹ ਟੋਲ ਅਕਾਲੀ-ਭਾਜਪਾ ਸਰਕਾਰ ਦੌਰਾਨ 20 ਨਵੰਬਰ 2007 ਨੂੰ ਚਾਲੂ ਹੋ ਗਿਆ ਸੀ ਅਤੇ ਸਮਝੌਤੇ ਅਨੁਸਾਰ ਪਹਿਲਾ ਮੁਰੰਮਤ ਦਾ ਕੰਮ 19 ਨਵੰਬਰ 2013 ਨੂੰ ਕੀਤਾ ਜਾਣਾ ਸੀ। ਭਗਵੰਤ ਮਾਨ ਨੇ ਕਿਹਾ ਕਿ ਤਤਕਾਲੀ ਅਕਾਲੀ ਸਰਕਾਰ ਨੇ ਸੂਬੇ ਅਤੇ ਇੱਥੋਂ ਦੇ ਲੋਕਾਂ ਦੇ ਹਿੱਤਾਂ ਨੂੰ ਨਜ਼ਰਅੰਦਾਜ਼ ਕੀਤਾ, ਜਿਸ ਕਾਰਨ ਨਿਰਧਾਰਤ ਮਿਤੀ ਤੋਂ ਇਕ ਸਾਲ ਬਾਅਦ 1 ਨਵੰਬਰ 2014 ਨੂੰ ਪ੍ਰੀਮਿਕਸ ਪਾਉਣ ਦਾ ਕੰਮ ਕੀਤਾ ਗਿਆ ਸੀ ਪਰ ਹੈਰਾਨੀ ਦੀ ਗੱਲ ਹੈ ਕਿ ਕੰਪਨੀ ਖ਼ਿਲਾਫ਼ ਕੋਈ ਕਾਰਵਾਈ ਨਹੀਂ ਕੀਤੀ ਗਈ।
ਟੋਲ ਦੇ ਬੰਦ ਹੋਣ ਨਾਲ਼ ਧਾਰਮਿਕ ਸਥਾਨਾਂ 'ਤੇ ਦਰਸ਼ਨ ਕਰਨ ਜਾਣ ਵਾਲੀਆਂ ਸੰਗਤਾਂ ਨੂੰ ਰਾਹਤ ਮਿਲੇਗੀ
ਸਾਰੀਆਂ ਟੋਲ ਪਲਾਜ਼ਾ ਕੰਪਨੀਆਂ ਨੂੰ ਟੋਲ ਦੀ Expiry Date ਲਿਖਣ ਦੇ ਹੁਕਮ ਜਾਰੀ ਕਰ ਦਿੱਤੇ ਗਏ ਨੇ
ਟੋਲ ਕੰਪਨੀ ਤੋਂ ₹67 ਕਰੋੜ ਦਾ ਜ਼ੁਰਮਾਨਾ ਵਸੂਲਣ ਲਈ ਜੇ ਕਿਸੇ ਵੀ ਅਦਾਲਤ 'ਚ ਜਾਣਾ ਪਿਆ ਤਾਂ ਅਸੀਂ ਜਾਵਾਂਗੇ
—CM @BhagwantMann pic.twitter.com/rXl3TWf1GX
— AAP Punjab (@AAPPunjab) April 1, 2023
ਇਸੇ ਤਰ੍ਹਾਂ ਮੁੱਖ ਮੰਤਰੀ ਨੇ ਕਿਹਾ ਕਿ ਦੂਜਾ ਮੁਰੰਮਤ ਕਾਰਜ 19 ਨਵੰਬਰ 2017 ਨੂੰ ਕੀਤਾ ਜਾਣਾ ਸੀ ਪਰ ਇਹ ਨਿਰਧਾਰਤ ਸਮੇਂ ਦੀ ਬਜਾਏ 1093 ਦਿਨਾਂ ਦੀ ਦੇਰੀ ਨਾਲ 16 ਨਵੰਬਰ 2020 ਨੂੰ ਕੀਤਾ ਗਿਆ। ਉਨ੍ਹਾਂ ਕਿਹਾ ਕਿ ਇਸ ਦੇਰੀ ਨਾਲ ਜੁਰਮਾਨਾ ਲਾਉਣ ਦੀ ਕਾਰਵਾਈ ਕੀਤੀ ਜਾ ਸਕਦੀ ਸੀ ਅਤੇ ਇਸ ਨਾਲ ਏਜੰਸੀ ਨਾਲ ਸਮਝੌਤਾ ਖ਼ਤਮ ਹੋ ਸਕਦਾ ਸੀ ਪਰ ਕਿਸੇ ਨੇ ਵੀ ਇਸ ਵਿਰੁੱਧ ਕਾਰਵਾਈ ਕਰਨ ਦੀ ਖੇਚਲ ਨਹੀਂ ਕੀਤੀ। ਭਗਵੰਤ ਮਾਨ ਨੇ ਕਿਹਾ ਕਿ ਇਸ ਅਣਗਹਿਲੀ ਕਾਰਨ ਅੱਜ ਕੰਪਨੀ ਵੱਲ ਸੂਬੇ ਦਾ 67 ਕਰੋੜ ਰੁਪਏ ਬਕਾਇਆ ਹੈ ਪਰ ਪਿਛਲੀਆਂ ਸਰਕਾਰਾਂ ਇਸ ਦੀ ਵਸੂਲੀ ਕਰਨ ਦੀ ਬਜਾਏ ਕੰਪਨੀ ਦਾ ਪੱਖ ਪੂਰਦੀਆਂ ਰਹੀਆਂ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਕੰਪਨੀ ਕਿਸਾਨ ਅੰਦੋਲਨ ਅਤੇ ਕੋਵਿਡ ਮਹਾਂਮਾਰੀ ਦੇ ਬਹਾਨੇ 582 ਦਿਨਾਂ ਦਾ ਸਮਾਂ ਵਧਾਉਣ ਦੀ ਮੰਗ ਕਰ ਰਹੀ ਸੀ ਪਰ ਉਨ੍ਹਾਂ ਦੀ ਸਰਕਾਰ ਨੇ ਇਸ ਤੋਂ ਇਨਕਾਰ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਹ ਕੰਮ ਪਹਿਲਾਂ ਹੀ ਹੋ ਜਾਣਾ ਚਾਹੀਦਾ ਸੀ ਪਰ ਪਿਛਲੀਆਂ ਸਰਕਾਰਾਂ ਦੇ ਕਿਸੇ ਵੀ ਆਗੂ ਨੇ ਲੋਕਾਂ ਦੇ ਹਿੱਤਾਂ ਦੀ ਰਾਖੀ ਕਰਨ ਦੀ ਖੇਚਲ ਨਹੀਂ ਕੀਤੀ, ਸਗੋਂ ਉਨ੍ਹਾਂ ਨੇ ਇਸ ਕੰਪਨੀ ਦੇ ਹੱਕਾਂ ਦੀ ਰਾਖੀ ਲਈ ਕੰਮ ਕੀਤਾ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਨੂੰ ਸ੍ਰੀ ਆਨੰਦਪੁਰ ਸਾਹਿਬ, ਨੈਣਾ ਦੇਵੀ ਜੀ ਆਦਿ ਧਾਰਮਿਕ ਸਥਾਨਾਂ ਨਾਲ ਜੋੜਨ ਵਾਲੀ ਇਸ ਸੜਕ ਤੋਂ ਲੰਘਣ ਲਈ ਆਮ ਆਦਮੀ ਰੋਜ਼ਾਨਾ 10.12 ਲੱਖ ਰੁਪਏ ਖਰਚ ਕਰਦੇ ਸਨ।
ਇਸ ਕੰਪਨੀ ਨੇ ਸਾਡੀ ਸਰਕਾਰ ਤੋਂ 582 ਦਿਨ ਦੀ Extension ਮੰਗੀ ਸੀ ਜੋ ਅਸੀਂ ਨਹੀਂ ਦਿੱਤੀ
ਆਮ ਲੋਕਾਂ ਨੂੰ ਰੋਜ਼ਾਨਾ ₹10.12 ਲੱਖ ਦੀ ਬੱਚਤ ਹੋਵੇਗੀ
—CM @BhagwantMann pic.twitter.com/lL2MHKEeAX
— AAP Punjab (@AAPPunjab) April 1, 2023
ਮੁੱਖ ਮੰਤਰੀ ਨੇ ਕਿਹਾ ਕਿ ਇਹ ਪੈਸਾ ਕੰਪਨੀ ਤੋਂ ਵਸੂਲ ਕਰਕੇ ਇਨ੍ਹਾਂ ਸੜਕਾਂ ਦੀ ਮੁਰੰਮਤ ਅਤੇ ਮਜ਼ਬੂਤੀ ‘ਤੇ ਲਾਇਆ ਜਾਵੇਗਾ। ਉਨ੍ਹਾਂ ਇਹ ਵੀ ਕਿਹਾ ਕਿ ਜਨਤਾ ਦੀ ਇਸ ਸ਼ਰ੍ਹੇਆਮ ਲੁੱਟ ਵਿੱਚ ਜਿਨ੍ਹਾਂ ਆਗੂਆਂ ਤੇ ਅਧਿਕਾਰੀਆਂ ਦਾ ਹੱਥ ਹੈ, ਉਨ੍ਹਾਂ ਨੂੰ ਵੀ ਕਿਸੇ ਕੀਮਤ ‘ਤੇ ਬਖ਼ਸ਼ਿਆ ਨਹੀਂ ਜਾਵੇਗਾ। ਭਗਵੰਤ ਮਾਨ ਨੇ ਸਪੱਸ਼ਟ ਕਿਹਾ ਕਿ ਲੋਕਾਂ ਤੋਂ ਲੁੱਟਿਆ ਗਿਆ ਇੱਕ-ਇੱਕ ਪੈਸਾ ਇਨ੍ਹਾਂ ਤੋਂ ਹਰ ਤਰੀਕੇ ਨਾਲ ਵਸੂਲ ਕੀਤਾ ਜਾਵੇਗਾ।
ਮੁੱਖ ਮੰਤਰੀ ਨੇ ਕਿਹਾ ਕਿ ਬੀਤੇ ਵਰ੍ਹੇ ਸੂਬੇ ਦੇ ਲੋਕਾਂ ਨੇ ਉਨ੍ਹਾਂ ਨੂੰ ਈ.ਵੀ.ਐਮ. ਦਾ ਬਟਨ ਦੱਬ ਕੇ ਸੱਤਾ ਵਿਚ ਲਿਆਂਦਾ ਸੀ ਅਤੇ ਹੁਣ ਸੱਤਾ ਸੰਭਾਲਣ ਦੇ ਇਕ ਸਾਲ ਦੇ ਅੰਦਰ-ਅੰਦਰ ਹੀ ਉਹ ਹਰ ਰੋਜ਼ ਚਾਰ ਪੰਜ ਬਟਨ ਦੱਬ ਕੇ ਸੂਬੇ ਦੇ ਲੋਕਾਂ ਨੂੰ ਨਵੇਂ ਪ੍ਰਾਜੈਕਟ ਸਮਰਪਿਤ ਕਰਦੇ ਹਨ। ਉਨ੍ਹਾਂ ਕਿਹਾ ਕਿ ਉਹ ਦਿਨ ਦੂਰ ਨਹੀਂ, ਜਦੋਂ ਪੰਜਾਬ ਸਰਕਾਰ ਦੇ ਸੁਹਿਰਦ ਯਤਨਾਂ ਸਦਕਾ ਪੰਜਾਬ ਦੇਸ਼ ਦੇ ਮੋਹਰੀ ਸੂਬੇ ਵਜੋਂ ਉਭਰੇਗਾ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h