ਵਾਤਾਵਰਣ ਮੰਤਰੀ ਮੀਤ ਹੇਅਰ ਨੇ ਚੌਗਿਰਦੇ ਨੂੰ ਬਚਾਉਣ ਲਈ ਸਾਰਿਆਂ ਨੂੰ ਜਾਗਰੂਕ ਕਰਨ ‘ਤੇ ਜ਼ੋਰ ਦਿੱਤਾ
ਕਿਹਾ, ਸਾਡੇ ਭਵਿੱਖ ਨੂੰ ਬਚਾਉਣ ਲਈ ਵਾਤਾਵਰਣ ਵਿੱਚ ਨਿਵੇਸ਼ ਕਰਨ ਦਾ ਇਹ ਸਹੀ ਸਮਾਂ
ਸਿੰਚਾਈ ਲਈ ਜੇਕਰ ਨਹਿਰੀ ਪਾਣੀ ਦੀ ਸਮੇਂ ਸਿਰ ਸਹੀ ਵਰਤੋਂ ਕਰਨ ਤੇ ਜ਼ੋਰ ਦਿੱਤਾ ਹੁੰਦਾ ਤਾਂ ਸੂਬੇ ਚ ਧਰਤੀ ਹੇਠਲੇ ਪਾਣੀ ਦੀ ਦੁਰਵਤੋਂ ਨਹੀਂ ਸੀ ਹੋਣੀ
ਹਵਾ ਨੂੰ ਹੋਰ ਪ੍ਰਦੂਸ਼ਿਤ ਕਰਨ ਲਈ ਪਰਾਲੀ ਨੂੰ ਨਾ ਸਾੜਨ ਦਾ ਸੱਦਾ
ਭਗਤ ਪੂਰਨ ਸਿੰਘ ਵਾਤਾਵਾਰਣ ਸੰਭਾਲ ਸੁਸਾਇਟੀ ਵੱਲੋਂ ਵਾਤਾਵਰਣ ਸਬੰਧੀ ਵਿਚਾਰ ਚਰਚਾ ਵਿੱਚ ਭਾਗ ਲਿਆ
ਪੰਜਾਬ ਦੇ ਵਿਗਿਆਨ, ਟੈਕਨਾਲੋਜੀ ਅਤੇ ਵਾਤਾਵਰਣ ਅਤੇ ਜਲ ਸਰੋਤ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਸਮਾਜ ਨੂੰ ਵਾਤਾਵਰਣ ਵਿੱਚ ਨਿਵੇਸ਼ ਕਰਨ ਦਾ ਸੱਦਾ ਦਿੰਦਿਆਂ ਕਿਹਾ ਕਿ ਇਹ ਵਾਤਾਵਰਨ ਨੂੰ ਬਚਾਉਣ ਦਾ ਸਹੀ ਸਮਾਂ ਹੈ ਤਾਂ ਜੋ ਸਾਡਾ ਭਵਿੱਖ ਬਚਾਇਆ ਜਾ ਸਕੇ। ਪੰਜਾਬ ਸਕੂਲ ਸਿੱਖਿਆ ਬੋਰਡ ਮੋਹਾਲੀ ਦੇ ਆਡੀਟੋਰੀਅਮ ਵਿਖੇ ਭਗਤ ਪੂਰਨ ਸਿੰਘ ਵਾਤਾਵਰਣ ਸੰਭਾਲ ਸੁਸਾਇਟੀ ਵੱਲੋਂ ਵਾਤਾਵਰਣ ਵਿਸ਼ੇ ‘ਤੇ ਕਰਵਾਏ ਸੈਮੀਨਾਰ ਨੂੰ ਸੰਬੋਧਨ ਕਰਦਿਆਂ ਵਾਤਾਵਰਣ ਮੰਤਰੀ ਨੇ ਕਿਹਾ ਕਿ ਅਸੀਂ ਆਪਣੇ ਕੁਦਰਤੀ ਸੋਮਿਆਂ ਦਾ ਵੱਡੇ ਪੱਧਰ ਤੇ ਸ਼ੋਸ਼ਣ ਕਰ ਰਹੇ ਹਾਂ।
ਧਰਤੀ ਹੇਠਲੇ ਪਾਣੀ ਦੀ ਦੁਰਵਰਤੋਂ ਦੀ ਜਿਉਂਦੀ ਜਾਗਦੀ ਮਿਸਾਲ ਦਿੰਦਿਆਂ ਉਨ੍ਹਾਂ ਕਿਹਾ ਕਿ ਅਸੀਂ ਹੁਣ ਤੱਕ ਨਹਿਰੀ ਪਾਣੀ ਦੀ 100 ਫੀਸਦੀ ਸਿੰਚਾਈ ਲਈ ਵਰਤੋਂ ਨਹੀਂ ਕਰ ਸਕੇ ਜਿਸ ਕਾਰਨ ਸਾਡੇ 78 ਫੀਸਦੀ ਬਲਾਕ ਡਾਰਕ ਜ਼ੋਨ ਵਿੱਚ ਹਨ। ਉਨ੍ਹਾਂ ਕਿਹਾ ਕਿ ਪਹਿਲਾਂ ਕਿਸੇ ਨੇ ਵੀ ਸਿੰਚਾਈ ਲਈ ਨਹਿਰੀ ਪਾਣੀ ਦੀ ਸੁਚੱਜੀ ਵਰਤੋਂ ਕਰਨ ਵੱਲ ਧਿਆਨ ਨਹੀਂ ਦਿੱਤਾ ਪਰ ਭਗਵੰਤ ਸਿੰਘ ਮਾਨ ਸਰਕਾਰ ਨੇ ਸੂਬੇ ਦੇ ਕੋਨੇ-ਕੋਨੇ ਤੱਕ ਸਿੰਚਾਈ ਲਈ ਨਹਿਰੀ ਪਾਣੀ ਪਹੁੰਚਾਉਣ ਦਾ ਭਰੋਸਾ ਦਿੱਤਾ ਹੈ ਅਤੇ ਅਸੀਂ ਧਰਤੀ ਹੇਠਲੇ ਪਾਣੀ ਦੀ 24 ਫੀਸਦੀ ਬਚਤ ਕੀਤੀ ਹੈ। ਦੂਜੇ ਰਾਜਾਂ ਨੂੰ ਪਾਣੀ ਦੀ ਇੱਕ ਵੀ ਬੂੰਦ ਨਾ ਦੇਣ ਦੇ ਵਿਰੋਧ ਦੇ ਬਿਆਨਾਂ ‘ਤੇ ਵਿਅੰਗ ਕਰਦਿਆਂ ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਵਿਚੋਂ ਕਿਸੇ ਨੇ ਵੀ ਨਹਿਰੀ ਪਾਣੀ ਦੀ ਸਿੰਚਾਈ ਲਈ ਪੂਰੀ ਸਮਰੱਥਾ ਨਾਲ ਵਰਤੋਂ ਕਰਨ ਬਾਰੇ ਸੁਹਿਰਦਤਾ ਨਾਲ ਨਹੀਂ ਸੋਚਿਆ ਅਤੇ ਜੇਕਰ ਅਜਿਹਾ ਕੀਤਾ ਹੁੰਦਾ ਤਾਂ ਸੂਬੇ ਵਿੱਚ ਧਰਤੀ ਹੇਠਲੇ ਪਾਣੀ ਦਾ ਪੱਧਰ ਡੂੰਘਾ ਨਹੀਂ ਸੀ ਜਾਣਾ। ਉਨ੍ਹਾਂ ਕਿਹਾ ਕਿ ਪੰਜਾਬ ਕੋਲ ਅਸਲ ਵਿੱਚ ਕੋਈ ਵਾਧੂ ਪਾਣੀ ਨਹੀਂ ਹੈ ਕਿਉਂਕਿ ਡਾਰਕ ਜ਼ੋਨਾਂ ਦਾ ਮਾਮਲਾ ਸਾਡੇ ਸਾਰਿਆਂ ਲਈ ਇੱਕ ਗੰਭੀਰ ਸਮੱਸਿਆ ਬਣ ਕੇ ਉਭਰ ਰਿਹਾ ਹੈ।

ਪੰਜਾਬ ਦੇ ਵਿਗੜ ਰਹੇ ਵਾਤਾਵਰਣ ਪ੍ਰਤੀ ਭਗਤ ਪੂਰਨ ਸਿੰਘ ਵਾਤਾਵਰਣ ਸੰਭਾਲ ਸੁਸਾਇਟੀ ਦੀ ਚਿੰਤਾ ਦੀ ਸ਼ਲਾਘਾ ਕਰਦਿਆਂ ਵਿਗਿਆਨ, ਤਕਨਾਲੋਜੀ ਅਤੇ ਵਾਤਾਵਰਣ ਮੰਤਰੀ ਨੇ ਕਿਹਾ ਕਿ ਅੱਜ ਸਾਡੇ ਸਾਹਮਣੇ ਬਹੁਤ ਸਾਰੀਆਂ ਚੁਣੌਤੀਆਂ ਖੜੀਆਂ ਹਨ।

ਗ੍ਰੀਨ ਕਵਰ ਤੇਜ਼ੀ ਨਾਲ ਘਟਦਾ ਜਾ ਰਿਹਾ ਹੈ, ਪਾਣੀ ਦਾ ਪੱਧਰ ਦਿਨੋ-ਦਿਨ ਘਟਦਾ ਜਾ ਰਿਹਾ ਹੈ, ਸਿੰਗਲ ਯੂਜ਼ ਪਲਾਸਟਿਕ ਦਾ ਖ਼ਤਰਾ ਪੈਦਾ ਹੋ ਰਿਹਾ ਹੈ ਅਤੇ ਪਰਾਲੀ ਨੂੰ ਹੋਰ ਤਰੀਕਿਆਂ ਨਾਲ ਨਿਪਟਾਉਣ ਤੋਂ ਬਚਣ ਲਈ ਪਰਾਲੀ ਨੂੰ ਅੱਗ ਲਗਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਾਨੂੰ ਲੋਕਾਂ ਨੂੰ ਜਾਗਰੂਕ ਕਰਨਾ ਪਵੇਗਾ ਅਤੇ ਦੂਸ਼ਿਤ ਵਾਤਾਵਰਨ ਕਾਰਨ ਪੈਦਾ ਹੋ ਰਹੇ ਮੁੱਦਿਆਂ ਪ੍ਰਤੀ ਵਿਦਿਆਰਥੀਆਂ ਨੂੰ ਜਾਗਰੂਕ ਕਰਨਾ ਹੋਵੇਗਾ। ਵਿਦਿਆਰਥੀ ਸਿੰਗਲ ਯੂਜ਼ ਪਲਾਸਟਿਕ ਦੀ ਵਰਤੋਂ ਨਾ ਕਰਨ ਦਾ ਪ੍ਰਣ ਲੈ ਕੇ ਅਤੇ ਹੋਰਨਾਂ ਨੂੰ ਵੀ ਮਾਰਗਦਰਸ਼ਨ ਕਰਕੇ ਨਵੀਂ ਮਿਸਾਲ ਕਾਇਮ ਕਰ ਸਕਦੇ ਹਨ। ਇਸੇ ਤਰ੍ਹਾਂ ਸਾਨੂੰ ਸਿੰਚਾਈ ਲਈ ਵੱਧ ਤੋਂ ਵੱਧ ਨਹਿਰੀ ਪਾਣੀ ਨੂੰ ਅਪਣਾਉਣਾ ਚਾਹੀਦਾ ਹੈ ਅਤੇ ਭਰਪੂਰ ਮਾਤਰਾ ਵਿੱਚ ਬੂਟੇ ਲਗਾਉਣੇ ਚਾਹੀਦੇ ਹਨ ਅਤੇ ਉਨ੍ਹਾਂ ਦੇ ਵਾਧੇ ਤੱਕ ਉਨ੍ਹਾਂ ਦੀ ਦੇਖਭਾਲ ਕਰਨੀ ਚਾਹੀਦੀ ਹੈ।

ਉਨ੍ਹਾਂ ਕਿਹਾ ਕਿ ਸਮਾਜ ਵਾਤਾਵਰਣ ਸੰਤੁਲਨ ਬਣਾਈ ਰੱਖਣ ਲਈ ਸਰਕਾਰਾਂ ਨਾਲੋਂ ਵੱਧ ਯੋਗਦਾਨ ਪਾ ਸਕਦਾ ਹੈ। ਸਰਕਾਰਾਂ ਮੁਹਿੰਮ ਸ਼ੁਰੂ ਕਰ ਸਕਦੀਆਂ ਹਨ ਪਰ ਇਸ ਨੂੰ ਸਫ਼ਲ ਬਣਾਉਣਾ ਸਾਡੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਸਾਨੂੰ ਆਪਣੀ ਨੌਜਵਾਨ ਪੀੜ੍ਹੀ ਨੂੰ ਸਾਫ਼-ਸੁਥਰੀ ਹਵਾ ਦੇ ਆਧਾਰ ‘ਤੇ ਰੁੱਖਾਂ, ਪਾਣੀ ਅਤੇ ਵਾਤਾਵਰਨ ਦੀ ਮਹੱਤਤਾ ਬਾਰੇ ਦੱਸਣਾ ਚਾਹੀਦਾ ਹੈ।

ਮੰਤਰੀ ਮੀਤ ਹੇਅਰ ਨੇ ਐਸ.ਏ.ਐਸ.ਨਗਰ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਦੇ 10ਵੀਂ ਅਤੇ 12ਵੀਂ ਦੀਆਂ ਪ੍ਰੀਖਿਆਵਾਂ ਵਿੱਚ ਪਹਿਲੀਆਂ ਤਿੰਨ ਪੁਜ਼ੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਵੀ ਕੀਤਾ। ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਕੀਤੇ ਜਾਣ ਵਾਲੇ ਵਿਦਿਆਰਥੀਆਂ ਵਿੱਚ ਗੁਰਲੀਨ ਕੌਰ, ਪ੍ਰਿਆ ਸ਼ਰਮਾ, ਅਰਮਾਨਪ੍ਰੀਤ ਕੌਰ, ਹਰਸ਼ਪ੍ਰੀਤ ਕੌਰ, ਰੰਜਨਦੀਪ ਕੌਰ ਸ਼ਾਮਲ ਸਨ।

ਪ੍ਰਸਿੱਧ ਵਾਤਾਵਰਨ ਪ੍ਰੇਮੀ ਅਤੇ ਪੈਨਲਿਸਟ, ਡਾ. ਪਿਆਰਾ ਲਾਲ ਗਰਗ ਅਤੇ ਸ਼ਰੂਤੀ ਸ਼ੁਕਲਾ ਨੇ ਵੀ ਇਕੱਠ ਨੂੰ ਸੰਬੋਧਨ ਕੀਤਾ ਅਤੇ ਵਾਤਾਵਰਨ ਪ੍ਰਤੀ ਆਪਣੀਆਂ ਚਿੰਤਾਵਾਂ ਸਾਂਝੀਆਂ ਕੀਤੀਆਂ ਅਤੇ ਇਸ ਨੂੰ ਬਚਾਉਣ ਲਈ ਵੱਖ-ਵੱਖ ਉਪਾਅ ਸੁਝਾਏ।
ਪ੍ਰਧਾਨ ਗੁਰਮੇਲ ਸਿੰਘ ਮੋਜੋਵਾਲ ਨੇ ਕਿਹਾ ਕਿ ਸੁਸਾਇਟੀ ਵੱਲੋਂ ਬੂਟੇ ਲਗਾਉਣ ਦੇ ਨਾਲ-ਨਾਲ ਵਾਤਾਵਰਣ ਨੂੰ ਬਚਾਉਣ ਲਈ ਲੋਕਾਂ ਨੂੰ ਜਾਗਰੂਕ ਕਰਨ ਦੀ ਵਚਨਬੱਧਤਾ ਨਾਲ 17 ਸਾਲਾਂ ਤੋਂ ਇਸ ਖੇਤਰ ਵਿੱਚ ਕੰਮ ਕੀਤਾ ਜਾ ਰਿਹਾ ਹੈ।

ਇਸ ਮੌਕੇ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਚੇਅਰਪਰਸਨ ਡਾ. ਸਤਿੰਦਰ ਕੌਰ ਬੇਦੀ, ਡਾ. ਪਿਆਰਾ ਲਾਲ ਗਰਗ, ਸ਼ਰੂਤੀ ਸ਼ੁਕਲਾ ਅਤੇ ਥੀਏਟਰ ਕਲਾਕਾਰ ਅਨੋਤਾ ਸ਼ਬਦੀਸ਼ ਸਨਮਾਨਿਤ ਵੀ ਕੀਤਾ ਗਿਆ। ਹੋਰਨਾਂ ਤੋਂ ਇਲਾਵਾ ਸੁਸਾਇਟੀ ਦੇ ਮੈਂਬਰ ਗੁਰਮੇਲ ਸਿੰਘ ਮੋਜੋਵਾਲ, ਹਰਦੇਵ ਸਿੰਘ ਕਲੇਰ, ਹਰਿੰਦਰਪਾਲ ਸਿੰਘ ਹੈਰੀ, ਡਾ. ਧਰਮਪਾਲ ਹੁਸ਼ਿਆਰਪੁਰੀ ਅਤੇ ਅਮਰਜੀਤ ਕੌਰ। ਵਾਤਾਵਰਣ ਮੰਤਰੀ ਨੇ ਇਸ ਮੌਕੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਵਿਹੜੇ ਵਿੱਚ ਇੱਕ ਬੂਟਾ ਵੀ ਲਗਾਇਆ।