Punjab Jalandhar Bypoll Election Results: ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ 10 ਮਈ ਨੂੰ ਪਈਆਂ ਵੋਟਾਂ ਦੇ ਨਤੀਜੇ ਆ ਗਏ ਹਨ। ਇੱਥੇ ਆਮ ਆਦਮੀ ਪਾਰਟੀ ਨੇ ਇਤਿਹਾਸਕ ਜਿੱਤ ਦਰਜ ਕੀਤੀ ਹੈ, ਜਦੋਂਕਿ ਕਾਂਗਰਸ ਦੂਜੇ ਨੰਬਰ ‘ਤੇ ਰਹੀ। ਜਲੰਧਰ ਲੋਕ ਸਭਾ ਜ਼ਿਮਨੀ ਚੋਣ ‘ਚ ਆਮ ਆਦਮੀ ਪਾਰਟੀ ਨੇ ਸਾਬਕਾ ਕਾਂਗਰਸੀ ਦੀ ਮਦਦ ਨਾਲ ਕਾਂਗਰਸ ਦਾ 60 ਸਾਲ ਪੁਰਾਣਾ ਕਿਲਾ ਢਾਹ ਦਿੱਤਾ। ‘ਆਪ’ ਉਮੀਦਵਾਰ ਸੁਸ਼ੀਲ ਰਿੰਕੂ ਨੇ ਕਾਂਗਰਸ ਉਮੀਦਵਾਰ ਕਰਮਜੀਤ ਕੌਰ ਚੌਧਰੀ ਨੂੰ 58,691 ਵੋਟਾਂ ਦੇ ਵੱਡੇ ਫਰਸ ਨਾਲ ਹਰਾਇਆ।
ਕਾਂਗਰਸ ਦਾ ਗੜ੍ਹ ਫਤਿਹ ਕਰਨ ਵਾਲੇ ਰਿੰਕੂ ਸਾਬਕਾ ਕਾਂਗਰਸੀ
ਕਾਂਗਰਸ ਦੇ ਸਾਬਕਾ ਵਿਧਾਇਕ ਸੁਸ਼ੀਲ ਰਿੰਕੂ ਉਪ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ (ਆਪ) ਵਿੱਚ ਸ਼ਾਮਲ ਹੋਏ ਸੀ। ਰਿੰਕੂ ਦੇ ‘ਆਪ’ ‘ਚ ਸ਼ਾਮਲ ਹੋਣ ਤੋਂ ਬਾਅਦ ਜਲੰਧਰ ਦੀ ਸਿਆਸਤ ਬਦਲੀ। ਆਮ ਆਦਮੀ ਪਾਰਟੀ ਨੂੰ ਜਲੰਧਰ ਵਿੱਚ ਕਾਫੀ ਸਮੇਂ ਤੋਂ ਯੋਗ ਉਮੀਦਵਾਰ ਦੀ ਤਲਾਸ਼ ਸੀ। ਇਸ ਤੋਂ ਬਾਅਦ ਪਾਰਟੀ ਨੇ ਸੁਸ਼ੀਲ ਰਿੰਕੂ ‘ਤੇ ਸੱਟਾ ਲਗਾਇਆ।
ਦੱਸ ਦਈਏ ਕਿ ਰਿੰਕੂ ਨੇ 2017 ਵਿੱਚ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਮਹਿੰਦਰ ਸਿੰਘ ਕੇਪੀ ਦੀ ਟਿਕਟ ਕੱਟ ਕੇ ਵਿਧਾਨ ਸਭਾ ਚੋਣਾਂ ਜਿੱਤੀਆਂ ਸੀ। ਕਾਂਗਰਸ ਨੇ ਉਨ੍ਹਾਂ ਨੂੰ ਜਲੰਧਰ ਪੱਛਮੀ ਤੋਂ ਆਪਣਾ ਉਮੀਦਵਾਰ ਬਣਾਇਆ ਸੀ। ਉਹ 2022 ਤੱਕ ਕੈਪਟਨ ਅਮਰਿੰਦਰ ਸਿੰਘ ਦੇ ਕਰੀਬੀ ਰਹੇ ਤੇ ਉਨ੍ਹਾਂ ਦੀ ਸਰਕਾਰ ਵਿੱਚ ਆਪਣਾ ਸਿੱਕਾ ਚਲਾਇਆ।
ਨਾਲ ਹੀ ਰਿੰਕੂ ਦੀ ਕਪੂਰਥਲਾ ਤੋਂ ਵਿਧਾਇਕ ਤੇ ਸਾਬਕਾ ਮੰਤਰੀ ਰਾਣਾ ਗੁਰਜੀਤ ਸਿੰਘ ਨਾਲ ਕਾਫੀ ਨੇੜਤਾ ਹੈ। 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਸ਼ੀਤਲ ਅੰਗੁਰਾਲ ਨੇ ‘ਆਪ’ ਦੀ ਟਿਕਟ ‘ਤੇ ਜਲੰਧਰ ਪੱਛਮੀ ਵਿਧਾਨ ਸਭਾ ਸੀਟ ਤੋਂ ਸੁਸ਼ੀਲ ਰਿੰਕੂ ਨੂੰ 4253 ਵੋਟਾਂ ਨਾਲ ਹਰਾਇਆ ਸੀ। ਹਾਰ ਤੋਂ ਬਾਅਦ ਕਾਂਗਰਸ ਨੇ ਵੀ ਸੁਸ਼ੀਲ ਰਿੰਕੂ ਤੋਂ ਦੂਰੀ ਬਣਾ ਲਈ।
ਜਲੰਧਰ ਤੋਂ ਸੰਸਦ ਮੈਂਬਰ ਚੌਧਰੀ ਸੰਤੋਖ ਸਿੰਘ ਦੀ ਮੌਤ ਤੋਂ ਬਾਅਦ ਸੁਸ਼ੀਲ ਰਿੰਕੂ ਨੂੰ ਕਾਂਗਰਸ ਦੀ ਟਿਕਟ ਦਾ ਮਜ਼ਬੂਤ ਦਾਅਵੇਦਾਰ ਮੰਨਿਆ ਜਾ ਰਿਹਾ ਸੀ ਪਰ ਕਾਂਗਰਸ ਨੇ ਚੌਧਰੀ ਦੀ ਪਤਨੀ ਕਰਮਜੀਤ ਕੌਰ ਨੂੰ ਮੈਦਾਨ ਵਿਚ ਉਤਾਰਿਆ। ਫਿਰ ਰਿੰਕੂ ਨੇ ਕਾਂਗਰਸ ਨਾਲੋਂ ਨਾਤਾ ਤੋੜ ‘ਆਪ’ ਦਾ ਪੱਲਾ ਫੜ ਲਿਆ ਸੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h