ਕੇਂਦਰ ਸਰਕਾਰ ਤੋਂ ਮੰਗਾਂ ਮਨਵਾਉਣ ਲਈ ਦਿੱਲੀ-ਸੰਗਰੂਰ ਮੁੱਖ ਮਾਰਗ ’ਤੇ ਪਿੰਡ ਢਾਬੀ ਗੁੱਜਰਾਂ ’ਚ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਅੱਜ 17ਵੇਂ ਦਿਨ ਵੀ ਜਾਰੀ ਰਿਹਾ। ਉਨ੍ਹਾਂ ਦੀ ਹਾਲਤ ਹੋਰ ਚਿੰਤਾਜਨਕ ਹੋ ਗਈ ਹੈ। ਡਾਕਟਰਾਂ ਵੱਲੋਂ ਉਨ੍ਹਾਂ ਦੀ ਸਿਹਤ ਦੀ ਨਿਗਰਾਨੀ ਕੀਤੀ ਜਾ ਰਹੀ ਹੈ। ਡਾਕਟਰਾਂ ਨੇ ਡੱਲੇਵਾਲ ਦਾ 12 ਕਿਲੋ ਵਜ਼ਨ ਘਟਣ ਦੀ ਪੁਸ਼ਟੀ ਕਰਦਿਆਂ ਕਿਹਾ ਹੈ ਕਿ ਉਨ੍ਹਾਂ ਦੀ ਹਾਲਤ ਕਿਸੇ ਵੀ ਸਮੇਂ ਹੋਰ ਗੰਭੀਰ ਹੋ ਸਕਦੀ ਹੈ।
ਉਧਰ, ਹੋਰ ਸੂਬਿਆਂ ਦੀਆਂ ਕਿਸਾਨ ਜਥੇਬੰਦੀਆਂ ਵੀ ਮੈਦਾਨ ਵਿਚ ਕੁੱਦ ਪਈਆਂ ਹਨ। ਇਸ ਦੌਰਾਨ ਉਤਰ ਪ੍ਰਦੇਸ਼ ਦੇ ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਵੱਡਾ ਐਲਾਨ ਕਰ ਦਿੱਤਾ ਹੈ। ਉਨ੍ਹਾਂ ਨੇ ਆਪਣੇ ਫੇਸਬੁਕ ਸਫੇ ਉਤੇ ਲਿਖਿਆ ਹੈ- ‘‘ਕਿਸਾਨੀ ਮਸਲਿਆਂ ਲਈ ਇਹ ਲੜਾਈ ਸਾਡੀ ਸਾਰਿਆਂ ਦੀ ਹੈ, ਅਸੀਂ ਕੱਲ੍ਹ ਖਨੌਰੀ ਬਾਰਡਰ ਉਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਮਿਲਾਂਗੇ।
ਇਸ ਦੌਰਾਨ ਕਈ ਹੋਰ ਵੱਡੇ ਆਗੂ ਵੀ ਪਹੁੰਚ ਰਹੇ ਹਨ। ਜਦੋਂ ਦੇਸ਼ ਦੀ ਕੇਂਦਰ ਸਰਕਾਰ ਨੇ ਤਿੰਨ ਖੇਤੀ ਕਾਨੂੰਨ ਲਿਆਂਦੇ ਤਾਂ ਸਮੁੱਚੇ ਦੇਸ਼ ਦੇ ਕਿਸਾਨਾਂ ਨੇ ਏਕਤਾ ਦਿਖਾਉਂਦੇ ਹੋਏ ਇਨ੍ਹਾਂ ਤਿੰਨਾਂ ਕਾਨੂੰਨਾਂ ਦਾ ਵਿਰੋਧ ਕੀਤਾ, ਜਿਸ ਕਾਰਨ ਕਿਸਾਨਾਂ ਨੇ ਦਿੱਲੀ ਦੇ ਆਲੇ-ਦੁਆਲੇ ਘੇਰਾਬੰਦੀ ਕਰਕੇ ਇਨ੍ਹਾਂ ਕਾਨੂੰਨਾਂ ਦਾ ਤੇਰਾਂ ਮਹੀਨਿਆਂ ਤੱਕ ਵਿਰੋਧ ਕੀਤਾ, ਜਿਸ ਕਾਰਨ ਕੇਂਦਰ ਸਰਕਾਰ ਨੇ ਉਨ੍ਹਾਂ ਨੂੰ ਵਾਪਸ ਲੈ ਲਿਆ, ਇਸ ਸੰਘਰਸ਼ ਵਿੱਚ ਸੰਯੁਕਤ ਕਿਸਾਨ ਮੋਰਚੇ ਵਿੱਚ ਸ਼ਾਮਲ ਸਾਰੇ ਗਰੁੱਪਾਂ ਨੇ ਅਹਿਮ ਭੂਮਿਕਾ ਨਿਭਾਈ, ਤਾਂ ਹੀ ਨਸਲ ਅਤੇ ਫਸਲ ਨੂੰ ਬਚਾਉਣ ਦੀ ਇਹ ਲੜਾਈ ਜਿੱਤੀ ਗਈ।’’
ਭਾਰਤੀ ਕਿਸਾਨ ਯੂਨੀਅਨ ਦੇ ਕੌਮੀ ਬੁਲਾਰੇ ਚੌਧਰੀ ਰਾਕੇਸ਼ ਟਿਕੈਤ ਨੇ ਪ੍ਰੈਸ ਨੂੰ ਦਿੱਤੇ ਬਿਆਨ ਵਿੱਚ ਕਿਹਾ ਕਿ ਇਹ ਸਾਡੀ ਸਾਰਿਆਂ ਦੀ ਲੜਾਈ ਹੈ ਕਿਉਂਕਿ ਅਸੀਂ ਸਾਰੇ ਕਿਸਾਨਾਂ ਦੇ ਮਸਲਿਆਂ ਲਈ ਸੰਘਰਸ਼ ਕਰ ਰਹੇ ਹਾਂ, ਕੇਂਦਰ ਸਰਕਾਰ ਨੇ ਐਮ.ਐਸ.ਪੀ ਨੂੰ ਗਾਰੰਟੀ ਕਾਨੂੰਨ ਦਾ ਦਰਜਾ ਨਹੀਂ ਦਿੱਤਾ ਹੈ। ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਪਿਛਲੇ 15 ਦਿਨਾਂ ਤੋਂ ਸ਼ੰਭੂ ਅਤੇ ਖਨੌਰੀ ਬਾਰਡਰ ‘ਤੇ ਅੰਦੋਲਨ ਕਰ ਰਹੇ ਹਨ। ਅਸੀਂ ਸਾਰੇ ਉਨ੍ਹਾਂ ਦੀ ਸਿਹਤ ਨੂੰ ਲੈ ਕੇ ਚਿੰਤਤ ਹਾਂ ਕਿਉਂਕਿ ਇਹ ਉਨ੍ਹਾਂ ਦੀ ਇਕੱਲੀ ਲੜਾਈ ਨਹੀਂ ਹੈ, ਅਸੀਂ ਕੱਲ੍ਹ ਦੁਪਹਿਰ 1 ਵਜੇ ਉਨ੍ਹਾਂ ਨੂੰ ਮਿਲਾਂਗੇ।