ਲੌਂਗੋਵਾਲ: ਲੌਂਗੋਵਾਲ ਦੇ ਸਰਕਾਰੀ ਪ੍ਰਾਇਮਰੀ ਹੈਲਥ ਸੈਂਟਰ ਵਿੱਚ ਡਾਕਟਰਾਂ ਸਮੇਤ ਬਾਕੀ ਸਟਾਫ ਦੀ ਘਾਟ ਪੂਰੀ ਕਰਨ, ਹੱਡਾ ਰੋੜੀ ਬਣਾਉਣ ਅਤੇ ਇਲਾਕੇ ਵਿਚ ਫੈਲੇ ਨਸ਼ਿਆਂ ਦੇ ਕਾਰੋਬਾਰ ਨੂੰ ਠੱਲ੍ਹ ਪਾਉਣ ਦੀ ਮੰਗ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਵੱਲੋਂ ਸੱਪਾਂ ਗੁੱਗਾ ਮਾੜੀ ਤੇ ਇਕੱਠੇ ਹੋ ਕੇ ਉਥੋਂ ਸਰਕਾਰੀ ਹਸਪਤਾਲ ਤੱਕ ਰੋਸ ਪ੍ਰਦਰਸ਼ਨ ਦਾ ਪ੍ਰੋਗਰਾਮ ਉਲੀਕਿਆ ਗਿਆ ਸੀ।
ਕੈਬਨਿਟ ਮੰਤਰੀ ਅਮਨ ਅਰੋੜਾ ਨੇ ਪ੍ਰਦਰਸ਼ਨ ਵਾਲੀ ਜਗ੍ਹਾ ‘ਤੇ ਆ ਕੇ ਵਿਸ਼ਵਾਸ ਦੁਆਇਆ ਕਿ ਕੱਲ੍ਹ ਨੂੰ ਹੀ ਹਸਪਤਾਲ ਵਿੱਚ ਇੱਕ ਡਾਕਟਰ ਅਤੇ ਲੈਬ ਤਕਨੀਸ਼ੀਅਨ ਤੈਨਾਤ ਕਰ ਦਿੱਤਾ ਜਾਵੇਗਾ ਅਤੇ ਬਾਕੀ ਸਟਾਫ ਸਬੰਧੀ ਇੱਕ ਹਫਤੇ ਵਿਚ ਸਥਿਤੀ ਸਪੱਸ਼ਟ ਕਰ ਦਿੱਤੀ ਜਾਵੇਗੀ। ਇਸੇ ਤਰ੍ਹਾਂ ਨਸ਼ਿਆਂ ਦੀ ਰੋਕਥਾਮ ਲਈ ਮੌਕੇ ‘ਤੇ ਐੱਸਐੱਚਓ ਨੂੰ ਨਿਰਦੇਸ਼ ਦਿੱਤੇ ਕਿ ਸਖਤ ਕਾਰਵਾਈ ਕੀਤੀ ਜਾਵੇ ਅਤੇ ਹੱਡਾਰੋੜੀ ਦੀ ਜ਼ਮੀਨ ਦੀ ਕੱਲ੍ਹ ਨੂੰ ਹੀ ਨਿਸ਼ਾਨਦੇਹੀ ਕਰਨ ਬਾਰੇ ਨਾਇਬ ਤਹਿਸੀਲਦਾਰ ਲੌਂਗੋਵਾਲ ਦੀ ਡਿਊਟੀ ਲਗਾਈ। ਇਸ ਤੇ ਹਾਜ਼ਰ ਲੋਕਾਂ ਨੇ ਸਹਿਮਤੀ ਬਣਾਉਦਿਆਂ ਰੋਸ ਪ੍ਰਦਰਸ਼ਨਾਂ ਸਮਾਪਤ ਕੀਤਾ ਅਤੇ ਆਗੂਆਂ ਨੇ ਕਿਹਾ ਕਿ ਜੇਕਰ ਇਕ ਹਫਤੇ ਤੱਕ ਕੋਈ ਠੋਸ ਕਾਰਵਾਈ ਨਾ ਹੋਈ ਤਾਂ ਅਗਲੇ ਸੰਘਰਸ਼ ਦੀ ਵਿਉਂਤਬੰਦੀ ਕੀਤੀ ਜਾਵੇਗੀ।
ਅੱਜ ਦੇ ਰੋਸ ਧਰਨੇ ਦੀ ਅਗਵਾਈ ਕਰ ਰਹੇ ਕਿਰਤੀ ਕਿਸਾਨ ਯੂਨੀਅਨ ਦੇ ਬਲਾਕ ਪ੍ਰਧਾਨ ਕਰਮਜੀਤ ਸਿੰਘ ਸਤੀਪੁਰਾ, ਬੀਕੇਯੂ ਡਕੌਂਦਾ ਦੇ ਮੀਤ ਪ੍ਰਧਾਨ ਪਰਗਟ ਸਿੰਘ ਨੇ ਦੱਸਿਆ ਕਿ ਇਸ ਇਲਾਕੇ ਦੇ ਲੋਕ ਕਾਫ਼ੀ ਸਮੇਂ ਤੋਂ ਸਿਹਤ ਸਹੂਲਤਾਂ ਦੀ ਘਾਟ ਅਤੇ ਹੱਡਾਂਰੋੜੀ ਨਾ ਹੋਣ ਕਾਰਨ ਸਮੱਸਿਆਵਾਂ ਨਾਲ ਜੂਝ ਰਹੇ ਹਨ ਅਤੇ ਇਲਾਕੇ ਵਿੱਚ ਵੱਡੀ ਪੱਧਰ ਤੇ ਚਿੱਟੇ ਸਮੇਤ ਖ਼ਤਰਨਾਕ ਨਸ਼ਿਆਂ ਦੀ ਵਿਕਰੀ ਹੋ ਰਹੀ ਹੈ। ਸਰਕਾਰ ਵੱਲੋਂ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ ਸੀ ਤਾਂ ਮਜਬੂਰ ਹੋ ਕੇ ਅੱਜ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਦਾ ਪ੍ਰੋਗਰਾਮ ਉਲੀਕਿਆ ਗਿਆ ਸੀ, ਜਿਸਨੂੰ ਦੇਖਦਿਆਂ ਕੈਬਨਿਟ ਮੰਤਰੀ ਨੂੰ ਪ੍ਰਦਰਸ਼ਨ ਵਾਲੀ ਜਗ੍ਹਾ ਤੇ ਆ ਕੇ ਮਸਲੇ ਹੱਲ ਕਰਨ ਦਾ ਐਲਾਨ ਕਰਨਾ ਪਿਆ। ਉਨ੍ਹਾਂ ਕਿਹਾ ਕਿ ਜੇਕਰ ਆਉਣ ਵਾਲੇ ਸਮੇਂ ਵਿਚ ਇਨ੍ਹਾਂ ਸਮੱਸਿਆਵਾਂ ਦਾ ਹੱਲ ਨਾ ਕੀਤਾ ਗਿਆ ਤਾਂ ਵੱਡੇ ਸੰਘਰਸ਼ ਦੀ ਰੂਪ-ਰੇਖਾ ਉਲੀਕੀ ਜਾਵੇਗੀ।
ਇਸ ਮੌਕੇ ਸੰਬੋਧਨ ਕਰਦਿਆਂ ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਆਗੂ ਭੁਪਿੰਦਰ ਸਿੰਘ ਲੌਂਗੋਵਾਲ ਅਤੇ ਜ਼ਿਲ੍ਹਾ ਪ੍ਰੈੱਸ ਸਕੱਤਰ ਭਜਨ ਸਿੰਘ ਢੱਡਰੀਆਂ ਨੇ ਕਿਹਾ ਸਾਨੂੰ ਬੁਨਿਆਦੀ ਮਸਲਿਆਂ ਦੇ ਸੰਘਰਸ਼ਾਂ ਵਿੱਚ ਜਥੇਬੰਦੀਆਂ ਅਤੇ ਬਾਕੀ ਧੜੇਬੰਦੀਆਂ ਤੋਂ ਉੱਪਰ ਉੱਠ ਕੇ ਸਾਂਝੇ ਤੌਰ ਤੇ ਲੜਾਈ ਲੜਨੀ ਚਾਹੀਦੀ ਹੈ ਤਾਂ ਹੀ ਸਰਕਾਰਾਂ ਨੂੰ ਮਜਬੂਰ ਕੀਤਾ ਜਾ ਸਕਦਾ ਹੈ ਕਿ ਉਹ ਡਰਾਮੇਬਾਜ਼ੀ ਛੱਡ ਕੇ ਲੋਕਾਂ ਦੇ ਅਸਲ ਮੁੱਦਿਆਂ ਦੇ ਹੱਲ ਕਰਨ।
ਇਸ ਮੌਕੇ ਗੁੱਗਾ ਮਾੜੀ ਲੌਂਗੋਵਾਲ ਵਿਖੇ ਵੱਡੀ ਗਿਣਤੀ ਇਕੱਠੇ ਹੋਏ ਲੋਕਾਂ ਨੇ ਕਿਰਤੀ ਕਿਸਾਨ ਯੂਨੀਅਨ ਦੇ ਇਕਾਈ ਪ੍ਰਧਾਨ ਹਰਦੇਵ ਸਿੰਘ ਦੁਲੱਟ, ਔਰਤ ਵਿੰਗ ਦੇ ਆਗੂ ਜਸਵਿੰਦਰ ਕੌਰ, ਸਾਹਿਬ ਸਿੰਘ ਤੇ ਰਵਿੰਦਰ ਸਿੰਘ ਤਕੀਪੁਰ, ਹਰਭਜਨ ਸਿੰਘ, ਜਥੇਦਾਰ ਸੁਰਜੀਤ ਸਿੰਘ, ਬਲਵਿੰਦਰ ਸਿੰਘ ਭੋਲਾ, ਸੁਰਜੀਤ ਸਿੰਘ ਅਕਾਲੀ, ਰਾਮ ਸਿੰਘ, ਦਰਸ਼ਨ ਸਿੰਘ, ਰਘਬੀਰ ਸਿੰਘ ਗੀਰਾ ਨੇ ਵੀ ਸੰਬੋਧਨ ਕਰਦਿਆਂ ਸੰਘਰਸ਼ ਦੀ ਹਮਾਇਤ ਕੀਤੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h