ਜ਼ਬਰੀ ਧਰਮ ਪਰਿਵਰਤਨ ਨੂੰ ਲੈ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ‘ਚ ਪਿਛਲੇ ਕੁਝ ਸਾਲਾਂ ਤੋਂ ਨਕਲੀ ਪਾਸਟਰਾਂ ਵਲੋਂ ਪੰਜਾਬ ਦੇ ਭੋਲ਼ੇ-ਭਾਲ਼ੇ ਸਿੱਖਾਂ ਅਤੇ ਹਿੰਦੂਆਂ ਨੂੰ ਗੁੰਮਰਾਹ ਕਰਕੇ ਧਰਮ ਪਰਿਵਰਤਨ ਕਰਵਾਇਆ ਜਾ ਰਿਹਾ ਹੈ, ਜੋ ਭਾਰਤੀ ਸੰਵਿਧਾਨ ਅਨੁਸਾਰ ਗੈਰ ਕਾਨੂੰਨੀ ਹੈ ਤੇ ਇਹ ਕਿਸੇ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਸਭ ਕੁਝ ਸਰਹੱਦੀ ਖੇਤਰਾਂ ‘ਚ ਹੋ ਰਿਹਾ ਹੈ, ਜੋ ਪੂਰੇ ਭਾਰਤ ਅਤੇ ਪੰਜਾਬ ਲਈ ਆਉਣ ਵਾਲ਼ੇ ਸਮੇਂ ‘ਚ ਇੱਕ ਵੱਡਾ ਖ਼ਤਰਾ ਬਣ ਸਕਦਾ ਹੈ।
ਜਥੇਦਾਰ ਹਰਪ੍ਰੀਤ ਸਿੰਘ ਨੇ ਕਿਹਾ ਕਿ ਨਿਹੰਗ ਸਿੰਘ ਪਿਛਲੇ 6 ਮਹੀਨਿਆਂ ਤੋਂ ਇਸ ਪਾਖੰਡਵਾਦ ਦੇ ਖ਼ਿਲਾਫ਼ ਪੁਲਸ ਨੂੰ ਦਰਖ਼ਾਸਤਾਂ ਦੇ ਰਹੇ ਸਨ ਪਰ ਪੁਲਸ ਨੇ ਕੋਈ ਵੀ ਕਦਮ ਨਹੀਂ ਚੁੱਕਿਆ। ਜਦੋਂ ਨਿਹੰਗ ਸਿੰਘਾਂ ਨੇ ਆਪਣ ਪੱਧਰ ‘ਤੇ ਇਨ੍ਹਾਂ ਪਾਖੰਡੀਆਂ ਨੂੰ ਰੋਕਣ ਦਾ ਯਤਨ ਕੀਤਾ ਤਾਂ ਪੁਲਸ ਵਲੋਂ ਲਗਭਗ 150 ਨਿਹੰਗਾਂ ‘ਤੇ 195 ਧਾਰਾ ਤਹਿਤ ਮੁਕੱਦਮਾ ਦਰਜ ਕਰ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਇਹ ਕਦਮ ਨਿਹੰਗ ਸਿੰਘਾਂ ਨੇ ਉਦੋਂ ਚੁੱਕਿਆ ਜਦੋਂ ਪੁਲਸ ਅਤੇ ਪ੍ਰਸਾਸ਼ਨ ਵਲੋਂ ਕੋਈ ਕਾਰਵਾਈ ਨਹੀਂ ਕੀਤੀ ਗਈ। ਉਨ੍ਹਾਂ ਮੰਗ ਕੀਤੀ ਕਿ ਇਨ੍ਹਾਂ ਪਰਚਿਆਂ ਨੂੰ ਜਲਦੀ ਰੱਦ ਕੀਤਾ ਜਾਵੇ ਨਹੀਂ ਤਾਂ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਵੱਡਾ ਕਦਮ ਚੁੱਕਿਆ ਜਾਵੇਗਾ, ਜਿਸ ਦੀ ਜ਼ਿੰਮੇਵਾਰ ਪ੍ਰਸਾਸ਼ਨ ਅਤੇ ਸਰਕਾਰ ਦੀ ਹੋਵੇਗੀ।
ਉਨ੍ਹਾਂ ਕਿਹਾ ਕਿ ਜ਼ਿਆਦਾਤਰ ਪੱਛੜੀਆਂ ਸ਼੍ਰੇਣੀਆਂ ਦੇ ਹਿੰਦੂਆਂ ਅਤੇ ਸਿੱਖਾਂ ਨੂੰ ਧਰਮ ਪਰਿਵਰਤਨ ਲਈ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਉਨ੍ਹਾਂ ਪੰਜਾਬ ਅਤੇ ਭਾਰਤ ਦੀਆਂ ਸਮੂਹ ਜੱਥੇਬੰਦੀਆਂ ਨੂੰ ਬੇਨਤੀ ਕਰਦੇ ਹੋਏ ਕਿਹਾ ਕਿ ਇਨ੍ਹਾਂ ਪਾਖੰਡੀਆਂ ਖ਼ਿਲਾਫ਼ ਕਦਮ ਚੁੱਕੇ ਜਾਣ ਅਤੇ ਭਾਰਤੀ ਸੰਵਿਧਾਨ ਅਨੁਸਾਰ ਬਣਦੀ ਧਾਰਾ ਅਨੁਸਾਰ ਮੁਕੱਦਮੇ ਦਰਜ ਕਰਵਾਏ ਜਾਣ। ਜਥੇਦਾਰ ਨੇ ਕਿਹਾ ਕਿ ਕਈ ਮਹੀਨਿਆਂ ਤੋਂ ਨਿਹੰਗ ਸਿੰਘਾਂ ਅਤੇ ਕ੍ਰਿਸ਼ਚੀਅਨ ਭਾਈਚਾਰੇ ’ਚ ਝੜਪਾਂ ਹੋਣ ਦੀਆਂ ਖ਼ਬਰਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ। ਬੀਤੇ ਦਿਨ੍ਹੀਂ ਅੰਮ੍ਰਿਤਸਰ ਦੇ ਪਿੰਡ ਡੱਡੂਆਨ ‘ਚ ਨਿਹੰਗ ਸਿੰਘਾਂ ਅਤੇ ਕ੍ਰਿਸ਼ਚੀਅਨ ਭਾਈਚਾਰੇ ਦੇ ਲੋਕਾਂ ਵਿਚਕਾਰ ਝੜਪ ਹੋਈ ਸੀ ਤੇ ਇਸ ਵਿੱਚ ਕਈ ਲੋਕ ਜ਼ਖ਼ਮੀ ਵੀ ਹੋ ਗਏ ਸਨ। ਨਿਹੰਗ ਸਿੰਘਾਂ ਦਾ ਇਹ ਇਲਜ਼ਾਮ ਸੀ ਕਿ ਪਾਸਟਰ ਜ਼ਬਰੀ ਧਰਮ ਪਰਿਵਰਤਨ ਕਰਵਾ ਰਹੇ ਹਨ।