ਟਰਾਂਸਪੋਰਟ ਵਿਭਾਗ ਦੇ ਅਧਿਕਾਰੀਆਂ ਨੇ ਪਨਬੱਸ, ਪੀ. ਆਰ. ਟੀ. ਸੀ. ਠੇਕਾ ਮੁਲਾਜ਼ਮ ਯੂਨੀਅਨ ਨੂੰ 8 ਫਰਵਰੀ ਨੂੰ ਮੁੱਖ ਮੰਤਰੀ ਨਾਲ ਮੀਟਿੰਗ ਕਰਵਾਉਣ ਭਰੋਸਾ ਦਿੱਤਾ ਹੈ। ਇਸ ਕਾਰਨ ਯੂਨੀਅਨ ਨੇ 52 ਸਵਾਰੀਆਂ ਨੂੰ ਬਿਠਾਉਣ ਸਬੰਧੀ ਲਾਈ ਗਈ ਪਾਬੰਦੀ ਅਤੇ ਬਣਾਏ ਗਏ ਨਿਯਮ ਨੂੰ ਵਾਪਸ ਲੈ ਲਿਆ ਹੈ। ਯੂਨੀਅਨ ਨੇ ਕੇਂਦਰ ਵੱਲੋਂ ਬਣਾਏ ਗਏ ‘ਹਿੱਟ ਐਂਡ ਰਨ’ ਕਾਨੂੰਨ ਅਤੇ ਸੂਬਾ ਸਰਕਾਰ ਦੀਆਂ ਕਰਮਚਾਰੀ ਵਿਰੋਧੀ ਨੀਤੀਆਂ ਦੇ ਵਿਰੋਧ ‘ਚ ਬੱਸਾਂ ‘ਚ 52 ਤੋਂ ਵੱਧ ਸਵਾਰੀਆਂ ਬਿਠਾਉਣ ‘ਤੇ ਰੋਕ ਲਾ ਦਿੱਤੀ ਸੀ।
ਇਸ ਕਾਰਨ ਯਾਤਰੀਆਂ ਨੂੰ ਭਾਰੀ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਵਿਭਾਗੀ ਅਧਿਕਾਰੀਆਂ ਨੇ ਯੂਨੀਅਨ ਨਾਲ ਮੀਟਿੰਗ ਕਰਦੇ ਹੋਏ ਭਰੋਸਾ ਦਿਵਾਇਆ ਕਿ 8 ਫਰਵਰੀ ਨੂੰ ਮੁੱਖ ਮੰਤਰੀ ਨਾਲ ਮੀਟਿੰਗ ਕਰਵਾਉਂਦੇ ਹੋਏ ਉਨ੍ਹਾਂ ਦੀਆਂ ਮੰਗਾਂ ‘ਤੇ ਵਿਚਾਰ ਕੀਤਾ ਜਾਵੇਗਾ।
ਇਸ ਕਾਰਨ ਯੂਨੀਅਨ ਨੇ 52 ਸਵਾਰੀਆਂ ਵਾਲੀ ਪਾਬੰਦੀ ਨੂੰ ਹਟਾ ਦਿੱਤਾ ਹੈ। ਯੂਨੀਅਨ ਦੇ ਸੂਬਾ ਪ੍ਰਧਾਨ ਰੇਸ਼ਮ ਸਿੰਘ ਗਿੱਲ ਅਤੇ ਜਨਰਲ ਸਕੱਤਰ ਸ਼ਮਸ਼ੇਰ ਸਿੰਘ ਢਿੱਲੋਂ ਦੀ ਪ੍ਰਧਾਨਗੀ ‘ਚ ਹੋਈ ਮੀਟਿੰਗ ‘ਚ ਬੁਲਾਰਿਆਂ ਨੇ ਕਿਹਾ ਕਿ ਲੋਕਾਂ ਦੀ ਪਰੇਸ਼ਾਨੀ ਨੂੰ ਦੇਖਦੇ ਹੋਏ ਇਹ ਫ਼ੈਸਲਾ ਲੈਣਾ ਪਿਆ ਹੈ।
ਉਨ੍ਹਾਂ ਕਿਹਾ ਕਿ ਪੰਜਾਬ ‘ਚ ਸਰਕਾਰੀ ਬੱਸਾਂ ਦੀ ਗਿਣਤੀ ਘੱਟ ਹੋਣ ਕਾਰਨ ਲੋਕਾਂ ਨੂੰ ਆਪਣੀ ਮੰਜ਼ਿਲ ‘ਤੇ ਪਹੁੰਚਣ ‘ਚ ਮੁਸ਼ਕਲਾਂ ਆ ਰਹੀਆਂ ਹਨ। ਯੂਨੀਅਨ ਸਵਾਰੀਆਂ ਨੂੰ ਪਰੇਸ਼ਾਨ ਨਹੀਂ ਕਰਨਾ ਚਾਹੁੰਦੀ, ਇਸ ਲਈ ਉਨ੍ਹਾਂ ਵੱਧ ਸਵਾਰੀਆਂ ਬਿਠਾਉਣ ਅਤੇ ਸੀਟਾਂ ਭਰ ਜਾਣ ‘ਤੇ ਸਵਾਰੀਆਂ ਦੇ ਖੜ੍ਹੇ ਹੋ ਕੇ ਸਫ਼ਰ ਕਰਨ ਨੂੰ ਮਨਜ਼ੂਰ ਕਰ ਲਿਆ ਹੈ ਤਾਂ ਕਿ ਵੱਧ ਤੋਂ ਵੱਧ ਲੋਕ ਆਪਣੀ ਮੰਜ਼ਿਲ ਤੱਕ ਪਹੁੰਚ ਸਕਣ।