ਦੂਜੇ ਸ਼ਹਿਰਾਂ ਵਿਚ ਜਾ ਕੇ ਕੰਮ ਕਰਨ ਵਾਲੀਆਂ ਔਰਤਾਂ ਨੂੰ ਅਕਸਰ ਰਹਿਣ ਤੇ ਸੁਰੱਖਿਆ ਨੂੰ ਲੈ ਕੇ ਕਾਫੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ, ਪਰ ਹੁਣ ਉਨ੍ਹਾਂ ਦੀਆਂ ਮੁਸ਼ਕਲਾਂ ਕੁਝ ਆਸਾਨ ਹੋ ਜਾਣਗੀਆਂ। ਦਰਅਸਲ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਵਿਚ ਔਰਤਾਂ ਲਈ 5 ਹੋਸਟਲ ਖੋਲ੍ਹਣ ਜਾ ਰਹੀ ਹੈ, ਜਿਸ ਨਾਲ ਦੂਜੇ ਸ਼ਹਿਰਾਂ ਵਿਚ ਜਾ ਕੇ ਕੰਮ ਕਰਨ ਵਾਲੀਆਂ ਔਰਤਾਂ ਨੂੰ ਸੁਰੱਖਿਅਤ ਰਿਹਾਇਸ਼ ਦੇ ਨਾਲ ਹੋਰ ਵੀ ਸਹੂਲਤਾਂ ਮਿਲਣਗੀਆਂ। ਇਹ ਹੋਸਟਲ ਮੋਹਾਲੀ, ਅੰਮ੍ਰਿਤਸਰ ਤੇ ਜਲੰਧਰ ਵਿਚ ਖੋਲ੍ਹੇ ਜਾਣਗੇ।
ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਐਲਾਨ ਕੀਤਾ ਕਿ ਸੂਬਾ ਸਰਕਾਰ ਕੰਮਕਾਜੀ ਔਰਤਾਂ ਲਈ ਸੁਰੱਖਿਅਤ ਅਤੇ ਪਹੁੰਚਯੋਗ ਰਿਹਾਇਸ਼ ਸਹੂਲਤਾਂ ਦਾ ਵਿਸਥਾਰ ਕਰਕੇ ਔਰਤਾਂ ਦੀ ਭਲਾਈ ਅਤੇ ਸਸ਼ਕਤੀਕਰਨ ਨੂੰ ਸਮਰਥਨ ਦੇਣ ਲਈ ਵੱਡੇ ਕਦਮ ਚੁੱਕ ਰਹੀ ਹੈ।
ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਕੁੱਲ 150 ਕਰੋੜ ਰੁਪਏ ਦੀ ਲਾਗਤ ਨਾਲ ਪੰਜ ਨਵੇਂ ਕੰਮਕਾਜੀ ਮਹਿਲਾ ਹੋਸਟਲ ਬਣਾ ਰਹੀ ਹੈ। ਇਹ ਹੋਸਟਲ ਮੋਹਾਲੀ, ਅੰਮ੍ਰਿਤਸਰ ਅਤੇ ਜਲੰਧਰ ਵਿੱਚ ਬਣਾਏ ਜਾਣਗੇ, ਜਿਨ੍ਹਾਂ ਵਿੱਚੋਂ ਤਿੰਨ ਮੋਹਾਲੀ ਵਿੱਚ ਅਤੇ ਇੱਕ-ਇੱਕ ਅੰਮ੍ਰਿਤਸਰ ਅਤੇ ਜਲੰਧਰ ਵਿੱਚ ਹੋਵੇਗਾ।







