Kalapani: Contribution of Punjabis in the Freedom Struggle Book: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਚੰਡੀਗੜ੍ਹ ਦੇ ਸੈਕਟਰ 26 ਸਥਿਤ ਸ੍ਰੀ ਗੁਰੂ ਗੋਬਿੰਦ ਸਿੰਘ ਕਾਲਜ ਦੇ ਹਰੀ ਸਿੰਘ ਨਲਵਾ ਆਡੀਟੋਰੀਅਮ ਵਿਖੇ ਕਰਵਾਏ ਸਮਾਗਮ ਦੌਰਾਨ ‘ਕਾਲਾਪਾਣੀ: ਆਜ਼ਾਦੀ ਸੰਗਰਾਮ ਵਿੱਚ ਪੰਜਾਬੀਆਂ ਦਾ ਯੋਗਦਾਨ’ ਸਿਰਲੇਖ ਵਾਲੀ ਪੁਸਤਕ ਜਾਰੀ ਕੀਤੀ ਹੈ। ਸ਼੍ਰੋਮਣੀ ਕਮੇਟੀ ਵੱਲੋਂ ਪ੍ਰਕਾਸ਼ਿਤ ਇਸ ਪੁਸਤਕ ਨੂੰ ਪੱਤਰਕਾਰ ਤੇ ਇਤਿਹਾਸਕਾਰ ਜਗਤਾਰ ਸਿੰਘ ਅਤੇ ਖੋਜਕਾਰ ਗੁਰਦਰਸ਼ਨ ਸਿੰਘ ਬਾਹੀਆ ਨੇ ਲਿਖਿਆ ਹੈ।
ਪੁਸਤਕ ਲੋਕਅਰਪਣ ਕਰਨ ਤੋਂ ਪਹਿਲਾਂ ਇੱਕ ਸੈਮੀਨਾਰ ਕਰਵਾਇਆ ਗਿਆ, ਜਿਸ ਵਿਚ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸੀਨੀਅਰ ਅਕਾਲੀ ਆਗੂ ਪ੍ਰੋ: ਪ੍ਰੇਮ ਸਿੰਘ ਚੰਦੂਮਾਜਰਾ, ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ, ਜੂਨੀਅਰ ਮੀਤ ਪ੍ਰਧਾਨ ਸ. ਅਵਤਾਰ ਸਿੰਘ ਰਿਆ, ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ, ਡਾ. ਪਰਮਵੀਰ ਸਿੰਘ, ਡਾ. ਮਦਨਜੀਤ ਕੌਰ ਸਹੋਤਾ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਨੇ ਆਪਣੇ ਵਿਚਾਰ ਸਾਂਝੇ ਕੀਤੇ।
ਸਮਾਗਮ ਦੌਰਾਨ ਆਪਣੇ ਸੰਬੋਧਨ ਵਿਚ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਇਹ ਪੁਸਤਕ ਆਜ਼ਾਦੀ ਸੰਗਰਾਮ ਦੇ ਪ੍ਰਚਲਿਤ ਬਿਰਤਾਂਤ ਦੀ ਥਾਂ ਸ਼ੁੱਧ ਅਤੇ ਸਹੀ ਜਾਣਕਾਰੀ ਨੂੰ ਪ੍ਰਸਤੁਤ ਕਰਦੀ ਹੈ। ਉਨ੍ਹਾਂ ਕਿਹਾ ਕਿ ਅਜ਼ਾਦੀ ਸੰਗਰਾਮ ਦੌਰਾਨ ਅੰਡੇਮਾਨ ਵਿੱਚ ਬੰਦ ਪੰਜਾਬੀਆਂ ਨੇ ਭਾਰੀ ਤਸ਼ੱਦਦ ਝੱਲਿਆ, ਜਿਸ ਨੂੰ ਹੁਣ ਤੱਕ ਅਣਗੌਲਿਆ ਗਿਆ ਹੈ। ਮੌਕੇ ਦੀਆਂ ਹਕੂਮਤਾਂ ਸਿੱਖਾਂ ਤੇ ਪੰਜਾਬੀਆਂ ਦੇ ਮੁਲਵਾਨ ਇਤਿਹਾਸ ਨੂੰ ਵਿਗਾੜਨ ਅਤੇ ਰਲਗਡ ਕਰਨ ਦੇ ਯਤਨ ਵਿਚ ਹਨ। ਸੈਲੂਲਰ ਜੇਲ੍ਹ ਦੀ ਸੂਚੀ ਚੋਂ ਸਿੱਖਾਂ ਦੇ ਨਾਵਾਂ ਨੂੰ ਅਣਗੌਲਾ ਕਰਨਾ ਵੀ ਇੱਕ ਕੋਝੀ ਸਾਜ਼ਿਸ਼ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਇਹ ਪੁਸਤਕ ਸਿੱਖਾਂ ਦੇ ਅਜ਼ਾਦੀ ’ਚ ਪਾਏ ਯੋਗਦਾਨ ਤੋਂ ਆਮ ਲੋਕਾਂ ਨੂੰ ਜਾਣੂ ਕਰਵਾਉਣ ਦਾ ਜਰੀਆ ਬਣੇਗੀ, ਇਸ ਲਈ ਇਸ ਨੂੰ ਪੰਜਾਬੀ ਵਿਚ ਅਨੁਵਾਦ ਕਰਕੇ ਵੀ ਛਾਪਿਆ ਜਾਵੇਗਾ।
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਇਹ ਵੀ ਭਰੋਸਾ ਦਵਾਇਆ ਕਿ ਇਸ ਪੁਸਤਕ ਵਿਚ ਦਰਜ ਕਾਲੇਪਾਣੀ ਵਿਖੇ ਕੁਰਬਾਨੀ ਕਰਨ ਵਾਲੇ ਪੰਜਾਬੀਆਂ ਨੂੰ ਕੌਮੀ ਪੱਧਰ ’ਤੇ ਮਾਨਤਾ ਦਿਵਾਉਣ ਲਈ ਭਾਰਤ ਸਰਕਾਰ ਦੇ ਸਬੰਧਤ ਮੰਤਰਾਲਿਆਂ ਪਾਸ ਵਫ਼ਦ ਲੈ ਕੇ ਪਹੁੰਚ ਕੀਤੀ ਜਾਵੇਗੀ। ਇਸ ਦੇ ਨਾਲ ਹੀ ਡਾ. ਦੀਵਾਨ ਸਿੰਘ ਕਾਲੇਪਾਣੀ, ਮਾਸਟਰ ਚਤਰ ਸਿੰਘ ਅਤੇ ਸੋਹਣ ਸਿੰਘ ਭਕਨਾ ਦੇ ਨਾਂ ’ਤੇ ਅੰਡੇਮਾਨ ਵਿਖੇ ਯਾਦਗਾਰਾਂ ਸਥਾਪਤ ਕਰਵਾਉਣ ਲਈ ਵੀ ਚਾਰਾਜੋਈ ਕੀਤੀ ਜਾਵੇਗੀ। ਉਨ੍ਹਾਂ ਪੁਸਤਕ ਦੇ ਲੇਖਕ ਜਗਤਾਰ ਸਿੰਘ ਅਤੇ ਗੁਰਦਰਸ਼ਨ ਸਿੰਘ ਬਾਹੀਆ ਨੂੰ ਇਹ ਖੋਜ ਕਾਰਜ ਸਫਲਤਾਪੂਰਵਕ ਨੇਪੜੇ ਚਾੜਨ ਲਈ ਧੰਨਵਾਦ ਕੀਤਾ।
ਇਸ ਮੌਕੇ ਸਾਬਕਾ ਮੈਂਬਰ ਪਾਰਲੀਮੈਂਟ ਤੇ ਸੀਨੀਅਰ ਅਕਾਲੀ ਆਗੂ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਅਜ਼ਾਦੀ ਸੰਘਰਸ਼ ਵਿਚ ਸਿੱਖਾਂ ਦਾ ਵੱਡਾ ਯੋਗਦਾਨ ਹੈ, ਪਰ ਦੁੱਖ ਦੀ ਗੱਲ ਹੈ ਕਿ ਸਿੱਖਾਂ ਨੂੰ ਬਣਦਾ ਮਾਣ ਨਹੀਂ ਦਿੱਤਾ ਗਿਆ। ਅਜਿਹਾ ਹੀ ਵਿਤਕਰਾ ਪੋਰਟ ਬਲੇਅਰ ਦੀ ਸੈਲੂਲਰ ਜੇਲ੍ਹ ਵਿਚ ਵੀ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਜਦੋਂ ਉਹ ਐਮਪੀ ਸਨ ਤਾਂ ਉਨ੍ਹਾਂ ਨੇ ਇਹ ਮਾਮਲਾ ਸੰਸਦ ਦੀ ਸਟੈਂਡਿੰਗ ਕਮੇਟੀ ਪਾਸ ਉਠਾਇਆ ਸੀ, ਜਿਸ ’ਤੇ ਸਰਕਾਰ ਵੱਲੋਂ ਕਿਹਾ ਗਿਆ ਸੀ ਕਿ ਇਸ ਸਬੰਧੀ ਸਹੀ ਤੱਥ ਦਿੱਤੇ ਜਾਣ, ਤਾਂ ਜੋ ਲੋੜੀਂਦੀ ਸੋਧ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਹੁਣ ਜਦੋਂ ਇਹ ਖੋਜ ਕਾਰਜ ਮੁਕੰਮਲ ਹੋ ਗਿਆ ਹੈ ਤਾਂ ਇਸ ਪੁਸਤਕ ਰੂਪੀ ਦਸਤਾਵੇਜ ਨੂੰ ਸਰਕਾਰ ਪਾਸ ਲੈਜਾਇਆ ਜਾਵੇ। ਉਨ੍ਹਾਂ ਕਿਹਾ ਕਿ ਇਸ ਪੁਸਤਕ ਵਿਚ 235 ਨਾਵਾਂ ਦੀ ਖੋਜ ਕੀਤੀ ਗਈ ਹੈ ਤੇ ਇਸ ਖੋਜ ਨੂੰ ਹੋਰ ਅੱਗੇ ਵਧਾਉਣਾ ਚਾਹੀਦਾ ਹੈ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਅੱਜ ਦੇ ਰਾਜਨੀਤਕ ਹਾਲਾਤਾਂ ਵਿਚ ਸੱਚ ਲਿਖਣਾ ਵੱਡੀ ਦਲੇਰੀ ਹੈ, ਜਿਸ ਲਈ ਕਿਤਾਬ ਦੇ ਦੋਵੇਂ ਲੇਖਕ ਵਧਾਈ ਦੇ ਪਾਤਰ ਹਨ। ਉਨ੍ਹਾਂ ਕਿਹਾ ਕਿ ਇਹ ਵਿਸ਼ਾ ਪੰਜਾਬੀਆਂ ਲਈ ਅਤਿ ਅਹਿਮ ਸੀ, ਜਿਸ ਨੂੰ ਸੰਜੀਦਗੀ ਨਾਲ ਲੈਂਦਿਆਂ ਇਸ ’ਤੇ ਕਾਰਜ ਨੂੰ ਆਰੰਭਿਆ ਗਿਆ ਸੀ, ਜੋ ਸਫਲ ਹੋਇਆ ਹੈ।
ਇਸ ਤੋਂ ਪਹਿਲਾਂ ਆਪਣੇ ਸੰਬੋਧਨ ਵਿਚ ਪੁਸਕਤ ਦੇ ਲਿਖਾਰੀਆਂ ਜਗਤਾਰ ਸਿੰਘ ਤੇ ਗੁਰਦਰਸ਼ਨ ਸਿੰਘ ਬਾਹੀਆ ਨੇ ਪੁਸਤਕ ਦੇ ਵੱਖ-ਵੱਖ ਪੱਖਾਂ ਬਾਰੇ ਵੇਰਵੇ ਸਾਂਝੇ ਕੀਤੇ ਅਤੇ ਸ਼੍ਰੋਮਣੀ ਕਮੇਟੀ ਦਾ ਇਸ ਅਹਿਮ ਕਾਰਜ ਵਿਚ ਸਹਿਯੋਗ ਕਰਨ ਲਈ ਧੰਨਵਾਦ ਕੀਤਾ। ਇਸ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ ਪੁਸਤਕ ਦੇ ਲੇਖਕਾਂ ਅਤੇ ਪੁੱਜੀਆਂ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸਨਮਾਨਿਤ ਵੀ ਕੀਤਾ ਗਿਆ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h