Gun Culture in Punjab: ਪੰਜਾਬ ਸਰਕਾਰ ਦੇ ਐਲਾਨ ਤੋਂ ਬਾਅਦ ਪੰਜਾਬ ਪੁਲਿਸ ਵਲੋਂ ਵੀ ਗਨ ਕਲਚਰ ਨੂੰ ਨੱਥ ਪਾਉਣ ਦੀ ਪੂਰੀ ਕੋਸ਼ਿਸ਼ ਜਾਰੀ ਹੈ। ਦੱਸ ਦਈਏ ਕਿ ਪੰਜਾਬ ਸਰਕਾਰ ਨੇ ਗੰਨ ਕਲਚਰ ਨੂੰ ਖ਼ਤਮ ਕਰਨ ਲਈ ਵੱਡਾ ਕਦਮ ਚੁੱਕਿਆ ਹੈ।
ਇਸੇ ਕੜੀ ਵਿੱਚ ਮਾਨ ਸਰਕਾਰ ਨੇ 813 ਅਸਲਾ ਲਾਇਸੈਂਸ ਰੱਦ ਕੀਤੇ। ਪੰਜਾਬ ਸਰਕਾਰ ਨੇ ਕਈ ਜ਼ਿਲ੍ਹਿਆਂ ਵਿੱਚ ਇਹ ਕਾਰਵਾਈ ਕੀਤੀ ਹੈ। ਪਿਛਲੇ ਸਮੇਂ ਤੋਂ ਵਿਰੋਧੀ ਧਿਰ ਪੰਜਾਬ ‘ਚ ਸੁਰੱਖਿਆ ਪ੍ਰਬੰਧਾਂ ‘ਤੇ ਲਗਾਤਾਰ ਸਵਾਲ ਚੁੱਕ ਰਹੀ ਸੀ। ਇਸ ਦੇ ਨਾਲ ਹੀ ਹੁਣ ਜਲੰਧਰ ‘ਚ ਬੰਦੂਕ ਕਲਚਰ ‘ਤੇ ਸ਼ਿਕੰਜਾ ਕੱਸਦਿਆਂ ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਨੇ ਸ਼ੁੱਕਰਵਾਰ ਨੂੰ 538 ਅਸਲਾ ਲਾਇਸੈਂਸ ਰੱਦ ਕਰ ਦਿੱਤੇ ਹਨ।
ਇਹ ਕਾਰਵਾਈ ਗੋਲੀਬਾਰੀ ਦੀਆਂ ਰਿਪੋਰਟਾਂ, ਨੈਗੇਟਿਵ ਪੁਲਿਸ ਰਿਪੋਰਟਾਂ ਅਤੇ ਵਿਦੇਸ਼ਾਂ ‘ਚ ਵਸੇ ਲੋਕਾਂ ਦੇ ਨਾਂ ‘ਤੇ ਚੱਲ ਰਹੇ ਲਾਇਸੈਂਸਾਂ ‘ਤੇ ਕੀਤੀ ਗਈ ਹੈ। ਡੀਸੀ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਜਾਰੀ ਹੁਕਮਾਂ ਮੁਤਾਬਕ ਪ੍ਰਸ਼ਾਸਨ ਵੱਲੋਂ ਵਿਅਕਤੀਆਂ ਨੂੰ ਜਾਰੀ ਕੀਤੇ ਅਸਲਾ ਲਾਇਸੈਂਸਾਂ ਦੀ ਸਮੀਖਿਆ ਕੀਤੀ ਗਈ ਸੀ, ਜਿਸ ਤੋਂ ਬਾਅਦ ਇਹ ਲਾਇਸੰਸ ਤੁਰੰਤ ਪ੍ਰਭਾਵ ਨਾਲ ਰੱਦ ਕਰ ਦਿੱਤੇ ਗਏ ਹਨ।
ਉਨ੍ਹਾਂ ਦੱਸਿਆ ਕਿ ਇਨ੍ਹਾਂ 538 ਲਾਈਸੈਂਸਾਂ ਵਿੱਚੋਂ 362 ਨੂੰ ਨਵਿਆਉਣ ਦੀ ਪ੍ਰਕਿਰਿਆ ਦੌਰਾਨ ਨਕਾਰਾਤਮਕ ਪੁਲਿਸ ਰਿਪੋਰਟਾਂ ਕਾਰਨ ਮੁਅੱਤਲ ਕਰ ਦਿੱਤਾ ਗਿਆ ਸੀ ਜਦਕਿ ਬਾਕੀ 176 ਵੱਖ-ਵੱਖ ਕਾਰਨਾਂ ਕਰਕੇ ਰੱਦ ਕਰ ਦਿੱਤੇ ਗਏ ਸੀ। ਲਾਇਸੈਂਸ ਧਾਰਕਾਂ ਦੀ ਮੌਤ ਹੋਣ ਕਾਰਨ ਕੁੱਲ 101 ਅਸਲਾ ਲਾਇਸੈਂਸ ਰੱਦ ਕੀਤੇ ਗਏ ਹਨ। ਇਸੇ ਤਰ੍ਹਾਂ 25 ਕੇਸਾਂ ਵਿੱਚ ਧਾਰਕ ਦੇਸ਼ ਛੱਡ ਕੇ ਵਿਦੇਸ਼ ਵਿੱਚ ਵਸ ਗਏ ਸਨ।
ਡੀਸੀ ਨੇ ਦੱਸਿਆ ਕਿ ਰੀ-ਵੈਰੀਫਿਕੇਸ਼ਨ ਪ੍ਰਕਿਰਿਆ ਦੌਰਾਨ 50 ਕੇਸਾਂ ਵਿੱਚ ਪੁਲੀਸ ਰਿਪੋਰਟਾਂ ਨੈਗੇਟਿਵ ਪਾਈਆਂ ਗਈਆਂ ਹਨ। ਡਿਪਟੀ ਕਮਿਸ਼ਨਰ ਨੇ ਸਪੱਸ਼ਟ ਤੌਰ ‘ਤੇ ਕਿਹਾ ਕਿ ਕਿਸੇ ਨੂੰ ਵੀ ਅਮਨ-ਕਾਨੂੰਨ ਨੂੰ ਆਪਣੇ ਹੱਥਾਂ ਵਿੱਚ ਲੈਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ ਕਿਉਂਕਿ ਜੇਕਰ ਲਾਇਸੰਸੀ ਹਥਿਆਰਾਂ ਦੀ ਦੁਰਵਰਤੋਂ ਕਰਦਾ ਪਾਇਆ ਗਿਆ ਤਾਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਖ਼ਤ ਕਾਰਵਾਈ ਨੂੰ ਯਕੀਨੀ ਬਣਾਇਆ ਜਾਵੇਗਾ।
ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਨੇ ਕਿਹਾ ਕਿ ਸੂਬਾ ਸਰਕਾਰ ਨੇ ਪਹਿਲਾਂ ਹੀ ਹਥਿਆਰਾਂ ਦੀ ਜਨਤਕ ਪ੍ਰਦਰਸ਼ਨੀ ‘ਤੇ ਪਾਬੰਦੀ ਲਗਾਈ ਹੋਈ ਹੈ, ਇਸ ਲਈ ਅਜਿਹੇ ਮਾਮਲੇ ਸਾਹਮਣੇ ਆਉਣ ‘ਤੇ ਸਖ਼ਤ ਕਾਰਵਾਈ ਵੀ ਕੀਤੀ ਜਾਵੇਗੀ। ਜ਼ਿਕਰਯੋਗ ਹੈ ਕਿ ਜ਼ਿਲ੍ਹਾ ਪ੍ਰਸ਼ਾਸਨ ਨੇ ਇਸ ਤੋਂ ਪਹਿਲਾਂ ਪਿਛਲੇ ਸਾਲ ਨਵੰਬਰ ਮਹੀਨੇ ਵਿੱਚ ਕਰੀਬ 391 ਲਾਇਸੈਂਸ ਮੁਅੱਤਲ ਕੀਤੇ ਸੀ ਅਤੇ ਲਾਇਸੈਂਸ ਧਾਰਕਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਸੀ।
ਡੀਸੀ ਜਸਪ੍ਰੀਤ ਸਿੰਘ ਨੇ ਕਿਹਾ ਕਿ ਬੰਦੂਕ ਰੱਖਣ ਲਈ ਨਿਯਮਾਂ ਦੀ ਪਾਲਣਾ ਕਰਨੀ ਪੈਂਦੀ ਹੈ ਅਤੇ ਇਨ੍ਹਾਂ ਨਿਯਮਾਂ ਦੀ ਕਿਸੇ ਵੀ ਕਿਸਮ ਦੀ ਉਲੰਘਣਾ ਕਰਨ ‘ਤੇ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ। ਡੀਸੀ ਨੇ ਕਿਹਾ ਕਿ ਕਿਉਂਕਿ ਜਨਤਕ ਇਕੱਠਾਂ, ਧਾਰਮਿਕ ਸਥਾਨਾਂ, ਵਿਆਹ ਸਮਾਗਮਾਂ ਜਾਂ ਕਿਸੇ ਹੋਰ ਸਮਾਗਮ ਵਿੱਚ ਹਥਿਆਰ ਲੈ ਕੇ ਚੱਲਣ ਅਤੇ ਪ੍ਰਦਰਸ਼ਨ ਕਰਨ ‘ਤੇ ਸੂਬਾ ਪੱਧਰੀ ਪਾਬੰਦੀ ਹੈ, ਇਸ ਲਈ ਆਉਣ ਵਾਲੇ ਦਿਨਾਂ ਵਿੱਚ ਵੱਖ-ਵੱਖ ਖੇਤਰਾਂ ਵਿੱਚ ਅਚਨਚੇਤ ਚੈਕਿੰਗ ਕੀਤੀ ਜਾਵੇਗੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h