ਪੰਜਾਬ ਦੇ ਮਸ਼ਹੂਰ ਗਾਇਕ ਤੇ ਪੰਜਾਬੀ ਸੰਗੀਤ ਜਗਤ ਦੇ ਬਾਬਾ ਬੋਹੜ ਅਖਵਾਉਣ ਵਾਲੇ ਗੁਰਦਾਸ ਮਾਨ ਵੱਲੋਂ 3 ਸਾਲਾਂ ਪੁਰਾਣੇ ਵਿਵਾਦ ‘ਤੇ ਅੱਜ ਵਿਰੋਧੀਆਂ ਨੂੰ ਜਵਾਬ ਦਿੱਤਾ ਗਿਆ ਹੈ। ਇਹ ਜਵਾਬ ਉਨ੍ਹਾਂ ਆਪਣੇ ਨਵੇਂ ਗੀਤ ‘ਗੱਲ ਸੁਣੋ ਪੰਜਾਬੀ ਦੋਸਤੋ ‘ਰਾਹੀਂ ਦਿੱਤਾ ਹੈ। ਜਿਸ ਵਿਚ ਗੁਰਦਾਸ ਮਾਨ ਦਾ ਪੁਰਾਣਾ ਦਰਦ ਸਾਫ਼ ਝਲਕ ਰਿਹਾ ਹੈ। ਦੱਸ ਦਈਏ ਕਿ ਗੀਤ ਦੀ ਸ਼ੁਰੂਆਤ ਗੁਰਦਾਸ ਮਾਨ ਦੇ ਵਿਰੋਧ ਵਿਚ ਲਾਏ ਗਏ ਨਾਹਰਿਆਂ ਤੋਂ ਹੁੰਦੀ ਹੈ ਅਤੇ ਨਾਲ ਹੀ ਮਾਨ ਇਸ ਗੀਤ ਰਾਹੀਂ ਆਪਣੇ 2019 ਦੇ ਹਿੰਦੀ ਨੂੰ ਮਾਂ ਬੋਲੀ ਵਾਲੇ ਬਿਆਨ ਨੂੰ ਸਹੀ ਕਰਾਰ ਦਿੰਦੇ ਨਜ਼ਰ ਆ ਰਹੇ ਹਨ।
ਪੜ੍ਹੋ ਕੀ ਹੈ ਪੂਰਾ ਮਾਮਲਾ?
ਦੱਸ ਦੇਈਏ ਕਿ ਇਹ ਮਾਮਲਾ ਸਾਲ 2019 ਦਾ ਹੈ। ਜਦੋਂ ਇੱਕ ਪ੍ਰੈੱਸ ਕਾਨਫ਼ਰੰਸ ਦੌਰਾਨ ਮਾਨ ਆਪਣੇ ਪੰਜਾਬੀ ਤੇ ਹਿੰਦੀ ਭਾਸ਼ਾ ‘ਤੇ ਬਿਆਨ ਨੂੰ ਲੈ ਕੇ ਵਿਵਾਦਾਂ ਵਿਚ ਘਿਰ ਗਏ ਸਨ। ਉਨ੍ਹਾਂ ਨੇ ਆਪਣੀ ਪ੍ਰੈਸ ਕਾਨਫ਼ਰੰਸ ਦੌਰਾਨ ਕਿਹਾ ਸੀ ਕਿ ਦੇਸ਼ ਵਿਚ ਇੱਕ ਭਾਸ਼ਾ ਹੀ ਹੋਣੀ ਚਾਹੀਦੀ ਹੈ। ਭਾਵ ਜਿਵੇਂ ਕਿ ਕੋਈ ਉੱਤਰ ਭਾਰਤ ਦਾ ਵਿਅਕਤੀ ਦੱਖਣੀ ਭਾਰਤ ਜਾ ਰਿਹਾ ਹੈ ਤਾਂ ਇੱਕ ਭਾਸ਼ਾ ਹੋਣ ਨਾਲ ਉਸ ਨੂੰ ਅਸਾਨੀ ਹੋਵੇਗੀ। ਉਨ੍ਹਾਂ ਨੇ ਪੰਜਾਬੀ ਨੂੰ ਮਾਂ ਬੋਲੀ ਤੇ ਹਿੰਦੀ ਨੂੰ ਮਾਸੀ ਕਿਹਾ ਸੀ। ਜਿਸ ਤੋਂ ਬਾਅਦ ਮਾਨ ਦਾ ਸੋਸ਼ਲ ਮੀਡੀਆ ‘ਤੇ ਜ਼ਬਰਦਸਤ ਵਿਰੋਧ ਹੋਇਆ ਸੀ।