Harpal Cheema: ਹਰਿਆਣਾ ਅਤੇ ਪੰਜਾਬ ‘ਚ ਲੰਬੇ ਸਮੇਂ ਤੋਂ SYL ਦੇ ਪਾਣੀ ਦਾ ਮੁੱਦਾ ਅਹਿਮ ਮੁੱਦਾ ਰਿਹਾ ਹੈ। ਜਿਸ ਨੂੰ ਲੈ ਕੇ ਪਹਿਲੀ ਵਾਰ ਹਰਿਆਣਾ ਦੇ ਸੀਐਮ ਮਨੋਹਰ ਲਾਲ ਖੱਟਰ ਅਤੇ ਪੰਜਾਬ ਸੀਐਮ ਭਗਵੰਤ ਮਾਨ ਮੀਟਿੰਗ ਕਰਨਗੇ। ਇਸ ਮੀਟਿੰਗ ਤੋਂ ਪਹਿਲਾਂ ਪੰਜਾਬ ਦੀ ਸਿਆਸਤ ‘ਚ ਹਲਚਲ ਮਚੀ ਹੋਈ ਹੈ। ਹੁਣ ਮੁੱਦੇ ‘ਤੇ ਵੀਰਵਾਰ ਨੂੰ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਚੀਮਾ ਨੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਹਿੱਤਾਂ ਲਈ ਸੂਬਾ ਸਰਕਾਰ ਵਚਨਵੱਧ ਹੈ। ਇਸ ਲਈ ਪੰਜਾਬ ਦੇ ਪਾਣੀ ਦੀ ਇੱਕ ਵੀ ਬੁੰਦ ਹਰਿਆਣਾ ਨੂੰ ਨਹੀਂ ਦਿੱਤੀ ਜਾਵੇਗੀ।
ਹਰਪਾਲ ਚੀਮਾ ਨੇ ਕਿਹਾ ਕਿ ਇਸ ਦੇ ਲਈ ਸਰਕਾਰ ਨੂੰ ਕੋਈ ਵੀ ਕੁਰਬਾਨੀ ਦੇਣੀ ਪਵੇ ਅਸੀਂ ਤਿਆਰ ਹਾਂ। ਉਨ੍ਹਾਂ ਕਿਹਾ ਕਿ ਪੰਜਾਬ ਦੇ ਪਾਣੀਆਂ ਦਾ ਪੱਖ ਮਜ਼ਬੂਤੀ ਨਾਲ ਚੁੱਕਿਆ ਜਾਵੇਗਾ। ਦੱਸ ਦਈਏ ਕਿ ਸਤਲੁਜ-ਯਮੁਨਾ ਲਿੰਕ (SYL) ਨਹਿਰ ਦੇ ਮੁੱਦੇ ‘ਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ 14 ਸਤੰਬਰ ਨੂੰ ਪੰਜਾਬ ਦੇ ਆਪਣੇ ਹਮਰੁਤਬਾ ਭਗਵੰਤ ਮਾਨ ਨਾਲ ਮੀਟਿੰਗ ਕਰਨਗੇ। ਇਹ ਮੀਟਿੰਗ ਸੁਪਰੀਮ ਕੋਰਟ ਦੇ ਨਿਰਦੇਸ਼ਾਂ ਤੋਂ ਬਾਅਦ ਕਰਵਾਈ ਜਾ ਰਹੀ ਹੈ। ਮੀਟਿੰਗ ਵਿੱਚ ਕੇਂਦਰ ਸਰਕਾਰ ਦਾ ਕੋਈ ਪ੍ਰਤੀਨਿਧੀ ਸ਼ਾਮਲ ਨਹੀਂ ਹੋਵੇਗਾ।
ਕਿਉਂ ਹੋ ਰਹੀ ਇਹ ਮੀਟਿੰਗ?
ਇਹ ਮੀਟਿੰਗ ਸੁਪਰੀਮ ਕੋਰਟ ਦੇ ਹੁਕਮਾਂ ਕਾਰਨ ਹੋ ਰਹੀ ਹੈ। ਅਦਾਲਤ ਨੇ ਪਿਛਲੇ ਮਹੀਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੂੰ ਮਿਲਣ ਲਈ ਕਿਹਾ ਸੀ। ਅਦਾਲਤ ਨੇ ਕਿਹਾ ਸੀ ਕਿ ਇਸ ਮੀਟਿੰਗ ‘ਚ ਦੋਵਾਂ ਆਗੂਆਂ ਨੂੰ ਐਸਵਾਈਐਲ ਮੁੱਦੇ ਨੂੰ ਸੁਲਝਾਉਣ ਦਾ ਰਸਤਾ ਲੱਭਣਾ ਚਾਹੀਦਾ ਹੈ।