ਪੁਲਿਸ ਵੱਲੋਂ ਨਸ਼ਾ ਤਸਕਰਾਂ ਖ਼ਿਲਾਫ਼ ਲਗਾਤਾਰ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਇਸੇ ਲੜੀ ਤਹਿਤ ਮੰਡੀ ਗੋਬਿੰਦਗੜ੍ਹ ਪੁਲਿਸ ਪ੍ਰਸ਼ਾਸਨ ਵੱਲੋਂ ਅੱਜ ਇੱਕ ਮਹਿਲਾ ਨਸ਼ਾ ਤਸਕਰ ਵਿਰੁੱਧ ਵੱਡੀ ਕਾਰਵਾਈ ਅਮਲ ਵਿੱਚ ਲਿਆਂਦੀ ਗਈ। ਪੁਲਿਸ ਨੇ ਐਸ.ਡੀ. ਮਾਡਲ ਸਕੂਲ ਦੇ ਨੇੜੇ ਸਥਿਤ ਇਸ ਮਹਿਲਾ ਨਸ਼ਾ ਤਸਕਰ ਵੱਲੋਂ ਕੀਤੀ ਗਈ ਨਜਾਇਜ਼ ਉਸਾਰੀ ਨੂੰ ਪੂਰੀ ਤਰ੍ਹਾਂ ਢਾਹ ਦਿੱਤਾ।
ਐਸ.ਪੀ. ਜਸਕੀਰਤ ਅਹੀਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਕਾਰਵਾਈ ਨਗਰ ਕੌਂਸਲ ਵੱਲੋਂ ਦਿੱਤੀ ਗਈ ਰਿਪੋਰਟ ਦੇ ਆਧਾਰ ‘ਤੇ ਕੀਤੀ ਗਈ ਹੈ, ਜਿਸ ਵਿੱਚ ਉਸਾਰੀ ਨੂੰ ਨਿਯਮਾਂ ਦੇ ਉਲਟ ਅਤੇ ਗੈਰਕਾਨੂੰਨੀ ਪਾਇਆ ਗਿਆ ਸੀ। ਉਨ੍ਹਾਂ ਦੱਸਿਆ ਕਿ “ਸਿਮਰਨ” ਨਾਂ ਦੀ ਇਸ ਮਹਿਲਾ ਵਿਰੁੱਧ ਪਹਿਲਾਂ ਹੀ ਨਸ਼ਾ ਤਸਕਰੀ ਦੇ ਗੰਭੀਰ ਦੋਸ਼ਾਂ ਹੇਠ ਐਨ.ਡੀ.ਪੀ.ਐਸ ਐਕਟ ਤਹਿਤ ਕਈ ਐਫ਼.ਆਈ.ਆਰ ਦਰਜ ਹਨ।
ਪੁਲਿਸ ਅਧਿਕਾਰੀਆਂ ਨੇ ਸਾਫ਼ ਕੀਤਾ ਕਿ ਨਸ਼ਾ ਤਸਕਰਾਂ ਵੱਲੋਂ ਨਸ਼ੇ ਦੇ ਕਾਲੇ ਧੰਦੇ ਨਾਲ ਬਣਾਈ ਗਈ ਗੈਰਕਾਨੂੰਨੀ ਸੰਪਤੀ ਨੂੰ ਕਿਸੇ ਵੀ ਕੀਮਤ ‘ਤੇ ਬਖ਼ਸ਼ਿਆ ਨਹੀਂ ਜਾਵੇਗਾ ਅਤੇ ਆਉਣ ਵਾਲੇ ਸਮੇਂ ਵਿੱਚ ਵੀ ਅਜਿਹੀਆਂ ਕਾਰਵਾਈਆਂ ਜਾਰੀ ਰਹਿਣਗੀਆਂ।
ਇਸ ਮੌਕੇ ਹਲਕਾ ਅਮਲੋਹ ਦੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਨੇ ਪੁਲਿਸ ਅਤੇ ਪ੍ਰਸ਼ਾਸਨ ਦੀ ਕਾਰਵਾਈ ਦੀ ਸਰਾਹਨਾ ਕਰਦਿਆਂ ਕਿਹਾ ਕਿ ਨਸ਼ਿਆਂ ਖ਼ਿਲਾਫ਼ ਜੰਗ ਵਿੱਚ ਸਰਕਾਰ ਅਤੇ ਪ੍ਰਸ਼ਾਸਨ ਪੂਰੀ ਤਰ੍ਹਾਂ ਸਖ਼ਤ ਹੈ ਅਤੇ ਨੌਜਵਾਨ ਪੀੜ੍ਹੀ ਦੇ ਭਵਿੱਖ ਨਾਲ ਖਿਲਵਾਰ ਕਰਨ ਵਾਲਿਆਂ ਨੂੰ ਕਿਸੇ ਵੀ ਹਾਲਤ ਵਿੱਚ ਬਖ਼ਸ਼ਿਆ ਨਹੀਂ ਜਾਵੇਗਾ।







