Punjab Weather Yellow Alert: ਪੰਜਾਬ ‘ਚ ਜੁਲਾਈ ਮਹੀਨੇ ਹੋਏ ਭਾਰੀ ਮੀਂਹ ਨਾਲ ਭਾਰੀ ਤਬਾਹੀ ਦਾ ਮੰਜ਼ਰ ਵੇਖਣ ਨੂੰ ਮਿਲਿਆ। ਹੜ੍ਹ ਪ੍ਰਭਾਵਿਤ ਸੂਬੇ ‘ਚ ਹੌਲੀ-ਹੌਲੀ ਆਮ ਵਾਂਗ ਹੋ ਰਿਹਾ ਹੈ, ਪਰ ਇਸੇ ਦਰਮਿਆਨ ਭਾਰਤ ਦੇ ਮੌਸਮ ਵਿਭਾਗ (IMD) ਨੇ ਬੁੱਧਵਾਰ ਨੂੰ ਸੂਬੇ ਦੇ ਜ਼ਿਆਦਾਤਰ ਹਿੱਸਿਆਂ, ਖਾਸ ਕਰਕੇ ਪੂਰਬੀ ਮਾਲਵਾ ਖੇਤਰ ਵਿੱਚ, 3 ਤੋਂ 5 ਅਗਸਤ ਤੱਕ ਭਾਰੀ ਮੀਂਹ ਦਾ ਯੈਲੋ ਅਲਰਟ ਜਾਰੀ ਕੀਤਾ ਹੈ।
ਆਈਐਮਡੀ ਅਧਿਕਾਰੀਆਂ ਨੇ ਦੱਸਿਆ ਕਿ ਪੱਛਮੀ ਮਾਲਵੇ, ਜਿਸ ਵਿੱਚ ਬਠਿੰਡਾ, ਮੋਗਾ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ ਅਤੇ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਸ਼ਾਮਲ ਹਨ, ਨੂੰ ਛੱਡ ਕੇ ਬਾਕੀ ਮਾਲਵੇ ਵਿੱਚ ਵੀਰਵਾਰ ਨੂੰ ਭਾਰੀ ਮੀਂਹ ਪੈ ਸਕਦਾ ਹੈ।
ਦੱਸ ਦਈਏ ਕਿ ਉੱਤਰੀ ਭਾਰਤ ਦੇ ਸਾਰੇ ਸੂਬਿਆਂ ‘ਚ ਬਾਰਿਸ਼ ਦਾ ਦੌਰ ਜਾਰੀ ਹੈ। ਮੌਸਮ ਵਿਭਾਗ ਮੁਤਾਬਕ ਮੀਂਹ ਦਾ ਇਹ ਦੌਰ ਜਾਰੀ ਰਹਿਣ ਵਾਲਾ ਹੈ। ਮੌਸਮ ਵਿਭਾਗ ਵੱਲੋਂ ਦਿੱਤੀ ਜਾਣਕਾਰੀ ਮੁਤਾਬਕ ਆਉਣ ਵਾਲੇ ਤਿੰਨ-ਚਾਰ ਦਿਨਾਂ ਦੌਰਾਨ ਉੱਤਰੀ ਭਾਰਤ ਦੇ 6 ਸੂਬਿਆਂ ਦੇ ਦੂਰ-ਦੁਰਾਡੇ ਇਲਾਕਿਆਂ ਵਿੱਚ ਭਾਰੀ ਮੀਂਹ ਦੀਆਂ ਸਰਗਰਮੀਆਂ ਦੇਖਣ ਨੂੰ ਮਿਲ ਸਕਦੀਆਂ ਹਨ। ਇਸ ਦੇ ਨਾਲ ਹੀ ਕੁਝ ਇਲਾਕਿਆਂ ‘ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਜਾਰੀ ਰਹੇਗੀ।
ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿੱਚ ਮਾਨਸੂਨ ਦੀ ਮਿਆਦ 1 ਜੂਨ ਤੋਂ 30 ਸਤੰਬਰ ਦੇ ਵਿਚਕਾਰ ਮੰਨੀ ਜਾਂਦੀ ਹੈ ਅਤੇ ਇਸ ਖੇਤਰ ਵਿੱਚ ਅਜੇ ਦੋ ਮਹੀਨੇ ਮੀਂਹ ਬਾਕੀ ਹੈ। ਹਾਲਾਂਕਿ, ਪੰਜਾਬ ਵਿੱਚ ਵੱਧ ਤੋਂ ਵੱਧ ਤਾਪਮਾਨ 37 ਡਿਗਰੀ ਸੈਲਸੀਅਸ ਤੱਕ ਪਹੁੰਚਣ ਦੀ ਸੰਭਾਵਨਾ ਹੈ, ਜਿਸ ਨਾਲ ਵਾਯੂਮੰਡਲ ਵਿੱਚ ਨਮੀ ਵੱਧ ਹੋਣ ਕਾਰਨ ਇਹ ਗਰਮ ਹੋ ਜਾਵੇਗਾ।
ਮੌਸਮ ਵਿਭਾਗ ਵੱਲੋਂ ਮੁਹੱਈਆ ਕਰਵਾਏ ਗਏ ਅੰਕੜਿਆਂ ਅਨੁਸਾਰ ਪੰਜਾਬ ਵਿੱਚ 1 ਜੂਨ ਤੋਂ 2 ਅਗਸਤ ਤੱਕ 299.7 ਮਿਲੀਮੀਟਰ ਵਰਖਾ ਹੋਈ ਹੈ, ਜੋ ਕਿ 230.7 ਮਿਲੀਮੀਟਰ ਦੇ ਆਮ ਨਾਲੋਂ 30 ਫੀਸਦੀ ਵੱਧ ਹੈ। ਗੁਆਂਢੀ ਸੂਬੇ ਹਰਿਆਣਾ ਵਿੱਚ ਵੀ ਇਸੇ ਅਰਸੇ ਦੌਰਾਨ 318.9 ਮਿਲੀਮੀਟਰ ਮੀਂਹ ਪਿਆ ਹੈ ਜਦਕਿ ਆਮ ਨਾਲੋਂ 48 ਫੀਸਦੀ ਵੱਧ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h