Punjab CM Mann: ਪੰਜਾਬ ਭਰ ‘ਚ ਸਰਕਾਰੀ ਸਕੂਲਾਂ ਦੀ ਚੰਗੀ ਸਾਂਭ-ਸੰਭਾਲ ਲਈ ਮੰਤਰੀ ਮੰਡਲ ਨੇ ਸੂਬਾ ਪੱਧਰ ਉਤੇ ਸਕੀਮ ਨੂੰ ਲਾਗੂ ਕਰਨ ਨੂੰ ਹਰੀ ਝੰਡੀ ਦੇ ਦਿੱਤੀ ਹੈ ਤਾਂ ਕਿ ਸਰਕਾਰੀ ਸਕੂਲਾਂ ਦੀ ਸੰਭਾਲ ਨੂੰ ਯਕੀਨੀ ਬਣਾਇਆ ਜਾ ਸਕੇ।
ਇਸ ਸਕੀਮ ਦੇ ਤਹਿਤ ਸਕੂਲ ਕੈਂਪਸ ਦੀ ਸਾਫ-ਸਫਾਈ, ਸੁਰੱਖਿਆ ਅਤੇ ਸੁਚਾਰੂ ਪ੍ਰਸ਼ਾਸਨ ਚਲਾਉਣ ਲਈ ਫੰਡ ਪੰਜਾਬ ਸਰਕਾਰ ਵੱਲੋਂ ਦਿੱਤੇ ਜਾਣਗੇ। ਇਸ ਨਾਲ ਸਕੂਲ ਪ੍ਰਸ਼ਾਸਨ ਨੂੰ ਸਕੂਲਾਂ ਨੂੰ ਬਿਨਾਂ ਕਿਸੇ ਦਿੱਕਤ ਤੋਂ ਚਲਾਉਣ ਵਿਚ ਮਦਦ ਮਿਲੇਗੀ ਤਾਂ ਕਿ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਮੁਹੱਈਆ ਕਰਵਾਈ ਜਾ ਸਕੇ।
ਡਾਇਰੈਕਟੋਰੇਟ ਆਫ ਪਬਲਿਕ ਇੰਸਟ੍ਰਕਸ਼ਨਜ਼ (ਕਾਲਜਾਂ) ਦਾ ਨਾਮ ਬਦਲ ਕੇ ਡਾਇਰੈਕਟੋਰੇਟ ਆਫ ਹਾਇਰ ਐਜੂਕੇਸ਼ਨ ਕਰਨ ਦਾ ਫੈਸਲਾ
ਉਚ ਸਿੱਖਿਆ ਬਾਰੇ ਸੂਬਾ ਸਰਕਾਰ ਤੇ ਕੇਂਦਰ ਸਰਕਾਰ ਦੀਆਂ ਨੀਤੀਆਂ ਨੂੰ ਪ੍ਰਭਾਵਸ਼ਾਲੀ ਤਰੀਕੇ ਨਾਲ ਲਾਗੂ ਕਰਨ ਲਈ ਸੂਬੇ ਦੀਆਂ ਉਚੇਰੀ ਸਿੱਖਿਆ ਸੰਸਥਾਵਾਂ ਵਿਚਾਲੇ ਬਿਹਤਰ ਤਾਲਮੇਲ ਯਕੀਨੀ ਬਣਾਉਣ ਲਈ ਕੈਬਨਿਟ ਨੇ ਡਾਇਰੈਕਟੋਰੇਟ ਆਫ ਪਬਲਿਕ ਇੰਸਟ੍ਰਕਸ਼ਨਜ਼ (ਕਾਲਜਾਂ), ਪੰਜਾਬ ਦਾ ਨਾਮ ਬਦਲ ਕੇ ਡਾਇਰੈਕਟੋਰੇਟ ਆਫ ਹਾਇਰ ਐਜੂਕੇਸ਼ਨ, ਪੰਜਾਬ ਕਰਨ ਦਾ ਫੈਸਲਾ ਕੀਤਾ ਹੈ। ਇਸੇ ਤਰ੍ਹਾਂ ਡਾਇਰੈਕਟਰ ਪਬਲਿਕ ਇੰਸਟ੍ਰਕਸ਼ਨਜ਼ (ਕਾਲਜਾਂ) ਦੇ ਅਹੁਦੇ ਦਾ ਨਾਮ ਵੀ ਡਾਇਰੈਕਟਰ ਹਾਇਰ ਐਜੂਕੇਸ਼ਨ, ਪੰਜਾਬ ਵਿੱਚ ਤਬਦੀਲ ਹੋ ਜਾਵੇਗਾ। ਇਸ ਫੈਸਲੇ ਨਾਲ ਸੂਬੇ ਦੇ ਉਚੇਰੀ ਸਿੱਖਿਆ ਵਿਭਾਗ, ਕਾਲਜਾਂ, ਯੂਨੀਵਰਸਿਟੀਆਂ ਅਤੇ ਕੇਂਦਰ ਦੀਆਂ ਸਹਾਇਤਾ ਪ੍ਰਾਪਤ ਏਜੰਸੀਆਂ ਵਿਚਾਲੇ ਬਿਹਤਰ ਤਾਲਮੇਲ ਯਕੀਨੀ ਬਣੇਗਾ।
ਜ਼ਿਕਰਯੋਗ ਹੈ ਕਿ ਡਾਇਰੈਕਟੋਰੇਟ ਆਫ ਪਬਲਿਕ ਇੰਸਟ੍ਰਕਸ਼ਨਜ਼ (ਕਾਲਜਾਂ) ਦੀ ਸਥਾਪਨਾ ਅਸਲ ਵਿੱਚ ਪੰਜਾਬ ਦੀ ਵੰਡ ਤੋਂ ਪਹਿਲਾਂ 1856 ਵਿੱਚ ਕੀਤੀ ਗਈ ਸੀ ਅਤੇ ਇਹ ਸ਼ੁਰੂ ਵਿੱਚ ਲਾਹੌਰ ਤੋਂ ਕੰਮਕਾਜ ਕਰਦਾ ਸੀ। 1966 ਵਿੱਚ ਪੰਜਾਬ ਦੀ ਵੰਡ ਤੋਂ ਬਾਅਦ ਇਸ ਨੇ ਚੰਡੀਗੜ੍ਹ ਤੋਂ ਕੰਮ ਕਰਨਾ ਸ਼ੁਰੂ ਕੀਤਾ ਸੀ।
ਬੱਚਿਆਂ ਨੂੰ ਮੁਫ਼ਤ ਤੇ ਲਾਜ਼ਮੀ ਸਿੱਖਿਆ ਨਿਯਮ, 2011 ਵਿੱਚ ਸੋਧ ਨੂੰ ਮਨਜ਼ੂਰੀ
ਸਿੱਖਿਆ ਪ੍ਰਣਾਲੀ ਨੂੰ ਹੋਰ ਸੁਚਾਰੂ ਬਣਾਉਣ ਦੇ ਉਦੇਸ਼ ਨਾਲ ਕੈਬਨਿਟ ਨੇ ਪੰਜਾਬ ਰਾਹੀਂ ਬੱਚਿਆਂ ਨੂੰ ਮੁਫ਼ਤ ਤੇ ਲਾਜ਼ਮੀ ਸਿੱਖਿਆ ਨਿਯਮ, 2011 ਦੇ ਨਿਯਮ 13 ਦੇ ਉਪ ਨਿਯਮ 4 ਵਿੱਚ ਸੋਧ ਨੂੰ ਪ੍ਰਵਾਨਗੀ ਦੇ ਦਿੱਤੀ ਤਾਂ ਕਿ ਸਕੂਲ ਮੈਨੇਜਮੈਂਟ ਕਮੇਟੀਆਂ ਵਿੱਚ ਦੋ ਹੋਰ ਮੈਂਬਰ ਸ਼ਾਮਲ ਕੀਤੇ ਜਾ ਸਕਣ। ਇਨ੍ਹਾਂ ਵਿੱਚੋਂ ਇਕ ਮੈਂਬਰ ਸਬੰਧਤ ਸਕੂਲ ਦੇ ਆਸ-ਪਾਸ ਰਹਿਣ ਵਾਲਾ ਸਮਾਜ ਸੇਵਾ ਅਤੇ ਦੂਜਾ ਮੈਂਬਰ ਕੋਈ ਸਿੱਖਿਆ ਸ਼ਾਸਤਰੀ ਹੋਵੇਗਾ, ਜਿਸ ਨੂੰ ਵਿਸ਼ੇਸ਼ ਇਨਵਾਇਟੀ ਵਜੋਂ ਸ਼ਾਮਲ ਕੀਤਾ ਜਾਵੇਗਾ। ਉਸ ਵਿਅਕਤੀ ਨੇ ਯੂਨੀਵਰਸਿਟੀ, ਕਾਲਜ, ਸਕੂਲ ਜਾਂ ਕਿਸੇ ਹੋਰ ਵਿੱਦਿਅਕ ਸੰਸਥਾ ਵਿੱਚ ਸਿੱਖਿਆ ਦੇ ਖੇਤਰ ਵਿੱਚ ਅਧਿਆਪਨ ਦੀ ਅਸਾਮੀ ਉਤੇ ਕੰਮ ਕੀਤਾ ਹੋਵੇ ਜਾਂ ਗਰੁੱਪ-ਏ ਸਰਵਿਸ ਤੋਂ ਸੇਵਾਮੁਕਤ ਕੋਈ ਹੋਰ ਸਰਕਾਰੀ ਕਰਮਚਾਰੀ ਹੋਵੇਗਾ। ਹਾਲਾਂਕਿ ਅਜਿਹੇ ਮੈਂਬਰਾਂ ਨੂੰ ਵੋਟ ਪਾਉਣ ਦਾ ਕੋਈ ਅਧਿਕਾਰ ਨਹੀਂ ਹੋਵੇਗਾ ਅਤੇ ਸਕੂਲ ਮੈਨੇਜਮੈਂਟ ਕਮੇਟੀ ਦੇ ਚੇਅਰਪਰਸਨ ਜਾਂ ਉਪ-ਚੇਅਰਪਰਸਨ ਵਜੋਂ ਚੁਣੇ ਜਾਣ ਦੇ ਯੋਗ ਨਹੀਂ ਹੋਣਗੇ।
ਸਿੱਖਿਆ ਵਿਭਾਗ ਦੇ ਵੱਖ-ਵੱਖ ਨਿਯਮਾਂ ਵਿੱਚ ਸੋਧ ਨੂੰ ਹਰੀ ਝੰਡੀ
ਕੈਬਨਿਟ ਨੇ ਪੰਜਾਬ ਐਜੂਕੇਸ਼ਨਲ ਸਰਵਿਸ (ਸਕੂਲ ਐਂਡ ਇੰਸਪੈਕਸ਼ਨ ਜਨਰਲ ਕੇਡਰ) ਗਰੁੱਪ ਏ ਸਰਵਿਸ ਨਿਯਮ, 2018, ਪੰਜਾਬ ਐਜੂਕੇਸ਼ਨਲ ਸਰਵਿਸ (ਸਕੂਲ ਐਂਡ ਇੰਸਪੈਕਸ਼ਨ ਬਾਰਡਰ ਏਰੀਆ ਗਰੁੱਪ ਏ ਸਰਵਿਸ ਨਿਯਮ, 2018), ਪੰਜਾਬ ਐਜੂਕੇਸ਼ਨਲ ਸਰਵਿਸ (ਸਕੂਲ ਐਂਡ ਇੰਸਪੈਕਸ਼ਨ ਜਨਰਲ ਕਾਡਰ) ਗਰੁੱਪ ਬੀ ਸਰਵਿਸ ਨਿਯਮ, 2018 ਅਤੇ ਪੰਜਾਬ ਐਜੂਕੇਸ਼ਨਲ ਸਰਵਿਸ (ਸਕੂਲ ਐਂਡ ਇੰਸਪੈਕਸ਼ਨ ਬਾਰਡਰ ਏਰੀਆ ਗਰੁੱਪ ਬੀ ਸੇਵਾ ਨਿਯਮ, 2018) ਵਿੱਚ ਸੋਧ ਨੂੰ ਪ੍ਰਵਾਨਗੀ ਦੇ ਦਿੱਤੀ, ਜਿਸ ਤਹਿਤ ਪ੍ਰਿੰਸੀਪਲਾਂ ਤੇ ਹੈੱਡ ਮਾਸਟਰਾਂ ਦੀ ਆਸਾਮੀ ਲਈ ਸਿੱਧੀ ਭਰਤੀ ਵਾਸਤੇ ਯੋਗਤਾ ਵਿੱਚ ਤਬਦੀਲੀ ਕੀਤੀ ਗਈ ਹੈ ਤਾਂ ਜੋ ਖੇਤੀਬਾੜੀ ਮਾਸਟਰ ਪੰਜਾਬ ਸਕੂਲ ਸਿੱਖਿਆ ਵਿਭਾਗ ਦੀਆਂ ਪ੍ਰਿੰਸੀਪਲਾਂ ਤੇ ਹੈੱਡ ਮਾਸਟਰਾਂ ਦੀ ਸਿੱਧੀ ਭਰਤੀ ਦੀਆਂ ਆਸਾਮੀਆਂ ਲਈ ਬਿਨੈ ਕਰ ਸਕਣ।