Punjab Cabinet 2023: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਮੰਤਰੀ ਮੰਡਲ ਨੇ ਮਿਲਕਫੈੱਡ ਅਤੇ ਇਸ ਨਾਲ ਸਬੰਧਤ ਮਿਲਕ ਯੂਨੀਅਨਾਂ ਵਿਚ ਗਰੁੱਪ ਸੀ ਤੇ ਡੀ ਦੀਆਂ 500 ਅਸਾਮੀਆਂ ਸਿੱਧੀ ਭਰਤੀ ਰਾਹੀਂ ਭਰਤੀ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ।
ਇਹ ਫੈਸਲਾ 06 ਜਨਵਰੀ ਨੂੰ ਪੰਜਾਬ ਸਿਵਲ ਸਕੱਤਰੇਤ ਵਿਚ ਮੁੱਖ ਮੰਤਰੀ ਦੀ ਅਗਵਾਈ ਵਿਚ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਿਆ ਗਿਆ।
ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਇਸ ਭਰਤੀ ਦਾ ਫੈਸਲਾ ਸਟਾਫ ਦੀ ਕਮੀ ਦੂਰ ਕਰਨ ਦੇ ਮਕਸਦ ਨਾਲ ਲਿਆ ਗਿਆ ਹੈ ਤਾਂ ਕਿ ਮਿਲਕਫੈੱਡ ਤੇ ਇਸ ਨਾਲ ਸਬੰਧਤ ਮਿਲਕ ਯੂਨੀਅਨਾਂ ਦੇ ਕੰਮਕਾਜ ਨੂੰ ਹੋਰ ਵਧੇਰੇ ਸੁਚਾਰੂ ਬਣਾਇਆ ਜਾ ਸਕੇ। ਇਸ ਕਦਮ ਨਾਲ ਦੁੱਧ ਉਤਪਾਦਕਾਂ ਤੇ ਕਿਸਾਨਾਂ ਨੂੰ ਲਾਭ ਹੋਵੇਗਾ ਕਿਉਂ ਜੋ ਇਸ ਨਾਲ ਦੁੱਧ ਤੋਂ ਹੋਰ ਵਸਤਾਂ ਤਿਆਰ ਕਰਨ ਦੇ ਨਾਲ-ਨਾਲ ਉਤਪਾਦਨ ਦੀ ਪ੍ਰਭਾਵੀ ਮਾਰਕੀਟਿੰਗ ਰਾਹੀਂ ਦੁੱਧ ਮਾਰਕੀਟ ਨੂੰ ਹੋਰ ਵਧੇਰੇ ਅਸਰਦਾਰ ਬਣਾਇਆ ਜਾ ਸਕੇਗਾ।
ਇਸੇ ਤਰ੍ਹਾਂ ਇਸ ਨਾਲ ਦੁੱਧ ਅਤੇ ਮਿਲਕਫੈੱਡ ਵੱਲੋਂ ਦੁੱਧ ਤੋਂ ਤਿਆਰ ਹੁੰਦੀਆਂ ਵਸਤਾਂ ਦੀ ਗੁਣਵੱਤਾ ਸੁਧਾਰਨ ਨਾਲ ਖਪਤਕਾਰਾਂ ਨੂੰ ਵੱਡੀ ਸਹੂਲਤ ਮਿਲੇਗੀ।
ਸਿਸਟਰ ਟਿਊਟਰ ਦੀ ਸਿੱਧੀ ਭਰਤੀ ਤੇ ਤਰੱਕੀ ਲਈ ਵਿਦਿਆਕ ਯੋਗਤਾ ’ਚ ਸੋਧ ਨੂੰ ਪ੍ਰਵਾਨਗੀ
ਇੱਕ ਹੋਰ ਅਹਿਮ ਫੈਸਲਾ ਲੈਂਦਿਆਂ ਮੰਤਰੀ ਮੰਡਲ ਨੇ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੇ ਪੰਜਾਬ ਹੈਲਥ ਐਂਡ ਫੈਮਲੀ ਵੈਲਫੇਅਰ ਟੈਕਨੀਕਲ (ਗਰੁੱਪ-ਬੀ) ਸਰਵਿਸ ਰੂਲਜ਼-2018 ਵਿਚ ਸਿਸਟਰ ਟਿਊਟਰ ਦੀ ਅਸਾਮੀ ਲਈ ਸਿੱਧੀ ਭਰਤੀ ਅਤੇ ਪਦ-ਉਨਤੀ ਲਈ ਵਿਦਿਅਕ ਯੋਗਤਾ ਵਿਚ ਸੋਧ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ।
ਕੈਬਨਿਟ ਦੇ ਫੈਸਲੇ ਮੁਤਾਬਕ ਸਿਸਟਰ ਟਿਊਟਰ ਦੀ ਅਸਾਮੀ ਲਈ ਸਿੱਧੀ ਭਰਤੀ ਵਾਸਤੇ ਵਿਦਿਅਕ ਯੋਗਤਾ ਐਮ.ਐਸਸੀ (ਨਰਸਿੰਗ) ਹੋਵੇਗੀ। ਇਸੇ ਤਰ੍ਹਾਂ ਸਿਸਟਰ ਟਿਊਟਰ ਵਜੋਂ ਪਦ-ਉਨਤੀ ਲਈ ਵਿਦਿਅਕ ਯੋਗਤਾ ਬੀ.ਐਸਸੀ. (ਨਰਸਿੰਗ) ਦੇ ਨਾਲ ਸਟਾਫ ਨਰਸ (ਗਰੁੱਪ-ਸੀ) ਵਜੋਂ ਘੱਟੋ-ਘੱਟ 10 ਸਾਲ ਦਾ ਤਜਰਬਾ ਹੋਣਾ ਜ਼ਰੂਰੀ ਹੋਵੇਗਾ।
ਸਕੱਤਰੇਤ ਵਿੱਚ ਸੇਵਾਦਾਰ ਤੇ ਚੌਕੀਦਾਰਾਂ ਦੀਆਂ 173 ਖਾਲੀ ਆਸਾਮੀਆਂ ਭਰਨ ਨੂੰ ਮਨਜ਼ੂਰੀ
ਪੰਜਾਬ ਸਿਵਲ ਸਕੱਤਰੇਤ (ਆਮ ਰਾਜ ਪ੍ਰਬੰਧ) ਵਿੱਚ ਸੇਵਾਦਾਰਾਂ ਤੇ ਚੌਕੀਦਾਰਾਂ ਦੀ ਘਾਟ ਦੇ ਮੱਦੇਨਜ਼ਰ ਕੈਬਨਿਟ ਨੇ ਪੰਜਾਬ ਸਿਵਲ ਸਕੱਤਰੇਤ ਵਿੱਚ ਸੇਵਾਦਾਰਾਂ ਦੀਆਂ 150 ਤੇ ਚੌਕੀਦਾਰਾਂ ਦੀਆਂ 23 ਆਸਾਮੀਆਂ ਬਦਲੀ ਦੀ ਵਿਧੀ ਰਾਹੀਂ ਭਰਨ ਨੂੰ ਪ੍ਰਵਾਨਗੀ ਦੇ ਦਿੱਤੀ ਤਾਂ ਜੋ ਸਕੱਤਰੇਤ ਦੇ ਕੰਮਕਾਜ ਨੂੰ ਸੁਚਾਰੂ ਤਰੀਕੇ ਨਾਲ ਚਲਾਇਆ ਜਾ ਸਕੇ।
ਜ਼ਿਲ੍ਹਾ ਦਿਹਾਤੀ ਵਿਕਾਸ ਏਜੰਸੀਆਂ ਨੂੰ ਭੰਗ ਕਰਨ ਤੇ ਸਟਾਫ਼ ਨੂੰ ਖਾਲੀ ਆਸਾਮੀਆਂ ‘ਤੇ ਤਬਦੀਲ ਕਰਨ ਦਾ ਫੈਸਲਾ
ਕੈਬਨਿਟ ਨੇ ਜ਼ਿਲ੍ਹਾ ਦਿਹਾਤੀ ਵਿਕਾਸ ਏਜੰਸੀਆਂ (ਡੀ.ਆਰ.ਡੀ.ਏਜ਼) ਨੂੰ ਭੰਗ ਕਰਨ ਅਤੇ ਇਨ੍ਹਾਂ ਦੇ 44 ਸਟਾਫ਼ ਮੈਂਬਰਾਂ ਨੂੰ ਜ਼ਿਲ੍ਹਾ ਪ੍ਰੀਸ਼ਦਾਂ/ਪੰਚਾਇਤ ਸਮਿਤੀਆਂ ਵਿੱਚ ਡਾਇੰਗ ਕਾਡਰ ਸਿਰਜ ਕੇ ਐਡਜਸਟ ਕਰਨ ਦਾ ਫੈਸਲਾ ਕੀਤਾ ਹੈ।