Punjab Weather: ਪੰਜਾਬ, ਹਰਿਆਣਾ ਤੇ ਚੰਡੀਗੜ੍ਹ ਸਣੇ ਪੂਰੇ ਉੱਤਰੀ ਭਾਰਤ ਵਿਚ ਸਾਲ 2025 ਦੇ ਪਹਿਲੇ ਦਿਨ ਹੀ ਸੀਤ ਲਹਿਰ ਕਰਕੇ ਠੰਢ ਨੇ ਜ਼ੋਰ ਫੜ ਲਿਆ ਹੈ। ਇੱਥੇ ਲਗਾਤਾਰ ਡਿੱਗ ਰਹੇ ਤਾਪਮਾਨ ਨੇ ਲੋਕਾਂ ਨੂੰ ਦਿਨ ਭਰ ਕੰਬਣੀ ਛੇੜੀ ਰੱਖੀ। ਮੌਸਮ ਵਿਗਿਆਨੀਆਂ ਨੇ ਪੰਜਾਬ ਤੇ ਹਰਿਆਣਾ ਵਿੱਚ ਅਗਲੇ ਦੋ ਦਿਨ 2 ਤੇ 3 ਜਨਵਰੀ ਤੱਕ ਸੰਘਣੀ ਧੁੰਦ ਤੇ ਜ਼ੋਰ ਦੀ ਠੰਢ ਪੈਣ ਦੀ ਪੇਸ਼ੀਨਗੋਈ ਕੀਤੀ ਹੈ। ਇਸ ਦੌਰਾਨ ਤਾਪਮਾਨ ਵਿੱਚ 2 ਤੋਂ 4 ਡਿਗਰੀ ਸੈਲਸੀਅਸ ਤੱਕ ਦੀ ਗਿਰਾਵਟ ਦਰਜ ਕੀਤੀ ਜਾਵੇਗੀ।
ਇਸ ਦੇ ਨਾਲ ਹੀ 4 ਜਨਵਰੀ ਨੂੰ ਇੱਕ ਨਵੀਂ ਪੱਛਮੀ ਗੜਬੜੀ ਪੰਜਾਬ ਦੇ ਮੌਸਮ ਨੂੰ ਪ੍ਰਭਾਵਿਤ ਕਰੇਗੀ, ਜਿਸ ਕਾਰਨ ਤਿੰਨ ਦਿਨਾਂ ਤੱਕ ਕਈ ਥਾਵਾਂ ‘ਤੇ ਮੀਂਹ ਪੈਣ ਦੀ ਸੰਭਾਵਨਾ ਹੈ। ਵਿਭਾਗ ਅਨੁਸਾਰ ਇਸ ਨਾਲ ਪਾਰਾ ਹੋਰ ਡਿੱਗੇਗਾ ਅਤੇ ਠੰਢ ਦੀ ਤੀਬਰਤਾ ਵਧੇਗੀ।
ਮੌਸਮ ਵਿਭਾਗ ਨੇ ਪੂਰੇ ਉੱਤਰੀ ਭਾਰਤ ਵਿਚ ਸੰਘਣੀ ਧੁੰਦ ਦੇ ਨਾਲ-ਨਾਲ ਕਹਿਰ ਦੀ ਠੰਢ ਦਾ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਨੇ ਕਿਹਾ ਕਿ ਪੂਰੇ ਉੱਤਰ ਭਾਰਤ ਵਿੱਚ ਸੰਘਣੀ ਧੁੰਦ ਛਾਈ ਰਹੇਗੀ। ਉੱਤਰ ਪ੍ਰਦੇਸ਼, ਪੰਜਾਬ, ਹਰਿਆਣਾ ਅਤੇ ਦਿੱਲੀ ਦੇ ਆਸ-ਪਾਸ ਦੇ ਖੇਤਰਾਂ ਵਿੱਚ ਸੰਘਣੀ ਧੁੰਦ ਦੇ ਨਾਲ ਠੰਡੇ ਦਿਨ ਦਾ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਨੇ ਹਿਮਾਚਲ ਪ੍ਰਦੇਸ਼, ਰਾਜਸਥਾਨ, ਮੱਧ ਪ੍ਰਦੇਸ਼, ਛੱਤੀਸਗੜ੍ਹ, ਉੜੀਸਾ, ਅਸਾਮ, ਸਿੱਕਮ, ਮਨੀਪੁਰ ਅਤੇ ਤ੍ਰਿਪੁਰਾ ਵਿੱਚ ਸੰਘਣੀ ਧੁੰਦ ਦਾ ਅਲਰਟ ਜਾਰੀ ਕੀਤਾ ਹੈ।
ਮੌਸਮ ਵਿਭਾਗ ਦਾ ਕਹਿਣਾ ਹੈ ਕਿ ਉੱਤਰੀ ਭਾਰਤ ਵਿੱਚ ਪਾਰਾ ਲਗਾਤਾਰ ਡਿੱਗ ਰਿਹਾ ਹੈ। ਦਿੱਲੀ-ਐਨਸੀਆਰ ਸਮੇਤ ਪੂਰੇ ਉੱਤਰ ਭਾਰਤ ਵਿੱਚ ਸੀਤ ਲਹਿਰ ਜਾਰੀ ਹੈ। ਮੌਸਮ ਵਿਭਾਗ ਨੇ ਕਈ ਰਾਜਾਂ ਵਿੱਚ ਸੰਘਣੀ ਧੁੰਦ ਦਾ ਅਲਰਟ ਜਾਰੀ ਕੀਤਾ ਹੈ। ਦਿੱਲੀ-ਐਨਸੀਆਰ ਵਿੱਚ ਸੰਘਣੀ ਧੁੰਦ, ਠੰਡ ਦਾ ਦਿਨ ਅਤੇ ਸੀਤ ਲਹਿਰ ਦਾ ਤੀਹਰਾ ਹਮਲਾ ਹੈ। ਵੱਧ ਤੋਂ ਵੱਧ ਅਤੇ ਘੱਟੋ-ਘੱਟ ਤਾਪਮਾਨ 18 ਡਿਗਰੀ ਅਤੇ 9 ਡਿਗਰੀ ਸੈਲਸੀਅਸ ਦੇ ਆਸ-ਪਾਸ ਰਹੇਗਾ। ਇਸ ਦੇ ਨਾਲ ਹੀ ਮੌਸਮ ਵਿਭਾਗ ਦਾ ਕਹਿਣਾ ਹੈ ਕਿ 4 ਤੋਂ 5 ਜਨਵਰੀ ਨੂੰ ਹਲਕੀ ਬਾਰਿਸ਼ ਨਾਲ ਠੰਡ ਫਿਰ ਵਧ ਸਕਦੀ ਹੈ। ਵੱਧ ਤੋਂ ਵੱਧ ਤਾਪਮਾਨ 15 ਤੋਂ 16 ਡਿਗਰੀ ਸੈਲਸੀਅਸ ਦੇ ਵਿਚਕਾਰ ਪਹੁੰਚ ਸਕਦਾ ਹੈ।