Jagdeep Dhankhar: ਪੱਛਮੀ ਬੰਗਾਲ ਦੇ ਰਾਜਪਾਲ ਜਗਦੀਪ ਧਨਖੜ ਨੂੰ ਭਾਰਤੀ ਜਨਤਾ ਪਾਰਟੀ ਨੇ ਐੱਨ.ਡੀ.ਏ. ਵੱਲੋਂ ਉਪ ਰਾਸ਼ਟਰਪਤੀ ਅਹੁਦੇ ਦਾ ਉਮੀਦਵਾਰ ਬਣਾਇਆ ਹੈ। ਭਾਜਪਾ ਪ੍ਰਧਾਨ ਜੇ. ਪੀ. ਨੱਡਾ ਨੇ ਪ੍ਰੈੱਸ ਕਾਨਫਰੰਸ ਕਰਕੇ ਇਸ ਦਾ ਐਲਾਨ ਕੀਤਾ। ਇਸ ਤੋਂ ਪਹਿਲਾਂ ਭਾਜਪਾ ਦੇ ਮੁੱਖ ਦਫਤਰ ਵਿਖੇ ਸੰਸਦੀ ਬੋਰਡ ਦੀ ਮੀਟਿੰਗ ਹੋਈ। ਇਸ ਮੀਟਿੰਗ ’ਚ ਕਈ ਨਾਵਾਂ ‘ਤੇ ਚਰਚਾ ਹੋਈ।
ਉਪ ਰਾਸ਼ਟਰਪਤੀ ਚੋਣ ਲਈ ਨਾਮਜ਼ਦਗੀ ਪ੍ਰਕਿਰਿਆ ਸ਼ੁਰੂ
ਉਪ ਰਾਸ਼ਟਰਪਤੀ ਦੀ ਚੋਣ ਲਈ ਨਾਮਜ਼ਦਗੀ ਦੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ। ਨਾਮਜ਼ਦਗੀ ਪੱਤਰ ਦਾਖਲ ਕਰਨ ਦੀ ਆਖਰੀ ਮਿਤੀ 19 ਜੁਲਾਈ ਅਤੇ ਨਾਮਜ਼ਦਗੀਆਂ ਵਾਪਸ ਲੈਣ ਦੀ ਆਖਰੀ ਮਿਤੀ 22 ਜੁਲਾਈ ਹੈ। ਅਜਿਹੀ ਸਥਿਤੀ ’ਚ ਜੇਕਰ ਇਕ ਤੋਂ ਵੱਧ ਉਮੀਦਵਾਰ ਚੋਣ ਮੈਦਾਨ ’ਚ ਰਹਿ ਜਾਂਦੇ ਹਨ ਤਾਂ 6 ਅਗਸਤ ਨੂੰ ਚੋਣ ਹੋਵੇਗੀ ਅਤੇ ਨਤੀਜੇ ਦਾ ਵੀ ਉਸੇ ਦਿਨ ਐਲਾਨ ਕਰ ਦਿੱਤਾ ਜਾਵੇਗਾ। ਲੋਕ ਸਭਾ ਅਤੇ ਰਾਜ ਸਭਾ ਦੇ ਸੰਸਦ ਮੈਂਬਰ ਉਪ-ਰਾਸ਼ਟਰਪਤੀ ਦੀ ਚੋਣ ’ਚ ਵੋਟ ਪਾਉਣ ਦੇ ਯੋਗ ਹੁੰਦੇ ਹਨ ਅਤੇ ਗਿਣਤੀ ਦੇ ਿਲਹਾਜ਼ ਨਾਲ ਐੱਨ. ਡੀ. ਏ. ਉਮੀਦਵਾਰ ਦਾ ਜਿੱਤਣਾ ਤੈਅ ਮੰਨਿਆ ਜਾ ਰਿਹਾ ਹੈ।