ਅੰਮ੍ਰਿਤਸਰ: ਸ੍ਰੀ ਅਕਾਲ ਤਖਤ ਸਾਹਿਬ ਵਿਖੇ ਹੋਈ ਪੰਜ ਸਿੰਘ ਸਾਹਿਬਾਨ ਦੀ ਮੀਟਿੰਗ ਵਿਚ ਪੰਜਾਬ ਸਰਕਾਰ ਵੱਲੋਂ ਹਥਿਆਰਾਂ ਦੇ ਪ੍ਰਦਰਸ਼ਨ ਲਈ ਸਿੱਖ ਬੱਚੇ ’ਤੇ ਕੇਸ ਦਰਜ ਕਰਨ ਨੂੰ ਮੰਦਭਾਗਾ ਕਰਾਰ ਦਿੰਦਿਆਂ ਪੰਜਾਬ ਸਰਕਾਰ ਨੂੰ ਆਖਿਆ ਗਿਆ ਕਿ ਉਹ ਪਹਿਲਾਂ ਹਥਿਆਰਾਂ ਨੂੰ ਪ੍ਰੋਮੋਟ ਕਰਨ ਵਾਲੀਆਂ ਫਿਲਮਾਂ ’ਤੇ ਪਾਬੰਦੀ ਲਗਾਉਣੀ ਚਾਹੀਦੀ ਹੈ।
ਇਕੱਤਰਤਾ ਮਗਰੋਂ ਬਿਆਨ ਵੀ ਜਾਰੀ ਕੀਤਾ ਗਿਆ ਜਿਸ ‘ਚ ਦੱਸਿਆ ਗਿਆ ਕਿ ਇਹ ਫੈਸਲਾ ਲਿਆ ਕਿ ਸਿੱਖ ਕੌਮ ਦਾ ਆਪਣਾ ਅੰਤਰ ਰਾਸ਼ਟਰੀ ਮਿਆਰ ਦਾ ਸਿੱਖ ਐਜੂਕੇਸ਼ਨ ਬੋਰਡ ਬਨਣਾ ਚਾਹੀਦਾ ਹੈ। ਇਸ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਪ੍ਰਸਤੀ ਹੇਠ ਸਿੱਖ ਵਿਦਵਾਨਾਂ ਅਤੇ ਸਿੱਖ ਸੰਸਥਾਵਾਂ ਦੇ ਪ੍ਰਤੀਨਿਧੀ ’ਤੇ ਆਧਾਰਿਤ ਇਕ ਉੱਚ ਪੱਧਰੀ ਕਮੇਟੀ ਬਣਾਈ ਜਾਵੇਗੀ ਜੋ ਇਸ ਕਾਰਜ ਦੀ ਪੂਰਤੀ ਲਈ ਯਤਨ ਕਰੇਗੀ।
ਸਿੰਘ ਸਾਹਿਬਾਨ ਨੇ ਕੇਂਦਰ ਸਰਕਾਰ ਖਿਲਾਫ ਸ਼੍ਰੋਮਣੀ ਕਮੇਟੀ ਨੂੰ ਤੋੜਨ ਦੇ ਦੋਸ਼ ਲਗਾਏ ਅਤੇ ਕਿਹਾ ਕਿ ਕੇਂਦਰ ਸਰਕਾਰ ਕੁਝ ਸਿੱਖ ਚੇਹਰਿਆਂ ਨੂੰ ਵਰਤ ਕੇ ਕਾਨੂੰਨ ਦੀ ਆੜ ਵਿਚ ਸ਼੍ਰੋਮਣੀ ਗੁਰਦੁਆਰਾ ਕਮੇਟੀ ਨੂੰ ਤੋੜਨ ਦਾ ਯਤਨ ਕਰ ਰਹੀ ਹੈ, ਉਹ ਵੀ ਉਸ ਸਮੇਂ ਜਦੋਂ ਸਿੱਖ ਪੰਥ ਗੁਰਦੁਆਰਾ ਸੁਧਾਰ ਲਹਿਰ ਸਮੇਂ ਸ਼੍ਰੋਮਣੀ ਕਮੇਟੀ ਦੇ ਗਠਨ ਲਈ ਆਪਣੀਆਂ ਜਾਨਾਂ ਵਾਰਨ ਵਾਲੇ ਯੋਧਿਆਂ ਦੇ ਸ਼ਹੀਦੀ ਦਿਹਾੜੇ ਦੀ ਸ਼ਤਾਬਦੀ ਮਨਾ ਰਿਹਾ ਹੈ।
ਸਿੰਘ ਸਾਹਿਬਾਨ ਨੇ ਇਹ ਵੀ ਕਿਹਾ ਕਿ ਸਿੱਖ ਪੰਥ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਪ੍ਰਸਤੀ ਹੇਠ ਸਿੱਖ ਬੈਂਕ ਬਣਾਉਣ ਅਤੇ ਚਲਾਉਣ ਦੀਆਂ ਸੰਭਾਵਨਾਵਾਂ ਤਲਾਸ਼ਣੀਆਂ ਚਾਹੀਦੀਆਂ ਹਨ ਅਤੇ ਇਸ ਬਾਰੇ ਯਤਨ ਕਰਨਾ ਚਾਹੀਦਾ ਹੈ ਤਾਂ ਜੋ ਇਸਲਾਮਿਕ ਬੈਂਕ ਦੀ ਤਰਜ਼ ’ਤੇ ਇਸ ਬੈਂਕ ਰਾਹੀਂ ਸਿੱਖ ਨੌਜਵਾਨਾਂ ਨੂੰ ਉਚੇਰੀ ਵਿਦਿਆ ਅਤੇ ਰੋਜ਼ਗਾਰ ਦੇ ਧਾਰਨੀ ਬਣਾਉਣ ਲਈ ਯੋਗ ਸਹਾਇਤਾ ਕੀਤੀ ਜਾ ਸਕੇ। ਇਸ ਕਾਰਜ ਲਈ ਸਿੱਖਾਂ ਤੋਂ ਸੁਝਾਅ ਮੰਗੇ ਗਏ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h