ਲੌਂਗੋਵਾਲ: ਪੰਜਾਬ ਦੇ ਇਤਿਹਾਸ ਵਿੱਚ ਅਜਿਹਾ ਪਹਿਲੀ ਵਾਰ ਹੋਇਆ ਹੈ ਕਿ ਪੇਂਡੂ ਖੇਡਾਂ ਦੇ ਖੇਤਰ ਵਿੱਚ ਇੱਕੋ ਹਲਕੇ ਵਿੱਚੋਂ ਰਿਕਾਰਡ 207 ਟੀਮਾਂ ਦੇ 2037 ਖਿਡਾਰੀ ਹਿੱਸਾ ਲੈ ਰਹੇ ਹਨ ਅਤੇ ਇਹ ਮਾਣ ਸ਼ਹੀਦ ਊਧਮ ਸਿੰਘ ਜੀ ਦੀ ਜਨਮ ਭੂਮੀ ਸੁਨਾਮ ਦੇ ਅਟੁੱਟ ਹਿੱਸੇ ਲੌਂਗੋਵਾਲ ਨੂੰ ਮਿਲਿਆ ਹੈ। ਇਹ ਪ੍ਰਗਟਾਵਾ ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਭਾਈ ਮਤੀ ਦਾਸ ਸੀਨੀਅਰ ਸੈਕੰਡਰੀ ਸਕੂਲ ਵਿਖੇ ਬਾਬੂ ਭਗਵਾਨ ਦਾਸ ਅਰੋੜਾ ਯਾਦਗਾਰੀ ਸੁਪਰ ਲੀਗ ਤਹਿਤ ਆਯੋਜਿਤ ‘ਖੇਡਾਂ ਹਲਕਾ ਸੁਨਾਮ ਦੀਆਂ’ ਦਾ ਆਗਾਜ਼ ਕਰਨ ਮੌਕੇ ਕੀਤਾ।
ਕੈਬਨਿਟ ਮੰਤਰੀ ਅਰੋੜਾ ਨੇ ਕਿਹਾ ਕਿ ਹਜ਼ਾਰਾਂ ਖਿਡਾਰੀਆਂ ਦੀ ਸਰਗਰਮ ਸ਼ਮੂਲੀਅਤ ਨੇ ਇੱਕ ਮੀਲ ਪੱਥਰ ਸਥਾਪਤ ਕਰਦਿਆਂ ਉਨ੍ਹਾਂ ਦੇ ਹੌਂਸਲੇ ਨੂੰ ਵਧਾਇਆ ਹੈ ਅਤੇ ਉਹ ਦਿਨ ਦੂਰ ਨਹੀਂ ਜਦੋਂ ਵਿਧਾਨ ਸਭਾ ਹਲਕਾ ਸੁਨਾਮ ਦੇ ਵੱਡੀ ਗਿਣਤੀ ਖਿਡਾਰੀ ਨਾ ਕੇਵਲ ਸੂਬੇ ਬਲਕਿ ਦੇਸ਼ ਤੇ ਵਿਦੇਸ਼ਾਂ ਵਿੱਚ ਖੇਡ ਹੀਰਿਆਂ ਵਜੋਂ ਆਪਣੀ ਵਿਲੱਖਣ ਪਛਾਣ ਸਥਾਪਤ ਕਰਨਗੇ।
ਇਸ ਮੌਕੇ ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਪ੍ਰਸਿੱਧ ਮੁੱਕੇਬਾਜ਼ ਪਦਮ ਸ. ਕੌਰ ਸਿੰਘ ਅਤੇ ਪ੍ਰਸਿੱਧ ਅਥਲੀਟ ਪਦਮਸ਼੍ਰੀ ਸੁਨੀਤਾ ਰਾਣੀ ਨੂੰ ਖੇਡ ਖੇਤਰ ਵਿੱਚ ਪਾਏ ਵਿਲੱਖਣ ਯੋਗਦਾਨ ਲਈ ਵਿਸ਼ੇਸ਼ ਤੌਰ ’ਤੇ ਯਾਦਗਾਰੀ ਚਿੰਨ ਤੇ ਸ਼ਾਲ ਦੇ ਕੇ ਸਨਮਾਨਿਤ ਕੀਤਾ ਗਿਆ।
ਕੈਬਨਿਟ ਮੰਤਰੀ ਨੇ ਦੱਸਿਆ ਕਿ ਬਾਬੂ ਭਗਵਾਨ ਦਾਸ ਅਰੋੜਾ ਫਾਊਂਡੇਸ਼ਨ ਵੱਲੋਂ ਪਿਛਲੇ ਕਈ ਸਾਲਾਂ ਤੋਂ ਸੇਵਾ ਕੇਂਦਰ, ਮੈਡੀਕਲ ਖੇਤਰ, ਸਿਲਾਈ ਕਢਾਈ ਸੈਂਟਰ, ਖੇਡ ਕਿੱਟਾਂ ਆਦਿ ਦੀ ਵੰਡ ਰਾਹੀਂ ਲੋੜਵੰਦ ਲੋਕਾਂ ਦੀ ਮਦਦ ਕੀਤੀ ਜਾ ਰਹੀ ਹੈ ਅਤੇ ਹੁਣ ਉਹ ਵੀ ਪਿਛਲੇ 10 ਮਹੀਨਿਆਂ ਤੋਂ ਵਿਧਾਨ ਸਭਾ ਹਲਕਾ ਸੁਨਾਮ ਦੇ ਵਾਸੀਆਂ ਦੀਆਂ ਮੰਗਾਂ ਨੂੰ ਤਰਜੀਹੀ ਆਧਾਰ ’ਤੇ ਪੂਰਾ ਕਰਨ ਲਈ ਯਤਨਸ਼ੀਲ ਹਨ। ਸ਼੍ਰੀ ਅਰੋੜਾ ਨੇ ਦੱਸਿਆ ਕਿ ਜਲਦੀ ਹੀ ਲੌਂਗੋਵਾਲ ਵਿਖੇ 3.97 ਕਰੋੜ ਦੀ ਲਾਗਤ ਵਾਲਾ ਖੇਡ ਸਟੇਡੀਅਮ ਬਣਾਉਣ ਦੀ ਪ੍ਰਕਿਰਿਆ ਸ਼ੁਰੂ ਹੋ ਜਾਵੇਗੀ।
ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਵੱਲੋਂ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ ਅਤੇ ਐਨ.ਸੀ.ਸੀ ਕੈਡਿਟ ਵੱਲੋਂ ਕੀਤੀ ਗਈ ਮਾਰਚ ਪਾਸਟ ਤੋਂ ਸਲਾਮੀ ਲਈ। ਕੈਬਨਿਟ ਮੰਤਰੀ ਵੱਲੋਂ ਖੇਡਾਂ ਦੀ ਸ਼ੁਰੂਆਤ ਦੇ ਐਲਾਨ ਦੇ ਨਾਲ ਹੀ ਖੇਡ ਮੈਦਾਨ ਵਿੱਚ ਵਾਲੀਬਾਲ ਸ਼ਮੈਸਿੰਗ, ਵਾਲੀਬਾਲ ਸ਼ੂਟਿੰਗ ਤੇ ਰੱਸਾਕਸੀ ਦੇ ਦਿਲਚਸਪ ਮੁਕਾਬਲੇ ਸ਼ੁਰੂ ਹੋਏ ਜੋ ਕਿ ਕੱਲ੍ਹ ਵੀ ਜਾਰੀ ਰਹਿਣਗੇ ਅਤੇ ਕੱਲ੍ਹ ਸ਼ਾਮ ਨੁੰ ਜੇਤੂ ਟੀਮਾਂ ਨੂੰ ਪੁਰਸਕਾਰਾਂ ਦੀ ਵੰਡ ਕੀਤੀ ਜਾਵੇਗੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h