ਲਖੀਮਪੁਰ ਖੀਰੀ ਦੇ ਕਾਤਲਾਂ ਨੂੰ ਸਜ਼ਾ ਦਿਵਾਉਣ, ਬਿਜਲੀ ਸੋਧ ਬਿੱਲ 2022, ਕਿਸਾਨਾਂ ‘ਤੇ ਦਰਜ ਕੀਤੇ ਪਰਚੇ ਰੱਦ ਕਰਵਾਉਣ ਅਤੇ ਕੇਂਦਰ ਸਰਕਾਰ ਵੱਲੋਂ ਮੰਨ ਲਈਆਂ ਮੰਗਾਂ ਨੂੰ ਲਾਗੂ ਕਰਵਾਉਣ ਲਈ ਸੰਯੁਕਤ ਕਿਸਾਨ ਮੋਰਚੇ ਵੱਲੋਂ 22 ਅਗਸਤ ਨੂੰ ਜੰਤਰ ਮੰਤਰ ਤੇ ਦਿੱਤੇ ਜਾਣ ਵਾਲੇ ਧਰਨੇ ਵਿੱਚ ਸ਼ਾਮਲ ਹੋਣ ਲਈ ਸੈਂਕੜਿਆਂ ਦੀ ਤਾਦਾਦ ਵਿੱਚ ਇਕੱਤਰ ਹੋਏ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਆਗੂ ਅਤੇ ਵਰਕਰ ਕੇਂਦਰ ਸਰਕਾਰ ਦੇ ਖਿਲਾਫ ਨਾਅਰੇਬਾਜ਼ੀ ਕਰਦਿਆਂ ਰੇਲ ਗੱਡੀ ਰਾਹੀਂ ਦਿੱਲੀ ਲਈ ਰਵਾਨਾ ਹੋਏ।
ਰੇਲਵੇ ਸਟੇਸ਼ਨ ਤੇ ਇਕੱਤਰ ਹੋਏ ਬੀਕੇਯੂ ਸਿੱਧੂਪੁਰ ਦੇ ਆਗੂਆਂ ਅਤੇ ਵਰਕਰਾਂ ਨੂੰ ਸੰਬੋਧਨ ਕਰਦੇ ਹੋਏ ਜ਼ਿਲ੍ਹਾ ਪ੍ਰਧਾਨ ਲਖਵੀਰ ਸਿੰਘ, ਜ਼ਿਲ੍ਹਾ ਮੀਤ ਪ੍ਰਧਾਨ ਜਗਦੇਵ ਸਿੰਘ, ਜ਼ਿਲ੍ਹਾ ਜਨਰਲ ਸਕੱਤਰ ਮੱਖਣ ਸਿੰਘ ਨੇ ਕਿਹਾ ਕਿ ਗੈਰ-ਸਿਆਸੀ ਸੰਯੁਕਤ ਮੋਰਚੇ ਵੱਲੋਂ 22 ਅਗਸਤ ਨੂੰ ਦਿੱਲੀ ਦੇ ਜੰਤਰ ਮੰਤਰ ਤੇ ਧਰਨਾ ਦੇਣ ਦਾ ਸੱਦਾ ਦਿੱਤਾ ਗਿਆ ਸੀ ਕਿਉਂਕਿ ਇਹ ਦਿੱਲੀ ਅੰਦੋਲਨ ਮੁਲਤਵੀ ਕਰਨ ਮੌਕੇ ਕੇਂਦਰ ਸਰਕਾਰ ਵੱਲੋਂ ਮੰਨੀਆਂ ਹੋਈਆਂ ਮੰਗਾਂ ਹਾਲੇ ਤੱਕ ਬਕਾਇਆ ਪਈਆਂ ਹਨ।
ਇਹ ਵੀ ਪੜ੍ਹੋ:ਸਾਬਕਾ ਪ੍ਰਧਾਨ ਮੰਤਰੀ ਦੇ ਸਮਾਗਮਾਂ ਦੇ ਸਿੱਧੇ ਪ੍ਰਸਾਰਨ ’ਤੇ ਰੋਕ
ਉਨ੍ਹਾਂ ਕਿਹਾ ਕਿ ਅੱਜ ਮਾਨਸਾ ਤੋਂ ਬੀਕੇਯੂ ਸਿੱਧੂਪੁਰ ਦੀ ਅਗਵਾਈ ਵਿੱਚ ਕਰੀਬ ਇੱਕ ਹਜ਼ਾਰ ਕਿਸਾਨਾਂ ਅਤੇ ਔਰਤਾਂ ਦਾ ਜਥਾ ਦਿੱਲੀ ਲਈ ਰਵਾਨਾ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਕੁਝ ਦਿਨ ਪਹਿਲਾਂ ਕੇਂਦਰ ਸਰਕਾਰ ਵੱਲੋਂ ਦਿੱਲੀ ਅੰਦੋਲਨ ਸਮੇਂ ਕੇਂਦਰ ਸਰਕਾਰ ਨੇ ਬਿਜਲੀ ਸੋਧ ਬਿਲ ਨੂੰ ਰੱਦ ਕਰਨ ਦੀ ਗੱਲ ਕਹੀ ਸੀ, ਪਰ ਹੁਣ ਇਹ ਬਿਲ ਲੋਕ ਸਭਾ ਵਿੱਚ ਪੇਸ਼ ਕਰਕੇ ਦੁਆਰਾ ਲਿਆਉਣ ਦੀ ਤਿਆਰੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਲਖੀਮਪੁਰ ਖੀਰੀ ਵਿੱਚ ਮਾਰੇ ਗਏ ਕਿਸਾਨਾਂ ਅਤੇ ਪੱਤਰਕਾਰ ਦੇ ਕਾਤਲ ਸ਼ਰੇਆਮ ਘੁੰਮ ਰਹੇ ਹਨ ਅਤੇ ਸਾਡੇ ਕਿਸਾਨ ਜੇਲਾਂ ਵਿੱਚ ਬੰਦ ਕੀਤੇ ਹੋਏ ਹਨ।