Violence at Nuh: ਹਰਿਆਣਾ ਦੇ ਨੂੰਹ ਜ਼ਿਲ੍ਹੇ ਵਿੱਚ ਵਾਪਰੀਆਂ ਮੰਦਭਾਗੀਆਂ ਘਟਨਾਵਾਂ ਨੇ ਲੋਕ ਮਨਾਂ ਨੂੰ ਭਾਰੀ ਠੇਸ ਪਹੁੰਚਾਈ ਹੈ। ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਇਨ੍ਹਾਂ ਘਟਨਾਵਾਂ ਦੀ ਨਿਖੇਧੀ ਕਰਦਿਆਂ ਕਿਹਾ ਹੈ ਕਿ ਧਰਮ ਦੇ ਨਾਂ ‘ਤੇ ਕਤਲੋਗਾਰਤ, ਲੁੱਟ ਖੋਹ ਅਤੇ ਅਗਜ਼ਨੀ ਦੀਆਂ ਘਟਨਾਵਾਂ ਕਿਸੇ ਵੀ ਸੱਭਿਅਕ ਸਮਾਜ ਨੂੰ ਸ਼ੋਭਾ ਨਹੀਂ ਦਿੰਦੀਆਂ।
ਉਨ੍ਹਾਂ ਕਿਹਾ ਕਿ ਸਮੂਹ ਲੋਕਤੰਤਰੀ ਧਿਰਾਂ ਨੂੰ ਇਕੱਤਰ ਹੋ ਕੇ ਸਮਾਜ ‘ਚ ਨਫ਼ਰਤ ਅਤੇ ਹਿੰਸਾ ਫੈਲਾਉਣ ਵਾਲੀਆਂ ਤਾਕਤਾਂ ਦੇ ਖਿਲਾਫ਼ ਲੋਕ ਲਹਿਰ ਚਲਾਉਣਾ ਸਮੇਂ ਦੀ ਲੋੜ ਹੈ। ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਇਸ ਵਰਤਾਰੇ ਦੀ ਸਖ਼ਤ ਮੁਖ਼ਾਲਫ਼ਤ ਕਰਦੇ ਹੋਏ ਕਿਹਾ ਹੈ ਕਿ ਸੱਭਿਅਕ ਸਮਾਜ ਵਿੱਚ ਅਜਿਹੀਆਂ ਘਿਨੌਣੀਆਂ ਘਟਨਾਵਾਂ ਲਈ ਕੋਈ ਸਥਾਨ ਨਹੀਂ ਹੋਣਾ ਚਾਹੀਦਾ। ਉਨ੍ਹਾਂ ਹਰਿਆਣਾ ਦੀ ਮੌਜੂਦਾ ਭਾਜਪਾ-ਜਜਪਾ ਸਰਕਾਰ ਨੂੰ ਕਰੜੇ ਹੱਥੀਂ ਲੈਂਦਿਆਂ ਕਿਹਾ ਕਿ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਆਪਣੀ ਜ਼ਿੰਮੇਵਾਰੀ ਨਿਭਾਉਣ ਵਿੱਚ ਪੂਰਨ ਤੌਰ ‘ਤੇ ਨਾਕਾਮ ਰਹੇ ਹਨ ਕਿਉਂਕਿ ਸੂਬੇ ਦੇ ਮੁੱਖ ਮੰਤਰੀ ਹੋਣ ਦੇ ਨਾਤੇ ਸਭ ਦੀ ਜਾਨ ਮਾਲ ਦੀ ਹਿਫ਼ਾਜ਼ਤ ਕਰਨਾ ਉਨ੍ਹਾਂ ਦਾ ਨੈਤਿਕ ਫ਼ਰਜ਼ ਹੈ।
ਸੰਧਵਾਂ ਨੇ ਕਿਹਾ ਕਿ ਇਸ ਦੁੱਖਦਾਈ ਘਟਨਾ ਦੇ ਕਾਰਨਾਂ ਦਾ ਪਤਾ ਲਾਉਣ ਲਈ ਪੂਰੀ ਡੂੰਘਾਈ ਨਾਲ ਜਾਂਚ ਹੋਣੀ ਚਾਹੀਦੀ ਹੈ ਅਤੇ ਇਸਦੇ ਪਿੱਛੇ ਜਿਨ੍ਹਾਂ ਦਾ ਹੱਥ ਹੈ, ਉਨ੍ਹਾਂ ਨੂੰ ਢੁਕਵੀਂ ਸਜਾ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਨੂਹ ਜ਼ਿਲ੍ਹੇ ਪਿੱਛੋਂ ਇਹ ਫਿਰਕੂ ਅੱਗ ਗੁਰੂਗ੍ਰਾਮ ਤੱਕ ਵੀ ਪਹੁੰਚ ਚੁੱਕੀ ਹੈ ਅਤੇ ਲੋਕਤੰਤਰ ਤੇ ਮਾਨਵੀਂ ਕਦਰਾਂ ਕੀਮਤਾਂ ਨੂੰ ਬਚਾਉਣ ਲਈ ਇਸ ਅੱਗ ਨੂੰ ਭਾਂਬੜ ਬਣਨ ਤੋਂ ਰੋਕਿਆ ਜਾਣਾ ਚਾਹੀਦਾ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h