ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਕੌਮ ਦੇ ਨਾਂ ਸੰਦੇਸ਼ ਦਿੰਦਿਆਂ ਸਿੱਖ ਕੌਮ ਨੂੰ ਬੇਇਤਫ਼ਾਕੀ ਛੱਡ ਕੇ ਫੁੱਟ ਪਾਊ ਤਾਕਤਾਂ ਤੋਂ ਸੁਚੇਤ ਰਹਿਣ ਸਮੇਤ ਪੰਜਾਬ ਦਾ ਪਾਣੀ ਤੇ ਦਿਮਾਗ ‘ਦੂਸ਼ਿਤ’ ਹੋਣ ਤੋਂ ਰੋਕਣ ਲਈ ਹੰਭਲਾ ਮਾਰਨ ਦਾ ਸੱਦਾ ਦਿੱਤਾ।
ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਜ਼ਮੀਨ ਦੀ ਮਾਲਕੀ ਦਾ ਹੱਕ ਸਿਰਫ਼ ਪੰਜਾਬੀਆਂ ਕੋਲ ਹੋਣਾ ਚਾਹੀਦਾ ਹੈ। ਗਿਆਨੀ ਹਰਪ੍ਰੀਤ ਸਿੰਘ ਨੇ ਨੌਜਵਾਨਾਂ ਨੂੰ ਆਪਣੇ ਅਮੀਰ ਵਿਰਸੇ ਨਾਲ ਜੁੜਨ ਦਾ ਸੁਨੇਹਾ ਦਿੱਤਾ। ਉਨ੍ਹਾਂ ਕੌਮ ਨੂੰ ਆਪਣੀਆਂ ਰਵਾਇਤਾਂ, ਪ੍ਰੰਪਰਾਵਾਂ ਤੇ ਵਿਰਾਸਤ ਦੀ ਅਗਵਾਈ ਕਰਨ ਅਪੀਲ ਵੀ ਕੀਤੀ।
ਦੱਸ ਦਈਏ ਕਿ ਗਿਆਨੀ ਹਰਪ੍ਰੀਤ ਸਿੰਘ ਸਰਬੰਸਦਾਨੀ ਗੁਰੂ ਗੋਬਿੰਦ ਸਿੰਘ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸ਼ਹੀਦੀ ਸਭਾ ਮੌਕੇ ਕੌਮ ਦੇ ਨਾਂ ਸੰਦੇਸ਼ ਰਹੇ ਸੀ। ਸ਼ਹੀਦੀ ਸਭਾ ਦੀ ਬੁੱਧਵਾਰ ਨੂੰ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਤੋਂ ਸ਼ੁਰੂ ਹੋਏ ਵਿਸ਼ਾਲ ਨਗਰ ਕੀਰਤਨ ਦੇ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਵਿਖੇ ਪਹੁੰਚਣ ’ਤੇ ਸਮਾਪਤੀ ਹੋ ਗਈ। ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸੰਗਤ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਤਿਹਾਸ ਨੂੰ ਬਦਲਣ ਲਈ ਕੋਝੀਆਂ ਚਾਲਾਂ ਤੋਂ ਕੌਮ ਨੂੰ ਸੁਚੇਤ ਰਹਿਣ ਦੀ ਲੋੜ ਹੈ।
ਇਸ ਮੌਕੇ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨ ਹਰਪ੍ਰੀਤ ਸਿੰਘ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਜਗਤਾਰ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਖਾਲਸਾ, ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ 96 ਕਰੋੜੀ, ਤਰਨਾ ਦਲ ਦੇ ਮੁਖੀ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ, ਦਲ ਬਾਬਾ ਬਿਧੀ ਚੰਦ ਦੇ ਮੁਖੀ ਬਾਬਾ ਅਵਤਾਰ ਸਿੰਘ ਸੁਰਸਿੰਘ, ਅੰਤ੍ਰਿੰਗ ਕਮੇਟੀ ਮੈਂਬਰ ਭਾਈ ਗੁਰਪ੍ਰੀਤ ਸਿੰਘ ਰੰਧਾਵਾ, ਜਥੇਦਾਰ ਕਰਨੈਲ ਸਿੰਘ ਪੰਜੋਲੀ ਆਦਿ ਸਮੇਤ ਲੱਖਾਂ ਦੀ ਗਿਣਤੀ ਵਿੱਚ ਸ਼ਰਧਾਲੂਆਂ ਨੇ ਸ਼ਿਰਕਤ ਕੀਤੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h