ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਵੀ ਵਿਧਾਨ ਸਭਾ ਦੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਹੈ। ਇਕ ਦਿਨ ਪਹਿਲਾਂ ਯਾਨੀ 12 ਮਾਰਚ ਨੂੰ ਉਨ੍ਹਾਂ ਨੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। ਅਸਤੀਫਾ ਦੇਣ ਤੋਂ ਪਹਿਲਾਂ ਖੱਟਰ ਕਰਨਾਲ ਵਿਧਾਨ ਸਭਾ ਸੀਟ ਤੋਂ ਵਿਧਾਇਕ ਸਨ।
ਅਸਤੀਫਾ ਸੌਂਪਣ ਤੋਂ ਬਾਅਦ ਉਨ੍ਹਾਂ ਕਿਹਾ, ‘ਮੈਨੂੰ ਜੋ ਵੀ ਨਵੀਂ ਜ਼ਿੰਮੇਵਾਰੀ ਸੌਂਪੀ ਗਈ ਹੈ, ਮੈਂ ਉਸ ਨੂੰ ਸੁਚਾਰੂ ਢੰਗ ਨਾਲ ਪੂਰਾ ਕਰਾਂਗਾ।’ ਖੱਟਰ ਦੇ ਅਸਤੀਫੇ ਤੋਂ ਬਾਅਦ ਖਾਲੀ ਹੋਈ ਕਰਨਾਲ ਸੀਟ ਤੋਂ ਨਵੇਂ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਜ਼ਿਮਨੀ ਚੋਣ ਲੜਨਗੇ। ਇਸ ਸਮੇਂ ਉਹ ਹਰਿਆਣਾ ਦੇ ਕੁਰੂਕਸ਼ੇਤਰ ਤੋਂ ਸੰਸਦ ਮੈਂਬਰ ਹਨ।
ਦਰਅਸਲ 12 ਮਾਰਚ ਨੂੰ ਮਨੋਹਰ ਲਾਲ ਖੱਟਰ ਦੇ ਅਸਤੀਫੇ ਤੋਂ ਕੁਝ ਘੰਟੇ ਬਾਅਦ ਹੀ ਨਾਇਬ ਸੈਣੀ ਨੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ ਸੀ। ਇਸ ਤੋਂ ਬਾਅਦ ਉਨ੍ਹਾਂ ਰਾਜਪਾਲ ਨੂੰ ਮਿਲਣ ਅਤੇ ਭਰੋਸੇ ਦਾ ਵੋਟ ਪੇਸ਼ ਕਰਨ ਦਾ ਪ੍ਰਸਤਾਵ ਰੱਖਿਆ। ਸੈਣੀ ਨੇ ਅੱਜ ਵਿਧਾਨ ਸਭਾ ਵਿੱਚ ਭਰੋਸੇ ਦਾ ਮਤਾ ਪੇਸ਼ ਕੀਤਾ, ਜਿਸ ਨੂੰ ਆਵਾਜ਼ੀ ਵੋਟ ਨਾਲ ਪਾਸ ਕਰ ਦਿੱਤਾ ਗਿਆ। ਨਾਲ ਹੀ, ਹਰਿਆਣਾ ਦੀ ਨਵੀਂ ਸੈਣੀ ਸਰਕਾਰ ਨੇ ਫਲੋਰ ਟੈਸਟ ਪਾਸ ਕੀਤਾ ਹੈ।
ਆਵਾਜ਼ੀ ਵੋਟ ਰਾਹੀਂ ਵੋਟਿੰਗ ਹੋਈ
ਅੱਜ ਭਰੋਸੇ ਦੇ ਮਤੇ ਦੌਰਾਨ ਵਿਰੋਧੀ ਧਿਰ ਨੇ ਵੋਟਿੰਗ ਕਰਵਾਉਣ ਦੀ ਮੰਗ ਕੀਤੀ, ਹਾਲਾਂਕਿ ਅਜਿਹਾ ਰਿਵਾਜ਼ ਨਾ ਹੋਣ ਕਾਰਨ ਸਪੀਕਰ ਨੇ ਆਵਾਜ਼ੀ ਵੋਟ ਰਾਹੀਂ ਵੋਟਿੰਗ ਕਰਵਾਈ, ਜਿਸ ਵਿੱਚ ਮਤਾ ਪਾਸ ਕਰ ਦਿੱਤਾ ਗਿਆ।