ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕੌਮੀ ਜਮਹੂਰੀ ਗਠਜੋੜ ਭਾਵ ਐਨ ਡੀ ਏ ਦੇ ਰਾਸ਼ਟਰਪਤੀ ਦੇ ਅਹੁਦੇ ਲਈ ਉਮੀਦਵਾਰ ਸ੍ਰੀਮਤੀ ਦਰੋਪਦੀ ਮੁਰਮੂ ਨੁੰ ਅਪੀਲ ਕੀਤੀ ਕਿ ਉਹ ਰਸ਼ਟਰਪਤੀ ਚੁਣੇ ਜਾਣ ਤੋਂ ਬਾਅਦ ਸਾਰੇ ਬੰਦੀ ਸਿੰਘਾਂ ਦੀ ਰਿਹਾਈ ਦੇ ਮਾਮਲੇ ਵਿਚ ਨਿੱਜੀ ਦਿਲਚਸਪੀ ਲੈਣ ਕਿਉਂਕਿ ਉਮਰ ਕੈਦ ਦੀਆਂ ਸਜ਼ਾਵਾਂ ਪੂਰੀਆਂ ਹੋਣ ਦੇ ਬਾਵਜੂਦ ਇਹ ਬੰਦੀ ਸਿੰਘ ਜੇਲ੍ਹਾਂ ਵਿਚ ਬੰਦ ਹਨ ਤੇ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਰਹਿਮ ਦੀ ਅਪੀਲ ਰਾਸ਼ਟਰਪਤੀ ਦੇ ਦਫਤਰ ਵਿਚ ਲੰਬਿਤ ਪਈ ਹੈ।
ਇਹ ਅਪੀਲ ਇਥੇ ਪਾਰਟੀ ਦੀ ਕੋਰ ਕਮੇਟੀ ਦੀ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿਚ ਲਏ ਫੈਸਲੇ ਮਗਰੋਂ ਕੀਤੀ ਗਈ ਹੈ।
ਰਾਸ਼ਟਰਪਤੀ ਦੇ ਅਹੁਦੇ ਲਈ ਉਮੀਦਵਾਰ ਨੁੰ ਲਿਖੇ ਪੱਤਰ ਵਿਚ ਅਕਾਲੀ ਦਲ ਨੇ ਵਿਸ਼ਵਾਸ ਪ੍ਰਗਟ ਕੀਤਾ ਕਿ ਸ੍ਰੀਮਤੀ ਮੁਰਮੂ, ਜੋ ਘੱਟ ਗਿਣਤੀਆਂ ਦਬੇ ਕੁਚਲੇ ਤੇ ਪਛੜੇ ਵਰਗਾਂ ਦੀ ਪ੍ਰਤੀਨਿਧਤਾ ਕਰਦੇ ਹਨ, ਸਿੱਖ ਕੌਮ ਦੇ ਲਟਕਦੇ ਮਸਲਿਆਂ ਖਾਸ ਤੌਰ ’ਤੇ ਬੰਦੀ ਸਿੰਘਾਂ ਦੀ ਰਿਹਾਈ ਨੂੰ ਹੱਲ ਕਰਵਾਉਣ ਵਿਚ ਮਦਦ ਕਰਨਗੇ।
ਇਸ ਅਪੀਲ ਵਿਚ ਜ਼ੋਰ ਦਿੱਤਾ ਗਿਆ ਕਿ ਉਮਰ ਕੈਦ ਦੀ ਸਜ਼ਾ ਪੂਰੀ ਹੋਣ ਦੇ ਬਾਵਜੂਦ ਬੰਦੀ ਸਿਘੰਾਂ ਨੁੰ ਜੇਲ੍ਹਾਂ ਵਿਚ ਬੰਦ ਰੱਖਣ ਤੋਂ ਦੁਨੀਆਂ ਭਰ ਵਿਚ ਵਸਦੇ ਸਿੱਖ ਗੰਭੀਰ ਚਿੰਤਤ ਹਨ ਤੇ ਉਹਨਾਂ ਨੂੰ ਆਸ ਹੈ ਕਿ ਰਾਸ਼ਟਰਪਤੀ ਬਣਨ ਮਗਰੋਂ ਸ੍ਰੀਮਤੀ ਮਰਮੂ ਸਿੱਖ ਕੌਮ ਦਾ ਸੰਤੁਸ਼ਟੀ ਅਨੁਸਾਰ ਮਸਲਾ ਹੱਲ ਕਰਵਾਉਣਗੇ।