Hoshiarpur News: ਨਹਿਰੀ ਵਿਭਾਗ ਦੀ ਅਣਗਹਿਲੀ ਕਾਰਨ ਹੁਸ਼ਿਆਰਪੁਰ ਦੇ ਦਸੂਹਾ-ਹਾਜੀਪੁਰ ਮੁੱਖ ਮਾਰਗ ’ਤੇ ਪੈਂਦੇ ਕਸਬਾ ਘੋਗਰਾ ਨੇੜੇ ਕਿਸਾਨਾਂ ਨੂੰ ਭਾਰੀ ਨੁਕਸਾਨ ਹੋਇਆ ਹੈ। ਦੱਸ ਦਈਏ ਕਿ ਨਹਿਰੀ ਵਿਭਾਗ ਦੀ ਲਾਪਰਵਾਹੀ ਕਰਕੇ ਇੱਥੇ ਕਈ ਏਕੜ ਫਸਲ ਪਾਣੀ ਵਿੱਚ ਡੁੱਬ ਗਈ।
ਪੰਜਾਬ ਸਰਕਾਰ ਵੱਲੋਂ ਪਿਛਲੇ 30 ਸਾਲਾਂ ਤੋਂ ਬੰਦ ਪਈ ਸਿੰਗੋਵਾਲ ਡਿਸਟਰੀਬਿਊਟਰ ਨਹਿਰ ਨੂੰ ਮੁੜ ਚਾਲੂ ਕਰ ਦਿੱਤਾ ਗਿਆ ਸੀ ਪਰ ਨਹਿਰੀ ਵਿਭਾਗ ਵੱਲੋਂ ਨਹਿਰ ਦਾ ਕੰਮ ਪੂਰਾ ਨਾ ਕਰਕੇ ਨਹਿਰ ਵਿੱਚ ਪਾਣੀ ਛੱਡ ਦਿੱਤਾ ਗਿਆ, ਜਿਸ ਕਾਰਨ ਪਿੰਡ ਜੀਓਚੱਕ, ਚੌਹਾਣਾ ਅਤੇ ਬੈਬੋਵਾਲ ਛੰਨੀਆਂ ਵਿਖੇ ਕਈ ਕਿਸਾਨਾਂ ਦੀ ਫਸਲ ਪੂਰੀ ਤਰ੍ਹਾਂ ਪਾਣੀ ‘ਚ ਡੁੱਬ ਗਈ।
ਇਸ ਬਾਰੇ ਜਾਣਕਾਰੀ ਦਿੰਦਿਆਂ ਕਿਸਾਨ ਤਰਸੇਮ ਠਾਕੁਰ ਨੇ ਦੱਸਿਆ ਕਿ ਉਹ ਪਹਿਲਾਂ ਵੀ ਇਸ ਸਬੰਧੀ ਨਹਿਰੀ ਵਿਭਾਗ ਦੇ ਅਧਿਕਾਰੀਆਂ ਨੂੰ ਚੇਤਾਵਨੀ ਦੇ ਚੁੱਕੇ ਹਨ ਪਰ ਉਨ੍ਹਾਂ ਨੇ ਕੋਈ ਕਾਰਵਾਈ ਨਹੀਂ ਕੀਤੀ। ਕਿਸਾਨ ਨੇ ਕਿਹਾ, ਨਹਿਰੀ ਵਿਭਾਗ ਨੇ ਮੇਰੇ ਖੇਤ ਨੇੜੇ ਆ ਕੇ ਨਹਿਰ ਦੀ ਉਸਾਰੀ ਦਾ ਕੰਮ ਰੋਕ ਦਿੱਤਾ ਤੇ ਅੱਧੀ ਅਧੂਰੀ ਨਹਿਰ ਵਿੱਚ ਪਾਣੀ ਛੱਡ ਦਿੱਤਾ, ਜਿਸ ਕਾਰਨ ਮੇਰੀ ਸਾਢੇ ਚਾਰ ਏਕੜ ਦੀ ਫ਼ਸਲ ਪੂਰੀ ਤਰ੍ਹਾਂ ਤਬਾਹ ਹੋ ਗਈ।
ਉਧਰ ਇੱਕ ਹੋਰ ਕਿਸਾਨ ਗੁਰਦੀਪ ਸਿੰਘ ਦਾ ਕਹਿਣਾ ਹੈ ਕਿ ਉਸ ਦੀ ਤਿੰਨ ਏਕੜ ਫਸਲ ਵੀ ਤਬਾਹ ਹੋ ਗਈ ਹੈ, ਜਿਸ ਲਈ ਨਹਿਰੀ ਵਿਭਾਗ ਪੂਰੀ ਤਰ੍ਹਾਂ ਜ਼ਿੰਮੇਵਾਰ ਹੈ। ਸਮੂਹ ਕਿਸਾਨਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਅਪੀਲ ਕੀਤੀ ਹੈ ਕਿ ਇਸ ਨੁਕਸਾਨ ਦਾ ਮੁਆਵਜ਼ਾ ਦਿੱਤਾ ਜਾਵੇ ਅਤੇ ਨਹਿਰੀ ਵਿਭਾਗ ਦੇ ਲਾਪਰਵਾਹ ਅਧਿਕਾਰੀਆਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ।
ਇਸ ਸਬੰਧੀ ਨਹਿਰੀ ਵਿਭਾਗ ਦੇ ਜੇ.ਈ ਅੰਕਿਤ ਕੁਮਾਰ ਦਾ ਕਹਿਣਾ ਹੈ ਕਿ ਨਹਿਰ ਦਾ ਕੰਮ ਅਜੇ ਵੀ ਅਧੂਰਾ ਹੈ ਕਿਉਂਕਿ ਕਿਸਾਨਾਂ ਦੇ ਖੇਤਾਂ ਨੂੰ ਜਾਣ ਵਾਲੇ ਨਾਲਿਆਂ ‘ਤੇ ਅਜੇ ਵੀ ਲੋਕਾਂ ਦੇ ਕਬਜ਼ੇ ਹਨ, ਜਿਨ੍ਹਾਂ ਨੂੰ ਜਲਦੀ ਹੀ ਛੁਡਵਾਇਆ ਜਾਵੇਗਾ ਅਤੇ ਨਾਲੀਆਂ ਦਾ ਨਿਰਮਾਣ ਕਰਵਾਇਆ ਜਾਵੇਗਾ। ਵਿਭਾਗ ਵੱਲੋਂ ਨਹਿਰ ਵਿੱਚ ਮਾਤਰਾ ਅਨੁਸਾਰ ਪਾਣੀ ਛੱਡਿਆ ਗਿਆ ਸੀ ਪਰ ਅੱਜ ਹੋਈ ਭਾਰੀ ਬਰਸਾਤ ਕਾਰਨ ਨਹਿਰ ਓਵਰਫਲੋ ਹੋ ਗਈ ਜਿਸ ਕਾਰਨ ਪਾਣੀ ਕਿਸਾਨਾਂ ਦੇ ਖੇਤਾਂ ਵਿੱਚ ਵੜ ਗਿਆ। ਅੰਕਿਤ ਕੁਮਾਰ ਦਾ ਕਹਿਣਾ ਹੈ ਕਿ ਕਿਸਾਨਾਂ ਦਾ ਜੋ ਵੀ ਨੁਕਸਾਨ ਹੋਇਆ ਹੈ, ਉਸ ਦੀ ਭਰਪਾਈ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇਗੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h