Chandigarh , 9 ਜੂਨ 2024 : ਪੰਜਾਬ ਦੇ ਲੋਕਾਂ ਦੀ ਸਹੂਲਤ ਲਈ ਪੁਲਿਸ ਨੇ ਲਿਆ ਵੱਡਾ ਫੈਸਲਾ ਐਸਐਚਓ ਤੋਂ ਲੈ ਕੇ ਸੀਨੀਅਰ ਅਧਿਕਾਰੀ ਹੁਣ ਰੋਜ਼ਾਨਾ 11 ਵਜੇ ਤੋਂ ਦੁਪਹਿਰ 1 ਵਜੇ ਤੱਕ ਆਪਣੇ ਦਫ਼ਤਰਾਂ ਵਿੱਚ ਬੈਠਣਗੇ। ਇਸ ਉਪਰਾਲੇ ਦੇ ਆਧਾਰ ‘ਤੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਜਾਣਗੀਆਂ। ਇਸ ਸਬੰਧੀ ਹੁਕਮ ਡੀਜੀਪੀ ਪੰਜਾਬ ਗੌਰਵ ਯਾਦਵ ਵੱਲੋਂ ਦਿੱਤੇ ਗਏ ਹਨ। ਉਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਐਕਸ ‘ਤੇ ਪੋਸਟ ਕਰਕੇ ਇਹ ਜਾਣਕਾਰੀ ਦਿੱਤੀ ਹੈ।
ਲੋਕਾਂ ਵੱਲੋਂ ਆ ਰਹੀਆਂ ਸ਼ਿਕਾਇਤਾਂ ਦਾ ਤੁਰੰਤ ਨਿਪਟਾਰਾ ਕਰਨ ਲਈ ਡੀਜੀਪੀ ਵੱਲੋਂ ਇਹ ਫੈਸਲਾ ਲਿਆ ਗਿਆ ਹੈ। ਇਹ ਹੁਕਮ ਏਡੀਜੀਪੀ/ਆਈਜੀਪੀ/ਡੀਆਈਜੀ, ਪੁਲਿਸ ਕਮਿਸ਼ਨਰਾਂ, ਜ਼ਿਲ੍ਹੇ ਦੇ ਐਸਐਸਪੀ, ਸਬ-ਡਵੀਜ਼ਨਲ ਡੀਐਸਪੀ ਅਤੇ ਸਾਰੀਆਂ ਰੇਂਜਾਂ ਦੇ ਐਸਐਚਓ ਉੱਤੇ ਲਾਗੂ ਹੋਣਗੇ। ਇਹ ਹੁਕਮ ਸਾਰੇ ਕੰਮਕਾਜੀ ਦਿਨਾਂ ‘ਤੇ ਲਾਗੂ ਹੋਵੇਗਾ।
ਉਪਰੋਕਤ ਪੁਲਿਸ ਹੁਕਮ ਚੰਡੀਗੜ੍ਹ ਸਥਿਤ ਪੰਜਾਬ ਪੁਲਿਸ ਦੇ ਹੈੱਡਕੁਆਰਟਰ ‘ਤੇ ਵੀ ਲਾਗੂ ਹੋਣਗੇ। ਸਪੈਸ਼ਲ ਡੀਜੀਪੀ/ਐਡੀਸ਼ਨਲ ਡੀਜੀਪੀ ਰੈਂਕ ਦੇ ਸੀਨੀਅਰ ਅਧਿਕਾਰੀਆਂ ਨੂੰ ਪੁਲਿਸ ਹੈੱਡਕੁਆਰਟਰ ਵਿਖੇ ਨਿਰਧਾਰਤ ਸਮੇਂ ਅੰਦਰ ਲੋਕਾਂ ਨੂੰ ਮਿਲਣਾ ਹੋਵੇਗਾ। ਡੀਜੀਪੀ ਨੇ ਸਪੱਸ਼ਟ ਕੀਤਾ ਹੈ ਕਿ ਸਾਰਿਆਂ ਨੂੰ ਉਪਰੋਕਤ ਹੁਕਮਾਂ ਦੀ ਪਾਲਣਾ ਕਰਨੀ ਪਵੇਗੀ। ਪੁਲਿਸ ਵੱਲੋਂ ਨਾਗਰਿਕਾਂ ਤੱਕ ਪਹੁੰਚ ਕਰਨ ਲਈ ਇਹ ਇੱਕ ਵੱਡਾ ਕਦਮ ਹੈ। ਸੂਬੇ ਵਿੱਚ ਅਮਨ-ਕਾਨੂੰਨ ਨੂੰ ਕਾਇਮ ਰੱਖਣ ਲਈ ਇਹ ਯਤਨ ਜਾਰੀ ਰਹਿਣਗੇ।