Nikkian Jinda Vadda Saka: ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਦੁਨੀਆ ਦੇ ਇਤਿਹਾਸ ‘ਚ ਸਭ ਤੋਂ ਵੱਧ ਦਰਦਨਾਕ ਘਟਨਾ ਤੇ ਦਿਲ ਨੂੰ ਕੰਬਾ ਦੇਣ ਵਾਲਾ ਘੋਰ ਪਾਪ ਦਾ ਸਾਕਾ ਹੈ। ਇੱਕ ਪਾਸੇ ਇਹ ਘਟਨਾ ਮਨੁੱਖੀ ਦਰਿੰਦਗੀ ਦਾ ਘਿਨਾਉਣਾ ਚਿੱਤਰ ਪੇਸ਼ ਕਰਦੀ ਹੈ, ਦੂਜੇ ਪਾਸੇ ਸਾਹਿਬਜ਼ਾਦਿਆਂ ਦੇ ਅੰਦਰ ਜੂਝ ਮਰਨ ਅਤੇ ਸਿੱਖੀ ਸਿਦਕ ਦੀ ਭਾਵਨਾ ਨਾਲ, ਜ਼ੁਲਮ ਤੇ ਤਸ਼ੱਦਦ ਵਿਰੁੱਧ, ਧਾਰਮਿਕ ਸੁਤੰਤਰਤਾ ਲਈ ਡਟ ਕੇ ਮੁਕਾਬਲਾ ਕਰਨ ਦੇ ਸਿਖਰ ਨੂੰ ਪ੍ਰਗਟ ਕਰਦੀ ਹੈ।
ਮਾਤਾ ਗੁਜਰੀ ਜੀ ਅਤੇ ਦੋਵੇਂ ਛੋਟੇ ਸਾਹਿਬਜ਼ਾਦਿਆਂ ਨੂੰ ਗੰਗੂ ਬ੍ਰਾਹਮਣ ਮਿਲ ਗਿਆ। ਇਹ ਉਹਨਾਂ ਨੂੰ ਮੋਰਿੰਡੇ ਕੋਲ ਪਿੰਡ ਸਹੇੜੀ ਵਿਖੇ ਆਪਣੇ ਘਰ ਲੈ ਗਿਆ। ਘਰ ਜਾ ਕੇ ਗੰਗੂ ਦਾ ਮਨ ਬੇਈਮਾਨ ਹੋ ਗਿਆ। ਉਸ ਨੇ ਮੋਰਿੰਡੇ ਦੇ ਥਾਣੇਦਾਰ ਨੂੰ ਖ਼ਬਰ ਦੇ ਕੇ ਬੱਚਿਆਂ ਨੂੰ ਫੜਾ ਦਿੱਤਾ। ਮੋਰਿੰਡੇ ਦੇ ਥਾਣੇਦਾਰ ਨੇ ਮਾਤਾ ਜੀ ਤੇ ਬੱਚਿਆਂ ਨੂੰ ਗ੍ਰਿਫ਼ਤਾਰ ਕਰਕੇ 23 ਦਸੰਬਰ 1705 ਨੂੰ ਸੂਬਾ ਸਰਹਿੰਦ ਦੇ ਹਵਾਲੇ ਕਰ ਦਿੱਤਾ। ਉਸ ਰਾਤ ਉਹਨਾਂ ਨੂੰ ਕਿਲੇ ਦੇ ਠੰਢੇ ਬੁਰਜ ਵਿੱਚ ਰੱਖਿਆ ਗਿਆ। ਦੂਜੇ ਦਿਨ ਬੱਚਿਆਂ ਨੂੰ ਸੂਬਾ ਸਰਹਿੰਦ ਦੀ ਕਚਹਿਰੀ ਵਿੱਚ ਪੇਸ਼ ਕੀਤਾ ਗਿਆ। ਕਚਹਿਰੀ ਵਿੱਚ ਬੱਚਿਆਂ ਨੂੰ ਦੀਨ ਕਬੂਲ ਕਰਨ ਲਈ ਲਾਲਚ ਦੇਣ ਤੇ ਡਰਾਉਣ, ਧਮਕਾਉਣ ਦੇ ਯਤਨ ਕੀਤੇ ਗਏ।
ਉਹਨਾਂ ਨੂੰ ਝੂਠ ਵੀ ਬੋਲਿਆ ਗਿਆ ਕਿ ਤੁਹਾਡਾ ਪਿਤਾ ਮਾਰਿਆ ਗਿਆ ਹੈ, ਹੁਣ ਤੁਸੀਂ ਕਿੱਥੇ ਜਾਓਗੇ। ਬੱਚਿਆਂ ਨੇ ਸੂਬਾ ਸਰਹਿੰਦ ਨੂੰ ਆਪਣਾ ਧਰਮ ਛੱਡਣ ਤੋਂ ਦਲੇਰੀ ਨਾਲ ਇਨਕਾਰ ਕਰ ਦਿੱਤਾ। ਵਜ਼ੀਰ ਖਾਨ ਨੇ ਕਾਜ਼ੀ ਦੀ ਰਾਇ ਲਈ ਕਿ ਇਹਨਾਂ ਬੱਚਿਆਂ ਨੂੰ ਕੀ ਸਜ਼ਾ ਦਿੱਤੀ ਜਾ ਸਕਦੀ ਹੈ। ਕਾਜ਼ੀ ਨੇ ਕਿਹਾ ਕਿ ਇਸਲਾਮ ਵਿੱਚ ਬੱਚਿਆਂ ਨੂੰ ਸਜ਼ਾ ਦੇਣ ਦੀ ਇਜਾਜ਼ਤ ਨਹੀਂ ਹੈ। ਵਜ਼ੀਰ ਖ਼ਾਨ ਵੀ ਕਿਸੇ ਹੱਦ ਤੱਕ ਬੱਚਿਆਂ ਦਾ ਕਤਲ ਆਪਣੇ ਮੱਥੇ ‘ਤੇ ਲਾਉਣ ਤੋਂ ਬਚਣਾ ਚਾਹੁੰਦਾ ਸੀ। ਹੁਣ ਉਸ ਨੇ ਨਵਾਬ ਮਾਲੇਰਕੋਟਲਾ ਨੂੰ ਕਿਹਾ ਕਿ ਉਹ ਚਾਹੇ ਤਾਂ ਆਪਣੀ ਮਰਜ਼ੀ ਅਨੁਸਾਰ ਇਨ੍ਹਾਂ ਬੱਚਿਆਂ ਨੂੰ ਸਜ਼ਾ ਦੇ ਕੇ ਆਪਣੇ ਭਰਾ ਦਾ ਬਦਲਾ ਲੈ ਸਕਦਾ ਹੈ। ਸ਼ੇਰ ਖਾਨ ਨੇ ਅੱਗੋਂ ਕਿਹਾ ਕਿ ਮੇਰਾ ਭਰਾ ਜੰਗ ਵਿੱਚ ਮਾਰਿਆ ਗਿਆ ਸੀ ਮੈਂ ਇਹਨਾਂ ਸ਼ੀਰ-ਖੋਰਾਂ (ਦੁੱਧ ਪੀਂਦੇ ਬੱਚਿਆਂ) ਤੋਂ ਕੋਈ ਬਦਲਾ ਨਹੀਂ ਲੈਣਾ ਚਾਹੁੰਦਾ। ਅੱਲ੍ਹਾ ਯਾਰ ਖ਼ਾਂ ਜੋਗੀ ਦੇ ਸ਼ਬਦਾਂ ਵਿੱਚ- ਬਦਲਾ ਹੀ ਲੇਨਾ ਹੋਗਾ ਤੋ ਲੇਂਗੇ ਬਾਪ ਸੇ। ਮਹਿਫ਼ੂਜ਼ ਰਖੇ ਹਮ ਕੋ ਖ਼ੁਦਾ ਐਸੇ ਪਾਪ ਸੇ।
ਮੋਤੀ ਰਾਮ ਮਹਿਰਾ ਦੀ ਦਲੇਰੀ
ਸਰਦੀਆਂ ਦੀ ਰੁੱਤ ਵਿੱਚ ਠੰਡੇ ਬੁਰਜ ਦੀ ਕੈਦ ਦੌਰਾਨ ,ਵਜ਼ੀਰ ਖਾਨ ਦੇ ਹੁਕਮ ਦੀ ਪ੍ਰਵਾਹ ਨਾ ਕਰਦੇ ਹੋਏ ਇੱਕ ਸ਼ਰਧਾਵਾਨ ਸਰਹੰਦ ਨਿਵਾਸੀ ਮੋਤੀਰਾਮ ਮਹਿਰਾ ਮਾਤਾ ਜੀ ਤੇ ਸਾਹਿਬਜ਼ਾਦਿਆਂ ਨੂੰ ਗਰਮ ਦੁੱਧ ਪੁਹੰਚਾ ਕੇ ਸਹਾਇਤਾ ਕਰਦਾ ਰਿਹਾ। ਇਸ ਦੇ ਬਦਲੇ ਉਸ ਦੇ ਸਾਰੇ ਪਰਵਾਰ ਨੂੰ ਵਜ਼ੀਰ ਖਾਨ ਨੇ ਕੋਹਲੂ ਵਿੱਚ ਪੀੜ ਕੇ ਮੌਤ ਦੀ ਸਜ਼ਾ ਦਿੱਤੀ।
ਸ਼ਹਾਦਤ
ਕਾਜ਼ੀ ਅਤੇ ਸ਼ੇਰ ਖਾਨ ਨੇ ਇਸੇ ਤਰ੍ਹਾਂ ਦੇ ਰਵੱਈਏ ਨੂੰ ਦੇਖਦੇ ਹੋਏ ਵਜ਼ੀਰ ਖਾਨ ਦੇ ਮਨ ਵਿੱਚ ਨਰਮੀ ਆਉਣ ਲੱਗੀ ਸੀ, ਪਰ ਦੀਵਾਨ ਸੁੱਚਾ ਨੰਦ ਇਹ ਨਹੀਂ ਸੀ ਚਾਹੁੰਦਾ ਕਿ ਸਾਹਿਬਜ਼ਾਦਿਆਂ ਨੂੰ ਛੱਡਿਆ ਜਾਵੇ। ਇਤਿਹਾਸਕ ਹਵਾਲਿਆਂ ਅਨੁਸਾਰ ਉਸ ਨੇ ਇੱਕ ਸ਼ੈਤਾਨ ਵਾਂਗ ਸਾਹਿਬਜ਼ਾਦਿਆਂ ਨੂੰ ਕੁਝ ਅਜਿਹੇ ਪ੍ਰਸ਼ਨ ਕੀਤੇ ਜਿਹਨਾਂ ਦੇ ਉੱਤਰ ਤੋਂ ਉਹਨਾਂ ਨੂੰ ਬਾਗ਼ੀ ਸਿੱਧ ਕੀਤਾ। ਉਸ ਨੇ ਵਜ਼ੀਰ ਖਾਨ ਨੂੰ ਵੀ ਉਕਸਾਇਆ ਕਿ ਇਹਨਾਂ ਬੱਚਿਆਂ ਨੂੰ ਛੱਡਣਾ ਸਿਆਣਪ ਨਹੀਂ ਹੋਵੇਗੀ। ਵਜ਼ੀਰ ਖਾਨ ਨੇ ਕਾਜ਼ੀ ਤੋਂ ਫਿਰ ਪੁੱਛਿਆ। ਇਸ ਵਾਰ ਕਾਜ਼ੀ ਨੇ ਮਾਲਕਾਂ ਦੀ ਮਰਜ਼ੀ ਅਨੁਸਾਰ ਬੱਚਿਆਂ ਨੂੰ ਕੰਧਾਂ ਵਿੱਚ ਚਿਣੇ ਜਾਣ ਦਾ ਫ਼ਤਵਾ ਦੇ ਦਿੱਤਾ। ਬੱਚਿਆਂ ਨੂੰ ਕੰਧਾਂ ਵਿੱਚ ਚਿਣਿਆ ਗਿਆ। ਕੰਧ ਜਦੋਂ ਮੋਢਿਆਂ ਤੱਕ ਆਈ ਤਾਂ ਗਿਰ ਗਈ ਸੀ। ਬੱਚਿਆਂ ਦੇ ਫ਼ੁੱਲਾਂ ਵਰਗੇ ਸਰੀਰ ਇਸ ਚੋਟ ਨੂੰ ਨਾ ਸਹਾਰਦੇ ਹੋਏ ਬੇਹੋਸ਼ ਹੋ ਗਏ ਸਨ। ਇਸ ਤੋਂ ਬਾਅਦ 27 ਦਸੰਬਰ ਨੂੰ ਬੱਚਿਆਂ ਨੂੰ ਕਚਹਿਰੀ ਵਿੱਚ ਫਿਰ ਪੇਸ਼ ਕੀਤਾ ਗਿਆ। ਉਹਨਾਂ ਨੂੰ ਫਿਰ ਦੀਨ ਕਬੂਲਣ ਲਈ ਦਬਾਅ ਪਾਇਆ ਗਿਆ ਪਰ ਸਾਹਿਬਜ਼ਾਦਿਆਂ ਨੇ ਇਸ ਦਾ ਸਖ਼ਤ ਵਿਰੋਧ ਕੀਤਾ। ਉਹਨਾਂ ਦੇ ਸਿਰ ਤੇ 10 ਪਾਤਸ਼ਾਹੀਆਂ ਦੇ ਮਹਾਨ ਕਾਰਜਾਂ ਦੀ ਜ਼ਿੰਮੇਵਾਰੀ ਦਾ ਭਾਰ ਆ ਪਿਆ ਸੀ ਉਹ ਇਸ ਨੂੰ ਹੇਠਾਂ ਨਹੀਂ ਗੇਰਨਾ ਚਾਹੁੰਦੇ ਸਨ।
ਉਹਨਾਂ ਨੇ ਆਪਣੇ ਦਾਦੇ ਦੀ ਤਰ੍ਹਾਂ ਸ਼ਹੀਦੀ ਪਾਉਣ ਦਾ ਪ੍ਰਣ ਕਰ ਲਿਆ। ਭਾਈ ਦੁੱਨਾ ਸਿੰਘ ਹੰਡੂਰੀਆ ਜੋ ਚਮਕੌਰ ਤੱਕ ਗੁਰੂ ਜੀ ਦੇ ਨਾਲ ਸੀ, ਇਸ ਤਰ੍ਹਾਂ ਲਿਖਦਾ ਹੈ- ਜ਼ੋਰਾਵਰ ਸਿੰਘ ਐਸੇ ਭਨੈ, ਕਿਉਂ ਭਾਈ! ਅਬ ਕਿਉਂ ਕਰ ਬਨੈ। ਫਤੇ ਸਿੰਘ ਤਬ ਕਹਯੋ ਬਖਾਨ, ‘ਦਸ ਪਾਤਸ਼ਾਹੀ ਹੋਵਹਿ ਹਾਨ। ਹੁਣ ਬੱਚਿਆਂ ਨੂੰ ਜ਼ਿਬਹ ਕਰਨ ਦਾ ਹੁਕਮ ਸੁਣਾਇਆ ਗਿਆ। ਦੋ ਜਲਾਦਾਂ ਨੇ ਦੋਵੇਂ ਬੱਚਿਆਂ ਨੂੰ ਗੋਡੇ ਹੇਠ ਦੇ ਕੇ ਪਹਿਲਾਂ ਉਹਨਾਂ ਦੇ ਗਲਾਂ ਵਿੱਚ ਖੰਜਰ ਖੋਭੇ ਅਤੇ ਫੇਰ ਤਲਵਾਰ ਮਾਰ ਕੇ ਸੀਸ ਧੜ ਤੋਂ ਅਲੱਗ ਕਰ ਦਿੱਤੇ। ਜਦੋਂ ਸ਼ਾਹਿਬਜ਼ਾਦਿਆਂ ਦੀ ਸ਼ਹੀਦੀ ਦੀ ਖ਼ਬਰ ਠੰਢੇ ਬੁਰਜ ਵਿੱਚ ਕੈਦ ਮਾਤਾ ਗੁਜਰ ਕੌਰ ਜੀ ਨੂੰ ਦਿੱਤੀ ਗਈ ਤਾਂ ਉਹਨਾਂ ਨੇ ਵੀ ਤੁਰੰਤ ਆਪਣੇ ਪ੍ਰਾਣ ਤਿਆਗ ਦਿੱਤੇ। ਸਾਹਿਬਜ਼ਾਦਿਆਂ ਦੀ ਸ਼ਹੀਦੀ ਮਹਿਜ਼ ਸ਼ਹੀਦੀ ਨਹੀਂ ਸਗੋਂ ਇਸ ਤੋਂ ਵੀ ਬਹੁਤ ਵੱਧ ਸੀ।
ਉਹਨਾਂ ਨੂੰ ਮਾਨਸਿਕ ਤੌਰ ‘ਤੇ ਭਰਮਾਉਣ ਦਾ ਯਤਨ ਕੀਤਾ ਗਿਆ ਸੀ। ਕਈ ਵਾਰ ਮੌਤ ਦੇ ਭੈ ਵਿੱਚੋਂ ਲੰਘਾਇਆ ਗਿਆ ਸੀ ਅਤੇ ਤੜਫਾ ਤੜਫਾ ਕੇ ਮਾਰਿਆ ਗਿਆ ਸੀ। ਇਹ ਸਾਰਾ ਤਸ਼ੱਦਦ ਉਹਨਾਂ ਨੇ ਕਿਵੇਂ ਬਰਦਾਸ਼ਤ ਕੀਤਾ ਇਸ ਦਾ ਅੰਦਾਜ਼ਾ ਵੀ ਨਹੀਂ ਲਗਾਇਆ ਜਾ ਸਕਦਾ। ਉਹਨਾਂ ਨੇ ਬੇਮਿਸਾਲ ਹੌਂਸਲਾ ਪ੍ਰਗਟਾਉਂਦੇ ਹੋਏ ਜਬਰ ਦਾ ਮੂੰਹ ਮੋੜ ਕੇ ਦਸਾਂ ਪਾਤਸ਼ਾਹੀਆਂ ਦੀ ਸ਼ਾਨ ਨੂੰ ਕਾਇਮ ਰੱਖਿਆ ਅਤੇ ਖ਼ਾਲਸਾ ਪੰਥ ਨੂੰ ਫ਼ਤਹਿ ਦਿਵਾਈ। ਗੁਰੂ ਜੀ ਦੇ ਬੱਚਿਆਂ ਨੂੰ ਇਸ ਮਕਸਦ ਨਾਲ ਕਤਲ ਕੀਤਾ ਗਿਆ ਸੀ ਕਿ ਗੁਰਮਤਿ ਦਾ ਦੀਪਕ ਇਸ ਜਗਤ ਵਿੱਚੋਂ ਬੁਝ ਜਾਵੇਗਾ। ਪਰ ਉਹਨਾਂ ਨੂੰ ਇਸ ਗੱਲ ਦਾ ਅਹਿਸਾਸ ਨਹੀਂ ਸੀ ਕਿ ਗੁਰਮਤਿ ਦੀ ਅਖੰਡ ਜੋਤੀ ਤਾਂ ਖ਼ਾਲਸੇ ਦੇ ਦਿਲਾਂ ਵਿੱਚ ਪ੍ਰਵੇਸ਼ ਕਰ ਗਈ ਸੀ। ਸਾਹਿਬਜ਼ਾਦਿਆਂ ਦੀ ਸ਼ਹੀਦੀ ਦੇ ਸਬੰਧ ਵਿੱਚ ਗੁਰੂ ਗੋਬਿੰਦ ਸਿੰਘ ਜੀ ਨੇ ਔਰੰਗਜ਼ੇਬ ਨੂੰ ਲਿਖਿਆ ਸੀ ਕਿ ਕੀ ਹੋਇਆ ਮੇਰੇ ਚਾਰ ਬੱਚੇ ਮਾਰ ਦਿੱਤੇ ਹਨ, ਮੇਰਾ ਪੰਜਵਾਂ ਪੁੱਤਰ ਖਾਲਸਾ ਤਾਂ ਅਜੇ ਜ਼ਿੰਦਾ ਹੈ ਜੋ ਕਿ ਫ਼ਨੀਅਰ ਨਾਗ ਹੈ।