Bhagwant Mann on Birth Anniversary of Guru Teg Bahadur Ji: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ ਨੂੰ ਨਵੀਨੀਕਰਨ ਤੋਂ ਬਾਅਦ ਗੁਰੂ ਤੇਗ ਬਹਾਦਰ ਮਿਊਜ਼ੀਅਮ ਲੋਕਾਂ ਨੂੰ ਸਮਰਪਿਤ ਕੀਤਾ ਅਤੇ ਲੋਕਾਂ ਨੂੰ ਨੌਵੇਂ ਪਾਤਸ਼ਾਹ ਵੱਲੋਂ ਦਿਖਾਏ ਧਾਰਮਿਕ ਨਿਰਪੱਖਤਾ ਤੇ ਮਨੁੱਖਤਾ ਦੀ ਸੇਵਾ ਦੇ ਉੱਚੇ-ਸੁੱਚੇ ਵਿਚਾਰਾਂ ਨੂੰ ਆਪਣੇ ਜੀਵਨ ਵਿੱਚ ਅਪਨਾਉਣ ਲਈ ਆਖਿਆ।
ਪੰਜ ਪਿਆਰਾ ਪਾਰਕ ਵਿੱਚ ਚੱਲ ਰਹੇ ਕੰਮ ਦੀ ਸਮੀਖਿਆ ਕਰਨ ਮਗਰੋਂ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਨੌਵੇਂ ਪਾਤਸ਼ਾਹ ਵੱਲੋਂ ਵਰੋਸਾਇਆ ਪਵਿੱਤਰ ਸ਼ਹਿਰ ਸ੍ਰੀ ਆਨੰਦਪੁਰ ਸਾਹਿਬ ਸਮਾਜਿਕ ਬਰਾਬਰੀ ਤੇ ਧਰਮ ਨਿਰਪੱਖਤਾ ਦਾ ਧੁਰਾ ਹੈ ਕਿਉਂਕਿ ਨੌਵੇਂ ਪਾਤਸ਼ਾਹ ਨੇ ਮਨੁੱਖੀ ਅਧਿਕਾਰਾਂ ਦੀ ਰਾਖੀ ਲਈ ਆਪਣੇ ਜੀਵਨ ਦਾ ਬਲੀਦਾਨ ਦਿੱਤਾ।
ਭਗਵੰਤ ਮਾਨ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ‘ਹਿੰਦ ਦੀ ਚਾਦਰ’ ਸ੍ਰੀ ਗੁਰੂ ਤੇਗ ਬਹਾਦਰ ਜੀ ਵੱਲੋਂ ਦਿਖਾਏ ਆਤਮ ਬਲੀਦਾਨ ਦੇ ਰਾਹ ਨੂੰ ਜ਼ਿੰਦਗੀ ਵਿੱਚ ਅਪਨਾਉਣ। ਉਨ੍ਹਾਂ ਕਿਹਾ ਕਿ ਨੌਵੇਂ ਪਾਤਸ਼ਾਹ ਨੇ ਮਨੁੱਖਤਾ ਤੇ ਧਾਰਮਿਕ ਨਿਰਪੱਖਤਾ ਦੀਆਂ ਕਦਰਾਂ ਕੀਮਤਾਂ ਨੂੰ ਬਰਕਰਾਰ ਰੱਖਣ ਤੋਂ ਇਲਾਵਾ ਧਾਰਮਿਕ ਆਜ਼ਾਦੀ ਦੀ ਰਾਖੀ ਲਈ ਬਲੀਦਾਨ ਦਿੱਤਾ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਬਾਣੀ ਵਿੱਚ ਸਾਰੇ ਮਨੁੱਖਾਂ ਦੇ ਇਕੋ ਜੋਤ ਵਿੱਚੋਂ ਉਪਜਣ, ਭਾਈਚਾਰਕ ਸਾਂਝ, ਸੱਚ ਦੇ ਰਾਹ ਉਤੇ ਚੱਲਣ, ਬਹਾਦਰੀ ਤੇ ਦਿਆ ਦਾ ਮਾਰਗ ਦਿਖਾਇਆ ਗਿਆ ਹੈ, ਜਿਸ ਉਤੇ ਸਾਰਿਆਂ ਨੂੰ ਚੱਲਣ ਦੀ ਲੋੜ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਮਨੁੱਖਤਾ ਦੇ ਇਤਿਹਾਸ ਵਿੱਚ ਧਰਮ ਦੀ ਰਾਖੀ ਲਈ ਗੁਰੂ ਤੇਗ ਬਹਾਦਰ ਜੀ ਵੱਲੋਂ ਦਿੱਤਾ ਬਲੀਦਾਨ ਅਦੁੱਤੀ ਹੈ ਅਤੇ ਇਹ ਸਮੁੱਚੀ ਮਾਨਵਤਾ ਲਈ ਇਕ ਮਿਸਾਲ ਹੈ। ਉਨ੍ਹਾਂ ਕਿਹਾ ਕਿ ਇਹ ਮਿਊਜ਼ੀਅਮ ਨੌਵੇਂ ਪਾਤਸ਼ਾਹ ਨੂੰ ਨਿਮਾਣੀ ਜਿਹੀ ਸ਼ਰਧਾਂਜਲੀ ਹੈ, ਜਿਨ੍ਹਾਂ ਧਾਰਮਿਕ ਆਜ਼ਾਦੀ ਤੇ ਸੱਚ ਦੇ ਮਾਰਗ ਉਤੇ ਚੱਲਣ ਵਾਲੀਆਂ ਕਦਰਾਂ-ਕੀਮਤਾਂ ਨੂੰ ਬਰਕਰਾਰ ਰੱਖਣ ਲਈ ਲਾਮਿਸਾਲ ਕੁਰਬਾਨੀ ਦਿੱਤੀ। ਭਗਵੰਤ ਮਾਨ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਮਹਾਨ ਬਲੀਦਾਨ ਸਾਨੂੰ ਸਾਰਿਆਂ ਨੂੰ ਚੇਤੇ ਰੱਖਣਾ ਚਾਹੀਦਾ ਹੈ ਅਤੇ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨੂੰ ਦੁਨੀਆ ਦੇ ਕੋਨੇ-ਕੋਨੇ ਤੱਕ ਜ਼ਰੂਰ ਪਹੁੰਚਾਉਣਾ ਚਾਹੀਦਾ ਹੈ।
ਸੀਐਮ ਮਾਨ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਜੀਵਨ ਤੇ ਫਲਸਫ਼ਾ ਸਮੁੱਚੀ ਮਾਨਵਤਾ ਲਈ ਮਾਰਗ ਦਰਸ਼ਕ ਹੈ ਅਤੇ ਇਹ ਮਿਊਜ਼ੀਅਮ ਜਿੱਥੇ ਇਕ ਪਾਸੇ ਇਸ ਸ਼ਾਨਾਮੱਤੀ ਵਿਰਾਸਤ ਬਾਰੇ ਲੋਕਾਂ ਨੂੰ ਜਾਣੂੰ ਕਰਵਾਏਗਾ, ਉੱਥੇ ਦੂਜੇ ਪਾਸੇ ਲੋਕਾਂ ਦੇ ਆਪਸੀ ਰਿਸ਼ਤਿਆਂ ਨੂੰ ਮਜ਼ਬੂਤ ਕਰੇਗਾ। ਸ੍ਰੀ ਆਨੰਦਪੁਰ ਸਾਹਿਬ ਦੇ ਨੀਂਹ ਪੱਥਰ ਨੂੰ ਭਾਰਤੀ ਇਤਿਹਾਸ ਦੀ ਕ੍ਰਾਂਤੀਕਾਰੀ ਘਟਨਾ ਦੱਸਦਿਆਂ ਉਨ੍ਹਾਂ ਕਿਹਾ ਕਿ ਨੌਵੇਂ ਪਾਤਸ਼ਾਹ ਨੇ ਇਸੇ ਪਵਿੱਤਰ ਧਰਤੀ ਉਤੇ ਸਮਾਜਿਕ ਬਰਾਬਰੀ ਤੇ ਧਾਰਮਿਕ ਨਿਰਪੱਖਤਾ ਦੀ ਨੀਂਹ ਰੱਖੀ। ਉਨ੍ਹਾਂ ਕਿਹਾ ਕਿ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਨੇ ਇਸ ਪਵਿੱਤਰ ਧਰਤੀ ‘ਤੇ ਖ਼ਾਲਸਾ ਪੰਥ ਦੀ ਨੀਂਹ ਰੱਖੀ, ਜਿਹੜੀ ਦੇਸ਼ ਵਿੱਚ ਜਾਤ-ਪਾਤ ਰਹਿਤ ਧਰਮ ਨਿਰਪੱਖ ਸਮਾਜ ਦੀ ਕਾਇਮੀ ਲਈ ਮੀਲ ਪੱਥਰ ਸਾਬਤ ਹੋਈ।
[Live] Chief Minister @BhagwantMann, taking stock of development works at Panj Pyara park in Sri Anandpur Sahib.
https://t.co/LTAq9crnfw— Government of Punjab (@PunjabGovtIndia) April 11, 2023
ਉਨ੍ਹਾਂ ਨੇ ਕਿਹਾ ਕਿ ਇਹ ਵੱਡੇ ਮਾਣ ਵਾਲੀ ਗੱਲ ਹੈ ਕਿ ਇਹ ਮਿਊਜ਼ੀਅਮ ਅਤਿ-ਆਧੁਨਿਕ ਤਕਨਾਲੋਜੀ ਅਤੇ ਆਡੀਓ-ਵੀਡੀਓ ਪੇਸ਼ਕਾਰੀ ਨਾਲ ਲੈਸ ਹੋਣ ਮਗਰੋਂ ਲੋਕਾਂ ਨੂੰ ਮੁੜ ਸਮਰਪਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਮਿਊਜ਼ੀਅਮ ਵਿੱਚ ਗੁਰੂ ਸਾਹਿਬ ਦੇ ਜੀਵਨ ਤੇ ਸਿੱਖਿਆਵਾਂ ਬਾਰੇ ਕੰਧਾਂ ਉਤੇ ਲੱਗੀਆਂ ਪੇਂਟਿੰਗਾਂ ਰਾਹੀਂ ਹੀ ਦਰਸਾਇਆ ਜਾਂਦਾ ਸੀ ਅਤੇ ਆਡੀਓ-ਵੀਡੀਓ ਪੇਸ਼ਕਾਰੀ ਤੇ ਰੋਸ਼ਨੀਆਂ ਦਾ ਕੋਈ ਪ੍ਰਬੰਧ ਨਹੀਂ ਸੀ। ਭਗਵੰਤ ਮਾਨ ਨੇ ਕਿਹਾ ਕਿ ਇਸ ਮਿਊਜ਼ੀਅਮ ਦੇ ਨਵੀਨੀਕਰਨ ਦਾ ਕੰਮ ਪਿਛਲੇ ਇਕ ਸਾਲ ਦੌਰਾਨ ਬਹੁਤ ਤੇਜ਼ ਗਤੀ ਨਾਲ ਚੱਲਿਆ ਅਤੇ ਇਸ ਉਤੇ ਤਕਰੀਬਨ 2 ਕਰੋੜ ਰੁਪਏ ਦੀ ਲਾਗਤ ਆਈ ਹੈ।
ਭਗਵੰਤ ਮਾਨ ਨੇ ਕਿਹਾ ਕਿ ਗੁਰੂ ਸਾਹਿਬ ਵੱਲੋਂ ਧਰਮ ਦੀ ਰਾਖੀ ਲਈ ਦਿੱਤੇ ਬਲੀਦਾਨ ਬਾਰੇ ਵਿਸ਼ਾ-ਵਸਤੂ ਅਤੇ ਸਿੱਖਿਆਵਾਂ ਨੂੰ 2ਡੀ ਵਰਗੀ ਆਧੁਨਿਕ ਤਕਨਾਲੋਜੀ ਦੀ ਵਰਤੋਂ ਰਾਹੀਂ ਐਨੀਮੇਸ਼ਨ ਵੀਡੀਓਜ਼, ਰੋਸ਼ਨੀਆਂ ਤੇ ਮੌਖਿਕ ਜਾਣਕਾਰੀ ਰਾਹੀਂ ਦਰਸਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਸਬੰਧੀ ਇਕ ਮੋਬਾਈਲ ਐਪਲੀਕੇਸ਼ਨ ਵੀ ਵਿਕਸਤ ਕੀਤੀ ਗਈ ਹੈ, ਜਿਸ ਦੀ ਆਪਣੇ ਮੋਬਾਈਲ ਫੋਨ ਰਾਹੀਂ ਵਰਤੋਂ ਨਾਲ ਕੋਈ ਵੀ ਵਿਅਕਤੀ ਇੱਥੇ ਸਾਰੀ ਜਾਣਕਾਰੀ ਹਾਸਲ ਕਰ ਸਕਦਾ ਹੈ। ਭਗਵੰਤ ਮਾਨ ਨੇ ਕਿਹਾ ਕਿ ਇਹ ਨਵੀਨੀਕ੍ਰਿਤ ਅਤਿ-ਆਧੁਨਿਕ ਮਿਊਜ਼ੀਅਮ, ਜਿਹੜਾ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਮੌਕੇ ਲੋਕਾਂ ਨੂੰ ਸਮਰਪਿਤ ਕੀਤਾ ਗਿਆ ਹੈ, ਸ਼ਰਧਾਲੂਆਂ ਤੇ ਹੋਰ ਆਉਣ ਵਾਲਿਆਂ ਨੂੰ ਇਤਿਹਾਸਕ ਤੱਥਾਂ ਬਾਰੇ ਜਾਣੂੰ ਕਰਵਾਏਗਾ ਅਤੇ ਨੌਜਵਾਨਾਂ ਨੂੰ ਵਿਰਸੇ ਵਿੱਚ ਮਿਲੇ ਬਲੀਦਾਨ ਦੇ ਜਜ਼ਬੇ ਨਾਲ ਰੂ-ਬਰੂ ਕਰਵਾਏਗਾ।
ਧਾਰਮਿਕ ਸ਼ਹਿਰਾਂ ਦੇ ਵਿਕਾਸ ਨੂੰ ਨਜ਼ਰਅੰਦਾਜ਼ ਕਰਨ ਲਈ ਅਕਾਲੀ ਲੀਡਰਸ਼ਿਪ ਦੀ ਆਲੋਚਨਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਮੁਖੀ ਸੁਖਬੀਰ ਸਿੰਘ ਬਾਦਲ ਭਾਵੇਂ ਹਮੇਸ਼ਾ ਵੱਡੇ-ਵੱਡੇ ਦਮਗਜ਼ੇ ਮਾਰਦੇ ਹਨ ਪਰ ਉਨ੍ਹਾਂ ਇਨ੍ਹਾਂ ਸ਼ਹਿਰਾਂ ਦੇ ਵਿਕਾਸ ਲਈ ਕੁੱਝ ਵੀ ਵਿਹਾਰਕ ਕੰਮ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਅਕਾਲੀ ਲੀਡਰਸ਼ਿਪ ਦੀ ਇਸੇ ਉਦਾਸੀਨਤਾ ਕਾਰਨ ਲੋਕਾਂ ਨੇ ਉਨ੍ਹਾਂ ਨੂੰ ਬਾਹਰ ਦਾ ਰਸਤਾ ਦਿਖਾਇਆ। ਭਗਵੰਤ ਮਾਨ ਨੇ ਕਿਹਾ ਕਿ ਬਾਦਲਾਂ ਨੇ ਸੂਬੇ ਅਤੇ ਇਸ ਦੇ ਲੋਕਾਂ ਨਾਲੋਂ ਵੱਧ ਆਪਣੇ ਸਵਾਰਥਾਂ ਨੂੰ ਅਹਿਮੀਅਤ ਦਿੱਤੀ।
While addressing the gathering after inspecting ongoing work at Panj Pyara Park, CM @BhagwantMann dedicated newly renovated Guru Tegh Bahadur Museum to masses & exhorted people to uphold and emulate the high ideals of secularism and humanitarianism embodied by 9th Sikh Guru.(1/2) pic.twitter.com/LHv4q8WMbs
— Government of Punjab (@PunjabGovtIndia) April 11, 2023
ਪੰਜਾਬ ਸੀਐਮ ਨੇ ਕਿਹਾ ਕਿ ਰਵਾਇਤੀ ਸਿਆਸੀ ਪਾਰਟੀਆਂ ਉਨ੍ਹਾਂ ਨਾਲ ਈਰਖਾ ਕਰਦੀਆਂ ਹਨ ਕਿਉਂਕਿ ਇਨ੍ਹਾਂ ਪਾਰਟੀਆਂ ਨੂੰ ਸਧਾਰਨ ਘਰ ਦੇ ਪੁੱਤ ਵੱਲੋਂ ਸਮਰਪਿਤ ਭਾਵਨਾ ਨਾਲ ਕੀਤੀ ਜਾ ਰਹੀ ਸੇਵਾ ਬਰਦਾਰਸ਼ਤ ਨਹੀਂ ਹੋ ਰਹੀ। ਉਨ੍ਹਾਂ ਕਿਹਾ ਕਿ ਪੰਜਾਬ ਵਾਸੀਆਂ ਨੇ ਇਨ੍ਹਾਂ ਪਾਰਟੀਆਂ ਦੇ ਪੰਜਾਬ ਵਿਰੋਧੀ ਅਤੇ ਲੋਕ ਵਿਰੋਧੀ ਪੈਂਤੜੇ ਕਰਕੇ ਹੀ ਸੂਬੇ ਵਿੱਚੋਂ ਇਨ੍ਹਾਂ ਦਾ ਸਫਾਇਆ ਹੋ ਚੁੱਕਾ ਹੈ। ਭਗਵੰਤ ਮਾਨ ਨੇ ਕਿਹਾ ਕਿ ਇਹ ਪਾਰਟੀਆਂ ਅਤੇ ਇਨ੍ਹਾਂ ਦੇ ਲੀਡਰਾਂ ਨੇ ਹਮੇਸ਼ਾ ਆਪਣੇ ਸਵਾਰਥੀ ਹੀ ਪੂਰੇ ਹਨ ਜਦਕਿ ਲੋਕਾਂ ਨੇ ਸੂਬੇ ਦੀ ਸੇਵਾ ਲਈ ਸਧਾਰਨ ਪਰਿਵਾਰਾਂ ਦੇ ਬੱਚਿਆਂ ਨੂੰ ਮੌਕਾ ਦਿੱਤਾ ਹੈ।
ਮੁੱਖ ਮੰਤਰੀ ਭਗਵੰਤ ਮਾਨ ਨੇ ਅੱਗੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਸਾਡੀ ਸਰਕਾਰ ਨੂੰ ਪਾਵਰਕਾਮ ਦਾ 9020 ਕਰੋੜ ਰੁਪਏ ਦਾ ਕਰਜ਼ਾ ਵਿਰਾਸਤ ਵਿਚ ਦਿੱਤਾ ਸੀ ਅਤੇ ਹੁਣ ਉਨ੍ਹਾਂ ਦੀ ਸਰਕਾਰ 1804 ਕਰੋੜ ਰੁਪਏ ਦੀਆਂ ਪੰਜ ਕਿਸ਼ਤਾਂ ਵਿਚ ਇਹ ਕਰਜ਼ਾ ਮੋੜ ਰਹੀ ਹੈ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਹੁਣ ਤੱਕ 28000 ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਹਨ।
ਉਨ੍ਹਾਂ ਨੇ ਗੁਰਦੁਆਰਾ ਭੋਰਾ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਸੂਬੇ ਦੀ ਅਮਨ-ਸ਼ਾਂਤੀ, ਤਰੱਕੀ ਤੇ ਖੁਸ਼ਹਾਲੀ ਲਈ ਅਰਦਾਸ ਕੀਤੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h