ਸੂਬੇ ‘ਚ ਅੱਜ 16 ਸਤੰਬਰ ਯਾਨੀ ਮੰਗਲਵਾਰ ਤੋਂ ਝੋਨੇ ਦੀ ਖਰੀਦ ਸ਼ੁਰੂ ਹੋਣ ਜਾ ਰਹੀ ਹੈ। ਪੰਜਾਬ ਸਰਕਾਰ ਨੇ ਸੂਬੇ ਭਰ ‘ਚ1822 ਖਰੀਦ ਕੇਂਦਰ ਸਥਾਪਤ ਕੀਤੇ ਹਨ। ਇਸ ਵਾਰ ਝੋਨੇ ਦੀ ਖਰੀਦ ਲਈ 190 ਲੱਖ ਟਨ ਦਾ ਟੀਚਾ ਰੱਖਿਆ ਗਿਆ ਹੈ। ਸਰਕਾਰ ਨੇ ਕਿਸਾਨਾਂ ਨੂੰ ਸਲਾਹ ਦੇ ਕੇ ਕਿਹਾ ਹੈ ਕਿ ਉਹ ਕਮਿਸ਼ਨ ਏਜੰਟਾਂ ਨਾਲ ਮੈਪਿੰਗ ਕਰਕੇ ਹੀ ਫਸਲ ਮੰਡੀਆਂ ਵਿੱਚ ਲਿਆਉਣ, ਤਾਂ ਜੋ ਉਨ੍ਹਾਂ ਨੂੰ ਵੇਚਣ ਵਿੱਚ ਕੋਈ ਮੁਸ਼ਕਲ ਨਾ ਆਵੇ। ਹੜ੍ਹਾਂ ਅਤੇ ਭਾਰੀ ਮੀਂਹ ਪੈਣ ਕਰਕੇ ਇਸ ਵਾਰ ਝੋਨੇ ਵਿੱਚ ਨਮੀ ਦੀ ਸਮੱਸਿਆ ਹੋਣ ਵਾਲੀ ਹੈ।
ਮੁੱਖ ਮੰਤਰੀ ਭਗਵੰਤ ਮਾਨ ਨੇ ਖਰੀਦ ਪ੍ਰਬੰਧਾਂ ਦੀ ਸਮੀਖਿਆ ਲਈ ਮੰਡੀਆਂ ਦਾ ਦੌਰਾ ਕਰਨ ਦਾ ਵੀ ਫੈਸਲਾ ਕੀਤਾ ਹੈ ਇਸ ਦੇ ਨਾਲ ਉਨ੍ਹਾਂ ਨੇ ਮੰਡੀ ਅਫ਼ਸਰਾਂ ਨੂੰ ਚਿਤਾਵਨੀ ਦਿੰਦੇ ਹੋਏ ਕਿਹਾ ਹੈ ਕਿ ਉਹ ਇਸ ਵਾਰ ਵੱਖ-ਵੱਖ ਮੰਡੀਆਂ ਵਿੱਚ ਜਾ ਕੇ ਆਪ ਜਾਂਚ ਕਰਨਗੇ। ਜੇਕਰ ਨਮੀ ਦੇ ਨਾਮ ‘ਤੇ ਕਿਸਾਨਾਂ ਨਾਲ ਕਿਸੇ ਵੀ ਤਰ੍ਹਾਂ ਦੀ ਮਨਮਾਨੀ ਕੀਤੀ ਜਾਂਦੀ ਹੈ, ਤਾਂ ਇਸਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਸਰਕਾਰ ਇਸ ਦੇ ਖਿਲਾਫ਼ ਸਖ਼ਤ ਕਾਰਵਾਈ ਕਰੇਗੀ।
ਮੰਡੀ ਬੋਰਡ ਅਨੁਸਾਰ ਮੰਡੀਆਂ ਵਿੱਚ ਬਿਜਲੀ, ਪੀਣ ਵਾਲੇ ਪਾਣੀ ਸਮੇਤ ਹੋਰ ਜ਼ਰੂਰੀ ਪ੍ਰਬੰਧ ਕੀਤੇ ਗਏ ਹਨ। ਸਰਕਾਰ ਨੇ ਹੜ੍ਹ ਪ੍ਰਭਾਵਿਤ ਸਾਰੀਆਂ ਅਨਾਜ ਮੰਡੀਆਂ ਨੂੰ ਮੁੜ ਚਾਲੂ ਕਰਨ ਲਈ ਇੱਕ ਵਿਸ਼ੇਸ਼ ਮੁਹਿੰਮ ਵੀ ਸ਼ੁਰੂ ਕੀਤੀ ਹੈ, ਤਾਂ ਜੋ ਖੜ੍ਹੇ ਪਾਣੀ ਅਤੇ ਗਾਰੇ ਨੂੰ ਹਟਾ ਕੇ, ਸੂਬੇ ‘ਚ ਸਾਰੀਆਂ ਮੰਡੀਆਂ ਨੂੰ 19 ਸਤੰਬਰ ਤੱਕ ਖਰੀਦ ਸੀਜ਼ਨ ਲਈ ਪੂਰੀ ਤਰ੍ਹਾਂ ਕਾਰਜਸ਼ੀਲ ਬਣਾਇਆ ਜਾ ਸਕੇ।